- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਥ ਕਾਂਗਰਸ ਚੋਣਾਂ ਲਈ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਵਧਾਈਆਂ ਸਰਗਰਮੀਆਂ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਪੰਜਾਬ ਯੂਥ ਕਾਂਗਰਸ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਤਲਵੰਡੀ ਸਾਬੋ ਵਿਖੇ ਯੂਥ ਕਾਂਗਰਸੀ ਨੌਜਵਾਨਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਬਲਾਕ ਪ੍ਰਧਾਨ, ਹਲਕਾ ਪ੍ਰਧਾਨ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਵੱਖ-ਵੱਖ ਅਹੁਦੇਦਾਰਾਂ ਦੇ ਨਾਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜਨ ਖੜਗੇ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੂਰੀ ਹਮਾਇਤ ਹਾਸਲ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਹੀ ਉਮੀਦਵਾਰ ਬਣਾਇਆ ਜਾਵੇਗਾ। ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਯੂਥ ਕਾਂਗਰਸ ਚੋਣਾਂ ਵਿਚ ਉਨ੍ਹਾਂ ਦੇ ਸਮਰਥਨ ਨਾਲ ਵੱਧ ਤੋਂ ਵੱਧ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਲਈ ਉਨ੍ਹਾਂ ਵੱਲੋਂ ਬਲਜੀਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਅਹੁਦੇ ਲਈ, ਗੁਰਪ੍ਰੀਤ ਸਿੰਘ ਨੂੰ ਰਾਮਾਂ ਮੰਡੀ ਬਲਾਕ ਲਈ, ਮਨਪ੍ਰੀਤ ਸਿੰਘ ਨੂੰ ਤਲਵੰਡੀ ਸਾਬੋ ਬਲਾਕ ਲਈ ਅਤੇ ਬਲਦੀਪ ਸਿੰਘ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਲਈ ਉਮੀਦਵਾਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤਕ ਤਲਵੰਡੀ ਸਾਬੋ ਤੋਂ ਰਹੇ ਕਾਂਗਰਸ ਪਾਰਟੀ ਦੇ ਵਿਧਾਇਕ ਜਾਂ ਹਲਕਾ ਇੰਚਾਰਜ ਬਾਹਰੀ ਇਲਾਕਿਆਂ ਤੋਂ ਸਨ, ਪਰ ਇਸ ਵਾਰ ਲੋਕ ਇਕ ਲੋਕਲ ਉਮੀਦਵਾਰ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਲ ਹੋਣ ਕਰ ਕੇ ਉਨ੍ਹਾਂ ਨੂੰ ਹਲਕਾ ਤਲਵੰਡੀ ਸਾਬੋ ਦੇ ਲੋਕਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਚਾਹੁੰਦੇ ਹਨ ਕਿ ਕਾਂਗਰਸ ਪਾਰਟੀ ਇਸ ਵਾਰ ਤਲਵੰਡੀ ਸਾਬੋ ਦੇ ਆਪਣੇ ਬੰਦੇ ਨੂੰ ਹੀ ਟਿਕਟ ਦੇਵੇ। ਇਸ ਦੌਰਾਨ ਗਣਤੰਤਰ ਦਿਵਸ ਮੌਕੇ ਮੌੜ ਮੰਡੀ ਵਿਚ ਹੋਏ ਸਮਾਗਮ ਦੌਰਾਨ ਵਾਪਰੀ ਘਟਨਾ ’ਤੇ ਟਿੱਪਣੀ ਕਰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਆਮ ਆਦਮੀ ਪਾਰਟੀ ਅਤੇ ਮੌਜੂਦਾ ਸੂਬਾ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਮੌੜ ਤੋਂ ਐੱਮਐੱਲਏ ਦੇ 30 ਲੱਖ ਰੁਪਏ ਵਿਚ ਵਿਕਣ ਦੀਆਂ ਖਬਰਾਂ ਨੇ ਸਰਕਾਰ ਦੀ ਨੈਤਿਕਤਾ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਸੱਤਾ ਦੇ ਨਸ਼ੇ ਵਿਚ ਲੋਕਾਂ ਨਾਲ ਧੋਖਾ ਕਰ ਰਹੀ ਹੈ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਇਸ ਮੌਕੇ ਹਰਦੀਪ ਸਿੰਘ ਭਾਗੀਵਾਂਦਰ, ਵਿਕਾਸ ਸ਼ਰਮਾ, ਸ਼ਵਿੰਦਰ ਕੁਮਾਰ, ਰਣਜੀਤ ਕੌਰੇਆਣਾ, ਜਸਵੀਰ ਜੱਸੀ ਭਾਗੀਵਾਂਦਰ, ਤਾਜ ਲਾਲੇਆਣਾ, ਜਸ਼ਮਨ ਗਿੱਲ, ਵਿੱਕੀ ਤਲਵੰਡੀ ਸਾਬੋ, ਵਿਸ਼ਾਲਦੀਪ ਮੁਲਤਾਨੀ ਅਤੇ ਸਤਪਾਲ ਤਲਵੰਡੀ ਸਾਬੋ ਸਮੇਤ ਹੋਰ ਕਾਂਗਰਸੀ ਆਗੂ ਅਤੇ ਯੂਥ ਵਰਕਰ ਆਦਿ ਹਾਜ਼ਰ ਸਨ।