- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਆਗੂਆਂ ਦੀ ਰਿਹਾਈ ਮਾਮਲੇ ’ਚ ਤਿੰਨ ਦਿਨਾਂ ਦਾ ਅਲਟੀਮੇਟਮ

-ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਤੋਂ ਚੁੱਕਿਆ ਧਰਨਾ, ਪੁਲਿਸ ਤੇ ਲੋਕਾਂ ਨੇ ਲਿਆ ਸੁੱਖ ਦਾ ਸਾਹ
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸੰਘਰਸ਼ ਦੌਰਾਨ ਗ੍ਰਿਫ਼ਤਾਰ ਕਰਕੇ ਬਠਿੰਡਾ ਜੇਲ੍ਹ ਵਿੱਚ ਬੰਦ ਕੀਤੇ ਦੋ ਕਿਸਾਨ ਆਗੂਆਂ ਸ਼ਗਨਦੀਪ ਸਿੰਘ ਅਤੇ ਬਲਦੇਵ ਸਿੰਘ ਦੀ ਰਿਹਾਈ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਤਿੰਨ ਦਿਨ ਦੇ ਅਲਟੀਮੇਟ ਬਾਅਦ ਇਕ ਵਾਰ ਮੁਲਤਵੀ ਕਰ ਦਿੱਤਾ ਗਿਆ ਹੈ। ਜੇਕਰ ਜੇਲ੍ਹ ਵਿਚ ਬੰਦ ਦੋਵੇਂ ਕਿਸਾਨ ਆਗੂਆਂ ਨੂੰ ਤਿੰਨ ਦਿਨਾਂ ਦੇ ਅੰਦਰ ਅੰਦਰ ਰਿਹਾਅ ਨਾ ਕੀਤਾ ਗਿਆ ਤਾਂ ਫ਼ਿਰ ਸੰਘਰਸ਼ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।
ਦੂਜੇ ਪਾਸੇ ਭਾਵੇ ਪੁਲਿਸ ਪ੍ਰਸ਼ਾਸਨ ਨਾਲ ਕਿਸਾਨਾਂ ਦੀ ਇਕ ਵਾਰ ਸਹਿਮਤੀ ਬਣ ਗਈ ਹੈ, ਪਰ ਦੂਜੇ ਪਾਸੇ ਸੈਂਕੜੇ ਅਣਪਛਾਤੇ ਕਿਸਾਨਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਕੀਤੀ ਗਈ ਸਖ਼ਤੀ ਕਾਰਨ ਸ਼ਨੀਵਾਰ ਨੂੰ ਮਾਹੌਲ ਇਕ ਵਾਰ ਤਣਾਅਪੂਰਨ ਬਣ ਗਿਆ ਸੀ। ਹਾਲਾਂਕਿ ਦੋਨਾਂ ਧਿਰਾਂ ਵਿਚਕਾਰ ਸਹਿਮਤੀ ਬਣਨ ਉਪਰੰਤ ਕਿਸਾਨਾਂ ਵੱਲੋਂ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੋਂ ਧਰਨਾ ਚੁੱਕ ਲਿਆ ਗਿਆ ਹੈ। ਸਰਕਾਰ ਵੱਲੋਂ ਸੰਘਰਸ਼ ਦੌਰਾਨ ਹਿਰਾਸਤ ਵਿੱਚ ਲਏ ਗਏ ਸੈਂਕੜੇ ਕਿਸਾਨਾਂ ਨੂੰ ਸ਼ੁੱਕਰਵਾਰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। ਇਸਦੇ ਨਾਲ ਹੀ ਕਿਸਾਨ ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਵੇਂ ਕਿਸਾਨ ਆਗੂਆਂ ਦੀ ਰਿਹਾਈ ਲਈ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ ਹੈ। ਜੇਕਰ ਨਿਰਧਾਰਤ ਸਮੇਂ ਅੰਦਰ ਮੰਗਾਂ ’ਤੇ ਕੋਈ ਕਾਰਵਾਈ ਨਹੀਂ ਹੁੰਦੀ ਤਾਂ ਮੁੜ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਜੇਲ ਵਿਚ ਬੰਦ ਦੋਵੇਂ ਕਿਸਾਨ ਆਗੂਆਂ ਦੀ ਰਿਹਾਈ ਲਈ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਜਾਣਾ ਸੀ, ਪਰ ਪੁਲਿਸ ਨੇ ਬਠਿੰਡਾ ਵੱਲ ਆ ਰਹੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਤੇ ਹੰਝੂ ਗੈਸ ਦੇ ਗੋਲੇ ਦਾਗੇ ਗਏ। ਕਈ ਥਾਵਾਂ ’ਤੇ ਪੁਲਿਸ ਨੇ ਕਿਸਾਨਾਂ ਨੂੰ ਬਠਿੰਡਾ ਆਉਣ ਤੋਂ ਰੋਕ ਦਿੱਤਾ। ਬਠਿੰਡਾ ਵੱਲ ਵਧਣ ਦੀ ਕੋਸ਼ਿਸ਼ ਕਰਦੇ ਸੈਕੜੇ ਕਿਸਾਨਾਂ ਨੂੰ ਵੱਖ-ਵੱਖ ਥਾਵਾਂ ’ਤੇ ਪੁਲਿਸ ਵੱਲੋਂ ਹਿਰਾਸਤ ’ਚ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਰਿਹਾਅ ਕਰਵਾਉਣ ਤੋਂ ਬਾਅਦ ਮੁੱਖ ਮੰਗ ਮੰਨਣ ਲਈ ਪ੍ਰਸ਼ਾਸਨ ਨੂੰ ਤਿੰਨ ਦਿਨਾਂ ਦਾ ਸਮਾਂ ਦਿੰਦਿਆਂ ਪੱਕੇ ਮੋਰਚੇ ਦਾ ਪ੍ਰੋਗਰਾਮ ਅਸਥਾਈ ਤੌਰ ’ਤੇ ਮੁਲਤਵੀ ਕੀਤਾ ਹੈ।
-ਬਾਕਸ-
-200 ਕਿਸਾਨਾਂ ਖਿਲਾਫ਼ ਕੇਸ ਦਰਜ
ਭਾਵੇਂ ਪੁਲਿਸ ਪ੍ਰਸ਼ਾਸਨ ਨਾਲ ਬਣੀ ਸਹਿਮਤੀ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੋਂ ਆਪਣਾ ਧਰਨਾ ਚੁੱਕ ਲਿਆ ਹੈ ਪਰ ਦੂਜ ਪਾਸੇ ਪੁਲਿਸ ਨੇ ਕਰੀਬ 200 ਅਣਪਛਾਤੇ ਵਿਅਕਤੀਆਂ ਖਿਲਾ਼ਫ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ’ਤੇ ਦੋਸ਼ ਹੈ ਕਿ ਉਨ੍ਹਾਂ ਜਿੱਥੇ ਨੈਸ਼ਨਲ ਹਾਈਵੇ ਜਾਮ ਕੀਤਾ, ਜਿਸ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਅਤੇ ਉਕਤ ਲੋਕਾਂ ਨੇ ਸਰਕਾਰੀ ਡਿਊਟੀ ਵਿਚ ਵਿਘਨ ਵੀ ਪਾਇਆ ਹੈ। ਸੂਤਰਾਂ ਅਨੁਸਾਰ ਅਣਪਛਾਤੇ ਕਿਸਾਨਾਂ ਖਿਲਾਫ਼ ਦਰਜ ਮਾਮਲੇ ਕਈ ਸਖਤ ਧਾਰਾਵਾਂ ਵੀ ਸ਼ਾਮਲ ਕੀਤੀਆਂ ਹਨ।