ਸੀਐੱਮ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਬਣੀ ਵਰਦਾਨ : ਵਿਧਾਇਕ ਗਿੱਲ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਹੋ ਰਹੀ ਹੈ ਵਰਦਾਨ ਸਾਬਤ : ਵਿਧਾਇਕ ਗਿੱਲ
Publish Date: Tue, 03 Feb 2026 05:53 PM (IST)
Updated Date: Wed, 04 Feb 2026 04:05 AM (IST)
-ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਹੈ ਲੋਕ-ਹਿਤੈਸ਼ੀ : ਚੇਅਰਮੈਨ ਰਾਕੇਸ਼ ਪੁਰੀ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਨਾਮਦੇਵ ਰੋਡ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕਰਨ ਮੌਕੇ ਕੀਤਾ। ਇਸ ਦੌਰਾਨ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਇਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸੇ ਤਰ੍ਹਾਂ ਹਲਕਾ ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਿੰਡ ਪਿੱਥੋ ਤੋਂ ਤੀਰਥ ਯਾਤਰਾ ਲਈ ਬੱਸ ਨੂੰ ਰਵਾਨਾ ਕੀਤਾ ਗਿਆ। ਇਹ ਯੋਜਨਾ ਸਿਰਫ਼ ਧਾਰਮਿਕ ਯਾਤਰਾ ਹੀ ਨਹੀਂ, ਸਗੋਂ ਲੋਕਾਂ ਨੂੰ ਆਪਸੀ ਭਾਈਚਾਰੇ ਤੇ ਸਾਂਝੀਵਾਲਤਾ ਦੇ ਸੁਨੇਹੇ ਨਾਲ ਵੀ ਜੋੜਦੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ। ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਮਹਿਮਾ ਸਵਾਈ ਤੋਂ ਚੇਅਰਮੈਨ ਸ੍ਰੀ ਰਾਕੇਸ਼ ਪੁਰੀ ਵੱਲੋਂ ਵੀ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ ਗਿਆ। ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਲੋਕ-ਹਿਤੈਸ਼ੀ ਸਕੀਮ ਹਰ ਵਰਗ ਦੇ ਲੋਕਾਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ। ਇਸੇ ਤਰ੍ਹਾਂ ਹੀ ਬਠਿੰਡਾ (ਦਿਹਾਤੀ) ਦੇ ਪਿੰਡ ਬਹਿਮਣ ਦੀਵਾਨਾ, ਹਲਕਾ ਰਾਮਪੁਰਾ ਫੂਲ ਦੇ ਪਿੰਡ ਸਿਰੀਏਵਾਲਾ ਤੇ ਤਲਵੰਡੀ ਸਾਬੋ ਦੇ ਪਿੰਡ ਸੁਖਲੱਧੀ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ ਕੀਤੀਆਂ ਗਈਆਂ। ਸੂਬਾ ਸਰਕਾਰ ਦੀ ਇਸ ਪਹਿਲ ਨਾਲ ਸ਼ਰਧਾਲੂਆਂ ਵਿੱਚ ਖੁਸ਼ੀ ਅਤੇ ਸੰਤੁਸ਼ਟੀ ਦਾ ਮਾਹੌਲ ਹੈ ਤੇ ਲੋਕ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ।