ਨਸ਼ੀਲੇ ਪਦਾਰਥਾਂ ਸਮੇਤ ਸੱਤ ਵਿਅਕਤੀ ਗ੍ਰਿਫ਼ਤਾਰ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਸੱਤ ਵਿਅਕਤੀ ਗ੍ਰਿਫਤਾਰ
Publish Date: Thu, 05 Feb 2026 05:38 PM (IST)
Updated Date: Thu, 05 Feb 2026 05:41 PM (IST)

- 19.95 ਗ੍ਰਾਮ ਹੈਰੋਇਨ, 90 ਨਸ਼ੇ ਦੀਆਂ ਗੋਲੀਆਂ, ਢਾਈ ਕਿਲੋ ਭੁੱਕੀ ਬਰਾਮਦ ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 19.95 ਗ੍ਰਾਮ ਹੈਰੋਇਨ, 90 ਨਸ਼ੇ ਦੀਆਂ ਗੋਲੀਆਂ, 7 ਲੀਟਰ ਨਾਜਾਇਜ਼ ਸ਼ਰਾਬ ਅਤੇ 2 ਕਿਲੋ 500 ਗ੍ਰਾਮ ਭੁੱਕੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਭਾਗੂ ਰੋਡ ’ਤੇ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 10.75 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਸਾਗਰ ਵਾਸੀ ਧੋਬੀਆਨਾ ਬਸਤੀ ਵਜੋਂ ਹੋਈ ਹੈ। ਇਸ ਤਰ੍ਹਾਂ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਦਾ ਸਿਵਲ ਹਸਪਤਾਲ ਬਠਿੰਡਾ ਤੋਂ ਡੋਪ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਦਿਆਲਪੁਰਾ ਭਾਈ ਕਾ ਵਿੱਚ ਛਾਪੇਮਾਰੀ ਕਰਦਿਆਂ ਬਲਜੀਤ ਸਿੰਘ ਨੂੰ 40 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਜਦੋਂਕਿ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਅਵਤਾਰ ਸਿੰਘ ਪੁੱਤਰ ਮੱਖਣ ਸਿੰਘ ਬਾਸੀ ਕੋਠੇ ਰਥੜੀਆ ਨੂੰ ਸੱਤ ਲੀਟਰ ਨਾਜਾਇਜ਼ ਸ਼ਰਾਬ ਸਮੇਤ ਫੜਿਆ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਜਿਉਂਦ ਵਿੱਚ ਛਾਪੇਮਾਰੀ ਕਰਦਿਆਂ ਲਵਪ੍ਰੀਤ ਸਿੰਘ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਹਰਕਿਸ਼ਨਪੁਰਾ ਵਿੱਚ ਛਾਪੇਮਾਰੀ ਕਰਦਿਆਂ ਜਸ਼ਨਦੀਪ ਸਿੰਘ ਨੂੰ 2 ਕਿਲੋ 500 ਗ੍ਰਾਮ ਭੁੱਕੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਤਰ੍ਹਾਂ ਥਾਣਾ ਮੌੜ ਮੰਡੀ ਦੀ ਪੁਲਿਸ ਨੇ ਪਿੰਡ ਬੁਰਜ ਵਿੱਚ ਛਾਪੇਮਾਰੀ ਕਰਦਿਆਂ ਪਰਗਟ ਸਿੰਘ ਨੂੰ 50 ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਜਦੋਂਕਿ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਕਮਾਲੂ ਰੋਡ ’ਤੇ ਇੱਕ ਸ਼ੱਕੀ ਵਿਅਕਤੀ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3.20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਮੰਗੂ ਖਾਨ ਵਾਸੀ ਰਾਮਾ ਪਿੰਡ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।