ਪੰਜਾਬ ਦੇ ਲੋਕ ਤੀਰਥ ਯਾਤਰਾ ਦਾ ਲੈ ਰਹੇ ਨੇ ਲਾਭ : ਚੇਅਰਮੈਨ ਭੱਲਾ
ਮਲੂਕਾ ‘ਚ ਮੁੱਖ ਮੰਤਰੀ ਯਾਤਰਾ ਯੋਜਨਾ ਦੀ ਰਜਿਸਟਰੇਸ਼ਨ ਦੀ ਸ਼ੁਰੂਆਤ
Publish Date: Tue, 03 Feb 2026 05:14 PM (IST)
Updated Date: Wed, 04 Feb 2026 04:05 AM (IST)
-ਮਲੂਕਾ ‘ਚ ਮੁੱਖ ਮੰਤਰੀ ਯਾਤਰਾ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਯਾਤਰਾ ਯੋਜਨਾ ਦੀ ਰਜਿਸਟਰੇਸ਼ਨ ਦੀ ਸ਼ੁਰੂਆਤ ਪਿੰਡ ਮਲੂਕਾ ਵਿਚ ਕੀਤੀ ਗਈ। ਇਸ ਮੌਕੇ ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ ਨੇ ਯੋਜਨਾ ਦੇ ਰਜਿਸਟਰੇਸ਼ਨ ਕੰਮ ਦੀ ਰਸਮੀ ਸ਼ੁਰੂਆਤ ਕਰਵਾਈ। ਭੱਲਾ ਨੇ ਕਿਹਾ ਕਿ ਮੁੱਖ ਮੰਤਰੀ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਹਜ਼ਾਰਾਂ ਲੋਕ ਮੁਫ਼ਤ ਤੀਰਥ ਯਾਤਰਾ ਦਾ ਲਾਭ ਲੈ ਰਹੇ ਹਨ ਅਤੇ ਇਸ ਯੋਜਨਾ ਨੂੰ ਲੈ ਕੇ ਆਮ ਲੋਕਾਂ ਵਿਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ।
ਚੇਅਰਮੈਨ ਭੱਲਾ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਇਹ ਹੈ ਕਿ ਹਰ ਵਰਗ ਦਾ ਵਿਅਕਤੀ, ਖ਼ਾਸ ਕਰਕੇ ਗਰੀਬ ਅਤੇ ਮੱਧ ਵਰਗ, ਦੇਸ਼ ਦੇ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕੇ। ਸਰਕਾਰ ਵੱਲੋਂ ਯਾਤਰਾ, ਰਿਹਾਇਸ਼ ਤੇ ਖਾਣ-ਪੀਣ ਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਆਰਥਿਕ ਬੋਝ ਤੋਂ ਮੁਕਤੀ ਮਿਲੀ ਹੈ। ਇਸ ਮੌਕੇ ਪਿੰਡ ਮਲੂਕਾ ਤੇ ਨੇੜਲੇ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਲੋਕ ਰਜਿਸਟ੍ਰੇਸ਼ਨ ਕਰਵਾਉਣ ਲਈ ਪਹੁੰਚੇ। ਲੋਕਾਂ ਅਨੁਸਾਰ ਇਸ ਤਰ੍ਹਾਂ ਦੀ ਯੋਜਨਾ ਪਹਿਲੀ ਵਾਰ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ, ਜਿਸ ਨਾਲ ਉਨ੍ਹਾਂ ਦਾ ਸਾਲਾਂ ਪੁਰਾਣਾ ਤੀਰਥ ਯਾਤਰਾ ਦਾ ਸੁਪਨਾ ਪੂਰਾ ਹੋ ਰਿਹਾ ਹੈ। ਰਜਿਸਟਰੇਸ਼ਨ ਕੈਂਪ ਦੌਰਾਨ ਮੁਲਾਜ਼ਮਾਂ ਵੱਲੋਂ ਲੋਕਾਂ ਨੂੰ ਯੋਜਨਾ ਦੀ ਪੂਰੀ ਜਾਣਕਾਰੀ ਦਿੱਤੀ ਗਈ।
ਇਸ ਦੌਰਾਨ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਇਸ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣ ਰਹੇ ਸਿਹਤ ਬੀਮਾ ਕਾਰਡਾਂ ਦਾ ਵੀ ਜਾਇਜਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਯੋਗ ਪਰਿਵਾਰ ਦਾ ਬੀਮਾ ਕਾਰਡ ਸਮੇਂ ਸਿਰ ਬਣਾਇਆ ਜਾਵੇ ਤਾਂ ਜੋ ਕੋਈ ਵੀ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਨਾਲ ਲੋਕਾਂ ਨੂੰ ਮਹਿੰਗੇ ਇਲਾਜ ਦੀ ਚਿੰਤਾ ਤੋਂ ਰਾਹਤ ਮਿਲੀ ਹੈ ਅਤੇ ਲੱਖਾਂ ਰੁਪਏ ਤਕ ਦਾ ਮੁਫ਼ਤ ਇਲਾਜ ਸੰਭਵ ਹੋਇਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾਣ, ਤਾਂ ਜੋ ਲੋਕ ਸਰਕਾਰੀ ਯੋਜਨਾਵਾਂ ਬਾਰੇ ਜਾਣੂ ਹੋ ਸਕਣ। ਚੇਅਰਮੈਨ ਭੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਯੋਜਨਾਵਾਂ ਰਾਹੀਂ ਆਮ ਆਦਮੀ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਇਸ ਮੌਕੇ ਗੁਰਸੇਵਕ ਸਿੰਘ ਪ੍ਰਧਾਨ ਨਸ਼ਾ ਛਡਾਊ ਕਮੇਟੀ, ਹਰਕਮਲਪ੍ਰੀਤ ਸਿੰਘ ਪ੍ਰਧਾਨ,ਬਲਜੀਤ ਸਿੰਘ, ਹਰਿੰਦਰ ਸਿੰਘ, ਚਰਨਜੀਤ ਸਿੰਘ, ਗੁਰਸਾਹਿਬ ਸਿੰਘ ਤੇ ਭੂਰਾ ਸਿੰਘ ਹਾਜ਼ਰ ਸਨ।