‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਮੁਹਿੰਮ ’ਚ ਹੋਰ ਲਿਆਂਦੀ ਜਾਵੇਗੀ ਤੇਜ਼ੀ : ਡੀਸੀ
ਯੁੱਧ ਨਸ਼ਿਆਂ ਵਿਰੁੱਧ” ਸ਼ੁਰੂ ਕੀਤੀ ਗਈ ਮੁਹਿੰਮ ’ਚ ਹੋਰ ਲਿਆਂਦੀ ਜਾਵੇਗੀ ਤੇਜ਼ੀ : ਡਿਪਟੀ ਕਮਿਸ਼ਨਰ
Publish Date: Thu, 29 Jan 2026 04:54 PM (IST)
Updated Date: Thu, 29 Jan 2026 04:58 PM (IST)

- ਜ਼ਿਲ੍ਹੇ ਦੇ 318 ਪੇਂਡੂ ਖੇਤਰਾਂ ਤੇ 151 ਸ਼ਹਿਰੀ ਖੇਤਰਾਂ ’ਚ ਕੱਢੀਆਂ ਜਾ ਚੁੱਕੀਆਂ ਨੇ ਨਸ਼ਾ ਮੁਕਤੀ ਯਾਤਰਾਵਾਂ - ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸਬੰਧੀ ਕੀਤੀ ਸਮੀਖਿਆ ਬੈਠਕ ਵੀਰਪਾਨ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਫੇਜ਼-2 ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀਆਂ ਸਰਗਰਮੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਮਾਲਵਾ ਜ਼ੋਨ ਦੇ ਇੰਚਾਰਜ ਚੁਸਪਿੰਦਰ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕ ਭਾਗੀਦਾਰੀ ਨੂੰ ਯਕੀਨੀ ਬਣਾਉਂਦੇ ਹੋਏ ਹਰੇਕ ਗ੍ਰਾਮ ਪੰਚਾਇਤ ਅਤੇ ਵਾਰਡ ਵਿੱਚ ਵੀਲੇਜ ਡਿਫੈਂਸ ਕਮੇਟੀ ਅਤੇ ਵਾਰਡ ਡਿਫੈਂਸ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀਆਂ ਜਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਦੀ ਸਹਾਇਤਾ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਮੇਟੀਆਂ ਪਿੰਡਾਂ ਅਤੇ ਵਾਰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰ ਰਹੀਆਂ ਹਨ। ਨਾਲ ਹੀ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਪਛਾਣ ਕਰ ਕੇ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛਡਾਊ ਕੇਂਦਰਾਂ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਦੁਬਾਰਾ ਖੁਸ਼ਹਾਲ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਰਾਜੇਸ਼ ਧੀਮਾਨ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫੇਜ਼-2 ਤਹਿਤ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਅਧੀਨ ਜ਼ਿਲ੍ਹੇ ਦੇ 318 ਪੇਂਡੂ ਖੇਤਰਾਂ ਅਤੇ 151 ਸ਼ਹਿਰੀ ਖੇਤਰਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 2 ਫਰਵਰੀ 2026 ਤੋਂ 6 ਫਰਵਰੀ 2026 ਤੱਕ ਵੀਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਜਾਰੀ ਕੀਤੇ ਟੋਲ ਫਰੀ ਹੈਲਪਲਾਈਨ ਨੰਬਰ 9899100002 ਅਤੇ ਨਸ਼ਾ ਮੁਕਤੀ ਐਪ ਦਾ ਵੱਧ ਤੋਂ ਵੱਧ ਉਪਯੋਗ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਜ਼ੋਨ ਦੇ ਇੰਚਾਰਜ ਚੁਸਪਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਜਨ-ਅੰਦੋਲਨ ਦਾ ਰੂਪ ਦੇਣ ਲਈ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ VDC/WDC ਦੀ ਮਜ਼ਬੂਤੀ ਨਾਲ ਹੀ ਸਮਾਜ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕਦਾ ਹੈ। ਜ਼ਿਲ੍ਹਾ ਪੁਲਿਸ ਮੁਖੀ ਡਾ. ਜਯੋਤੀ ਯਾਦਵ ਬੈਂਸ ਨੇ ਕਿਹਾ ਕਿ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਨਸ਼ਿਆਂ ਦੀ ਸਮੱਗਲਿੰਗ ਅਤੇ ਵਿਕਰੀ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।