ਬਠਿੰਡਾ ਵਿਖੇ ਮੁਫ਼ਤ ਮੈਡੀਕਲ ਤੇ ਕਾਨੂੰਨੀ ਕੈਂਪ 3 ਨੂੰ
ਬਠਿੰਡਾ ‘ਚ ਮੁਫ਼ਤ ਮੈਡੀਕਲ ਤੇ ਕਾਨੂੰਨੀ ਕੈਂਪ 3 ਨੂੰ
Publish Date: Sat, 31 Jan 2026 04:55 PM (IST)
Updated Date: Sun, 01 Feb 2026 04:05 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਦੀਆਂ ਹਦਾਇਤਾਂ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮ “ਸਾਡੇ ਬਜ਼ੁਰਗ ਸਾਡਾ ਮਾਣ” ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 3 ਫਰਵਰੀ (ਮੰਗਲਵਾਰ) ਨੂੰ ਸਵੇਰੇ 9:30 ਵਜੇ ਸਥਾਨਕ ਬਲਵੰਤ ਗਾਰਗੀ ਆਡੀਟੋਰੀਅਮ ਹਾਲ, ਨੇੜੇ ਰੋਜ਼ ਗਾਰਡਨ ਵਿਖੇ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਇਕ ਵਿਸ਼ੇਸ਼ ਮੁਫ਼ਤ ਮੈਡੀਕਲ ਸਿਹਤ ਚੈੱਕਅੱਪ ਤੇ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਿਹਤ ਅਤੇ ਕਾਨੂੰਨੀ ਸਹਾਇਤਾ ਸਬੰਧੀ ਇਕ ਹੀ ਥਾਂ ’ਤੇ ਮੁਫ਼ਤ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਏਡੀਸੀ ਨੇ ਅੱਗੇ ਦੱਸਿਆ ਕਿ ਕੈਂਪ ਦੌਰਾਨ ਬਜ਼ੁਰਗ ਨਾਗਰਿਕਾਂ ਦੀਆਂ ਵੱਖ-ਵੱਖ ਬਿਮਾਰੀਆਂ ਸਬੰਧੀ ਵਿਸਥਾਰਪੂਰਵਕ ਮੈਡੀਕਲ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸਦੇ ਨਾਲ-ਨਾਲ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਕਾਨੂੰਨੀ ਮਸਲਿਆਂ ਬਾਰੇ ਜਾਣਕਾਰੀ ਦੇਣ ਲਈ ਮੁਫ਼ਤ ਕਾਨੂੰਨੀ ਸਹਾਇਤਾ ਵੀ ਉਪਲਬਧ ਕਰਵਾਈ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਭਰ ਦੇ ਬਜ਼ੁਰਗ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੈਂਪ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਹ ਕਦਮ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਅਤੇ ਸਮਾਜਿਕ ਸਨਮਾਨ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਉਪਰਾਲਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਗਗਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਮੌੜ ਸੁਖਰਾਜ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੈਡਮ ਅਰਸ਼ਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪੰਕਜ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।