ਬੀਕੇਯੂ ਡਕੌਂਦਾ ਵੱਲੋਂ ਵਰਕਰਾਂ ਤੇ ਆਗੂਆਂ ’ਤੇ ਜ਼ੁਲਮ ਦੀ ਨਿਖੇਧੀ
ਬੀਕੇਯੂ ਡਕੌਂਦਾ ਵੱਲੋਂ ਬੀਕੇਯੂ ਉਗਰਾਹਾਂ ਦੇ ਵਰਕਰਾਂ ਅਤੇ ਆਗੂਆਂ ਤੇ ਜਬਰ ਦੀ ਨਿਖੇਧੀ
Publish Date: Fri, 06 Feb 2026 06:56 PM (IST)
Updated Date: Sat, 07 Feb 2026 04:08 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਉਗਰਾਹਾਂ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਉੱਤੇ ਪੰਜਾਬ ਸਰਕਾਰ ਵੱਲੋਂ ਕੀਤੇ ਜ਼ਬਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਚਾਉਕੇ ਸਕੂਲ ਦੇ ਮਸਲੇ ਵਿੱਚ ਉਗਰਾਹਾਂ ਜਥੇਬੰਦੀ ਦੇ ਆਗੂਆਂ ਨੂੰ ਕਈ ਮਹੀਨਿਆਂ ਤੋਂ ਨਜਾਇਜ਼ ਤੌਰ ’ਤੇ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਉਗਰਾਹਾਂ ਜਥੇਬੰਦੀ ਵੱਲੋਂ ਉਨ੍ਹਾਂ ਦੀ ਰਿਹਾਈ ਵਾਸਤੇ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਸੀ ,ਜਿਸ ਕਾਰਨ ਰਾਤ ਨੂੰ ਹੀ ਉਨ੍ਹਾਂ ਦੇ ਬਹੁਤ ਸਾਰੇ ਆਗੂ ਗ੍ਰਿਫ਼ਤਾਰ ਕਰ ਲਏ ਹਨ। ਅੱਜ ਵੱਖ-ਵੱਖ ਥਾਵਾਂ ਤੋਂ ਬਠਿੰਡਾ ਵੱਲ ਵੱਧ ਰਹੇ ਕਿਸਾਨ ਕਾਫਲਿਆਂ ’ਤੇ ਲਾਠੀ ਚਾਰਜ ਕਰਕੇ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਸੜਕਾਂ ’ਤੇ ਘੇਰ ਕੇ ਬਠਿੰਡਾ ਪਹੁੰਚਣ ਤੋਂ ਰੋਕਿਆ ਗਿਆ ਹੈ। ਇਸ ਨਾਲ ਸੜਕਾਂ ਤੇ ਜਾਮ ਵਰਗੀ ਸਥਿਤੀ ਬਣ ਗਈ ਹੈ। ਸੂਬਾ ਕਮੇਟੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਖੋਹ ਰਹੀ ਹੈ ਅਤੇ ਕਿਸਾਨਾਂ ਨੂੰ ਸੜਕਾਂ ਤੇ ਘੇਰ ਕੇ ਆਮ ਲੋਕਾਂ ਲਈ ਪਰੇਸ਼ਾਨੀ ਦਾ ਸਬੱਬ ਬਣ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸੇ ਵੀ ਕਿਸਾਨ ਜਥੇਬੰਦੀ ਨੂੰ ਇਕੱਲੀ ਨਾ ਸਮਝੇ। ਜੇਕਰ ਕਿਸਾਨਾਂ ਤੇ ਜਬਰ ਬੰਦ ਕਰਕੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੂਰੀ ਤਾਕਤ ਨਾਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਦਦ ਕਰੇਗੀ।