ਵਾਰਡ-13 ’ਚ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਉਦਘਾਟਨ
ਵਾਰਡ ਨੰਬਰ 13 ਵਿੱਚ 5 ਕਰੋੜ ਰੁਪਏ ਦੇ ਇੰਟਰਲਾਕਿੰਗ ਟਾਈਲਾਂ ਦੇ ਕੰਮ ਦਾ ਉਦਘਾਟਨ
Publish Date: Wed, 04 Feb 2026 06:12 PM (IST)
Updated Date: Thu, 05 Feb 2026 04:05 AM (IST)
ਮੇਅਰ ਮਹਿਤਾ ਨੇ ਵਾਰਡ ਦੀਆਂ ਮਾਤਾਵਾਂ ਦੇ ਹੱਥੋਂ ਸ਼ੁਰੂ ਕਰਵਾਇਆ ਕੰਮ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦੇ ਹੋਏ, ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ-13 ਵਿੱਚ ਕੈਂਟ ਰੋਡ, ਰਿੰਗ ਰੋਡ ਨੇੜੇ ਰਾਮਲੀਲਾ ਗਰਾਊਂਡ ਵਿਖੇ ਲਗਭਗ 5 ਕਰੋੜ ਰੁਪਏ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਮੇਅਰ ਨੇ ਵਾਰਡ ਦੀਆਂ ਮਾਤਾਵਾਂ ਅਤੇ ਭੈਣਾਂ ਹੱਥੋਂ ਟੱਕ ਲਗਵਾ ਕੇ ਕੰਮ ਦਾ ਰਸਮੀ ਉਦਘਾਟਨ ਕੀਤਾ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਪਾਲੀ, ਗੁਰਬਿੰਦਰ ਸਿੰਘ, ਮਨਜੀਤ ਮੌੜ ਅਤੇ ਵਰਿੰਦਰ ਦੀ ਅਗਵਾਈ ਹੇਠ ਆਯੋਜਿਤ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਮੇਅਰ ਮਹਿਤਾ ਨੇ ਕਿਹਾ ਕਿ ਲਗਭਗ 15 ਸਾਲਾਂ ਬਾਅਦ ਇਸ ਖੇਤਰ ਵਿੱਚ ਇੰਟਰਲਾਕਿੰਗ ਟਾਈਲਾਂ ਦਾ ਕੰਮ ਸ਼ੁਰੂ ਹੋਇਆ ਹੈ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਕਾਇਆ ਕਲਪ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਨੂੰ ਸਮੱਸਿਆ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਸਰਕਾਰ ਆਮ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ 'ਤੇ ਜ਼ੋਰ ਦਿੰਦੇ ਹੋਏ ਮੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਜਲਦੀ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਪੰਜਾਬੀਆਂ ਦੀਆਂ ਤਕਲੀਫਾਂ ਨੂੰ ਸਮਝਿਆ ਹੈ। ‘ਆਪ’ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀਆਂ ਦੇ ਪੁੱਤਰ ਵਾਂਗ ਸੇਵਾ ਕਰ ਰਹੇ ਹਨ। ਮੇਅਰ ਨੇ ਕਿਹਾ ਕਿ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਤੇ ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਅਤੇ ਤੰਦਰੁਸਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਏਗੀ।