ਸੜਕ ਹਾਦਸੇ ’ਚ ਤਿੰਨ ਵਿਅਕਤੀ ਜ਼ਖ਼ਮੀ
ਸੜਕ ਹਾਦਸੇ ਵਿਚ ਤਿੰਨ ਵਿਅਕਤੀ ਜਖਮੀ
Publish Date: Mon, 02 Feb 2026 05:30 PM (IST)
Updated Date: Tue, 03 Feb 2026 04:08 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਅੱਜ ਸਵੇਰੇ ਸਥਾਨਕ ਜੀਟੀ ਰੋਡ ’ਤੇ ਫੌਜੀ ਚੌਕ ਨੇੜੇ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਪੈਦਲ ਜਾ ਰਹੇ ਤਿੰਨ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ’ਚ ਤਿੰਨ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਵਿਅਕਤੀ ਬਿਹਾਰ ਤੋਂ ਆਏ ਹੋਏ ਸਨ ਅਤੇ ਰਾਮਾ ਮੰਡੀ ਵਿੱਚ ਕੰਮ ਲਈ ਜਾਣਾ ਸੀ ਅਤੇ ਉਹ ਸੜਕ ਕੰਢੇ ਪੈਦਲ ਜਾ ਰਹੇ ਸਨ। ਹਾਦਸੇ ਤੋਂ ਬਾਅਦ ਤਿੰਨੋਂ ਵਿਅਕਤੀ ਸੜਕ ’ਤੇ ਡਿੱਗ ਪਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੀ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਸਹਾਰਾ ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਤਿੰਨੇ ਜ਼ਖ਼ਮੀਆਂ ਨੂੰ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਜ਼ਖ਼ਮੀਆਂ ਦੀ ਪਛਾਣ ਸੰਜੇ ਪੁੱਤਰ ਖਲਾਤ (ਉਮਰ 30 ਸਾਲ), ਗੋਪਾਲ ਪੁੱਤਰ ਸੁਰਿੰਦਰ (ਉਮਰ 40 ਸਾਲ) ਤੇ ਤੀਰੋ ਪੁੱਤਰ ਸ਼ਾਮ (ਉਮਰ 51 ਸਾਲ) ਵਾਸੀ ਬਿਹਾਰ ਵਜੋਂ ਹੋਈ ਹੈ। ਪੁਲਿਸ ਵੱਲੋਂ ਫ਼ਰਾਰ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।