ਬੀਬੀਐੱਸ ਇੰਡੋ-ਕੈਨੇਡੀਅਨ ਸਕੂਲ ’ਚ ਗਣਤੰਤਰਤਾ ਦਿਵਸ ਮਨਾਇਆ
ਬੀਬੀਐੱਸ ਇੰਡੋ ਕੈਨੇਡੀਅਨ ਸਕੂਲ ‘ਚ ਗਣਤੰਤਰਤਾ ਦਿਵਸ ਮਨਾਇਆ
Publish Date: Thu, 29 Jan 2026 04:57 PM (IST)
Updated Date: Thu, 29 Jan 2026 04:58 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਐਡਵੋਕੇਟ ਬਾਵਾ ਯਸ਼ਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਚੱਲ ਰਹੀ ਬੀਬੀਐੱਸ ਇੰਡੋ-ਕੈਨੇਡੀਅਨ ਸਕੂਲ ਮਲੂਕਾ ਵਿਚ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ, ਜਿਸ ਦੀ ਰਸਮ ਸਕੂਲ ਪ੍ਰਿੰਸੀਪਲ ਡਾ. ਧਵਨ ਕੁਮਾਰ ਵੱਲੋਂ ਅਦਾ ਕੀਤੀ ਗਈ। ਇਸ ਉਪਰੰਤ ਰਾਸ਼ਟਰ ਗਾਨ ਗਾਇਆ ਗਿਆ ਅਤੇ ਸਾਰੇ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੇ ਦੇਸ਼ ਪ੍ਰਤੀ ਨਿਸ਼ਠਾ ਦੀ ਸਹੁੰ ਚੁੱਕੀ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਭਾਰਤੀ ਸੰਵਿਧਾਨ ਦੀ ਮਹਾਨਤਾ ਅਤੇ ਆਪਣੇ ਅਧਿਕਾਰਾਂ ਨਾਲ ਨਾਲ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਹੀ ਦੇਸ਼ ਦਾ ਭਵਿੱਖ ਹੈ ਅਤੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਅੱਗੇ ਵਧਦਿਆਂ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਗੀਤ, ਕਵਿਤਾਵਾਂ, ਭਾਸ਼ਣ ਅਤੇ ਰੰਗਾਰੰਗ ਸਾਂਸਕ੍ਰਿਤਿਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਨੰਨ੍ਹੇ-ਮੁੰਨੇ ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਖ਼ਾਸ ਆਕਰਸ਼ਣ ਬਣਾਇਆ। ਉਨ੍ਹਾਂ ਕਿਹਾ ਕਿ ਸੰਵਿਧਾਨ ਸਾਨੂੰ ਬਰਾਬਰੀ, ਨਿਆਂ ਅਤੇ ਆਜ਼ਾਦੀ ਦੇ ਅਧਿਕਾਰ ਦਿੰਦਾ ਹੈ ਅਤੇ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਸਮਾਜਿਕ ਜ਼ਿੰਮੇਵਾਰੀ ਅਤੇ ਨੈਤਿਕ ਮੁੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਈਏ। ਸਕੂਲ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਪੂਰਾ ਸਕੂਲ ਪਰਿਵਾਰ ‘ਵੰਦੇ ਮਾਤਰਮ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰਿਆਂ ਨਾਲ ਗੂੰਜ ਉੱਠਿਆ ਅਤੇ ਸਮਾਗਮ ਦੇਸ਼ਭਗਤੀ ਦੇ ਜਜ਼ਬੇ ਨਾਲ ਸੰਪੰਨ ਹੋਇਆ।