ਸੀਵਰੇਜ ਵਰਕਰਜ਼ ਯੂਨੀਅਨ ਦੀ ਹੜਤਾਲ ਜਾਰੀ
ਸੀਵਰੇਜ ਵਰਕਰਜ਼ ਯੂਨੀਅਨ ਦੀ ਹੜਤਾਲ ਤੀਜੇ ਦਿਨ ਵੀ ਜਾਰੀ
Publish Date: Thu, 29 Jan 2026 04:21 PM (IST)
Updated Date: Thu, 29 Jan 2026 04:22 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸੀਵਰੇਜ ਵਰਕਰ ਯੂਨੀਅਨ ਵੱਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ। ਜਿਸ ਕਾਰਨ ਸ਼ਹਿਰ ਦੀ ਸੀਵਰੇਜ ਅਤੇ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਹੜਤਾਲ ਦੌਰਾਨ ਸ਼ਹਿਰ ਦੇ ਕਈ ਮੁੱਖ ਬਾਜ਼ਾਰਾਂ, ਰਿਹਾਇਸ਼ੀ ਇਲਾਕਿਆਂ ਅਤੇ ਗਲੀਆਂ ਵਿਚ ਸੀਵਰੇਜ ਜਾਮ ਹੋਣ ਕਾਰਨ ਗੰਦਲਾ ਪਾਣੀ ਸੜਕਾਂ ’ਤੇ ਖੜ੍ਹਾ ਹੋ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰ ਪਾਸੇ ਫੈਲੀ ਬਦਬੂ ਕਾਰਨ ਦੁਕਾਨਦਾਰਾਂ, ਰਾਹਗੀਰਾਂ ਅਤੇ ਸਥਾਨਕ ਵਸਨੀਕਾਂ ਦੀ ਜ਼ਿੰਦਗੀ ਬਦ ਤੋਂ ਬਦਤਰ ਹੋ ਗਈ ਹੈ। ਯੂਨੀਅਨ ਨੇ ਆਪਣੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਨਗਰ ਨਿਗਮ ਬਠਿੰਡਾ ਦੇ ਦਫ਼ਤਰ ਦੇ ਬਾਹਰ ਰੋਸ ਧਰਨਾ ਜਾਰੀ ਰੱਖਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਕਈ ਵਾਰ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾ ਚੁੱਕੇ ਹਨ, ਪਰ ਹਾਲੇ ਤਕ ਕੋਈ ਠੋਸ ਹੱਲ ਨਹੀਂ ਨਿਕਲਿਆ। ਜਿਸ ਕਾਰਨ ਕਰਮਚਾਰੀਆਂ ਨੂੰ ਹੜਤਾਲ ਕਰਨ ਲਈ ਮਜਬੂਰ ਹੋਣਾ ਪਿਆ। ਯੂਨੀਅਨ ਦੇ ਅਗੂਆਂ ਮੁਤਾਬਿਕ ਬਠਿੰਡਾ ਸ਼ਹਿਰ ਦੀ ਆਬਾਦੀ ਲਗਾਤਾਰ ਵੱਧ ਰਹੀ ਹੈ, ਪਰ ਸੀਵਰੇਜ ਕਰਮਚਾਰੀਆਂ ਦੀ ਗਿਣਤੀ ਬਹੁਤ ਘੱਟ ਹੈ। ਕਰਮਚਾਰੀਆਂ ’ਤੇ ਕੰਮ ਦਾ ਬੋਝ ਬਹੁਤ ਹੈ, ਜਿਸ ਕਾਰਨ ਸਮੇਂ ਸਿਰ ਸੀਵਰੇਜ ਦੀ ਸਫਾਈ ਅਤੇ ਮੁਰੰਮਤ ਨਹੀਂ ਹੋ ਪਾ ਰਹੀ। ਯੂਨੀਅਨ ਦੀ ਮੁੱਖ ਮੰਗ ਹੈ ਕਿ ਵਧਦੀ ਆਬਾਦੀ ਨੂੰ ਧਿਆਨ ਵਿਚ ਰੱਖਦਿਆਂ ਘੱਟੋ-ਘੱਟ 200 ਨਵੇਂ ਸੀਵਰੇਜ ਕਰਮਚਾਰੀਆਂ ਦੀ ਭਰਤੀ ਕੀਤੀ ਜਾਵੇ, ਸੇਵਾਮੁਕਤ ਕਰਮਚਾਰੀਆਂ ਦੇ ਪੈਂਡਿੰਗ ਬਕਾਏ, ਪੈਨਸ਼ਨ ਅਤੇ ਹੋਰ ਬਕਾਇਆ ਰਕਮ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਦਾ ਇਹ ਵੀ ਮੰਗ ਹੈ ਕਿ ਸੀਵਰੇਜ ਕਰਮਚਾਰੀਆਂ ਨੂੰ ਐਕਟਿੰਗ ਮੇਟ ਬਣਾਇਆ ਜਾਵੇ, ਕੱਚੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇ ਅਤੇ ਉਨ੍ਹਾਂ ਲਈ ਸਥਾਈ ਹਾਜ਼ਰੀ ਪੁਆਇੰਟ ਦੀ ਵਿਵਸਥਾ ਕੀਤੀ ਜਾਵੇ। ਯੂਨੀਅਨ ਦੇ ਅਗੂਆਂ ਨੇ ਦੱਸਿਆ ਕਿ ਖੁੱਲ੍ਹੀਆਂ ਥਾਵਾਂ ’ਤੇ ਹਾਜ਼ਰੀ ਲਗਾਉਣ ਨਾਲ ਕਰਮਚਾਰੀਆਂ ਨੂੰ ਸਰਦੀ, ਗਰਮੀ ਅਤੇ ਮੀਂਹ ਦੌਰਾਨ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਕੱਚੇ ਕਰਮਚਾਰੀਆਂ ਨੂੰ ਜਲਦੀ ਵਰਦੀਆਂ ਮੁਹੱਈਆ ਕਰਵਾਉਣ ਅਤੇ ਸੀਵਰੇਜ ਵਿਭਾਗ ਵਿੱਚ ਖਾਲੀ ਅਹੁਦਿਆਂ ਨੂੰ ਤੁਰੰਤ ਭਰਨ ਦੀ ਮੰਗ ਵੀ ਦੁਹਰਾਈ ਗਈ। ਇਸ ਹੜਤਾਲ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਵਰੇਜ ਜਾਮ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਮੁੱਖ ਬਾਜ਼ਾਰਾਂ ਵਿਚ ਦੁਕਾਨਾਂ ਦੇ ਸਾਹਮਣੇ ਗੰਦਲਾ ਪਾਣੀ ਖੜਾ ਹੋਣ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਬਦਬੂ ਅਤੇ ਗੰਦਗੀ ਕਾਰਨ ਗਾਹਕ ਬਾਜ਼ਾਰਾਂ ਵੱਲ ਆਉਣ ਤੋਂ ਕਤਰਾਉਣ ਲੱਗ ਪਏ ਹਨ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਜਲਦੀ ਕੋਈ ਠੋਸ ਕਾਰਵਾਈ ਨਾ ਕੀਤੀ ਗਈ, ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਗੇਟ ਰੈਲੀਆਂ, ਰੋਸ ਪ੍ਰਦਰਸ਼ਨ, ਪੂਰਨ ਹੜਤਾਲ ਅਤੇ ਮੋਟਰਾਂ ਬੰਦ ਕਰਨ ਵਰਗੇ ਕਦਮ ਵੀ ਚੁੱਕੇ ਜਾ ਸਕਦੇ ਹਨ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਇਸ ਸਥਿਤੀ ਤੋਂ ਪੈਦਾ ਹੋਣ ਵਾਲੀਆਂ ਸਾਰੀਆਂ ਸਮੱਸਿਆਵਾਂ ਦੀ ਜ਼ਿੰਮੇਵਾਰੀ ਨਗਰ ਨਿਗਮ ਬਠਿੰਡਾ, ਸੀਵਰੇਜ ਬੋਰਡ ਅਤੇ ਪ੍ਰਸ਼ਾਸਨ ਉੱਤੇ ਹੋਵੇਗੀ।