ਚੇਅਰਮੈਨ ਭੱਲਾ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ
ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਕੈਬਨਿਟ ਮੰਤਰੀ ਸੰਜੀਵ ਕੁਮਾਰ ਅਰੋੜਾ ਨਾਲ ਕੀਤੀ ਮੁਲਾਕਾਤ
Publish Date: Sat, 07 Feb 2026 05:54 PM (IST)
Updated Date: Sun, 08 Feb 2026 04:05 AM (IST)
-ਸਥਾਨਕ ਸਰਕਾਰਾਂ ਵਿਭਾਗ ਦਾ ਵਾਧੂ ਚਾਰਜ ਮਿਲਣ ’ਤੇ ਦਿੱਤੀਆਂ ਮੁਬਾਰਕਾਂ
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ :
ਨਗਰ ਸੁਧਾਰ ਟਰਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਅਤੇ ਸਥਾਨਕ ਸਰਕਾਰਾਂ ਵਿਭਾਗ ਦਾ ਵਾਧੂ ਚਾਰਜ ਸੰਭਾਲਣ ਵਾਲੇ ਮੰਤਰੀ ਸੰਜੀਵ ਕੁਮਾਰ ਅਰੋੜਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭੱਲਾ ਨੇ ਮੰਤਰੀ ਅਰੋੜਾ ਨੂੰ ਸਥਾਨਕ ਸਰਕਾਰਾਂ ਵਿਭਾਗ ਦਾ ਵਾਧੂ ਚਾਰਜ ਮਿਲਣ ’ਤੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਨਵੇਂ ਪਦ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕੀਤੀਆਂ। ਮੁਲਾਕਾਤ ਦੌਰਾਨ ਚੇਅਰਮੈਨ ਭੱਲਾ ਨੇ ਬਠਿੰਡਾ ਸ਼ਹਿਰ ਵਿਚ ਚੱਲ ਰਹੇ ਅਤੇ ਆਉਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰਸਟ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਮਹੱਤਵਪੂਰਨ ਪ੍ਰੋਜੈਕਟ ਚਲ ਰਹੇ ਹਨ, ਜਿਨ੍ਹਾਂ ਵਿੱਚ ਸੜਕਾਂ ਦੀ ਮੁਰੰਮਤ, ਨਵੀਂ ਇੰਟਰਲਾਕਿੰਗ ਟਾਈਲਾਂ, ਪਾਰਕਾਂ ਦਾ ਸੁੰਦਰੀਕਰਨ, ਸਟਰੀਟ ਲਾਈਟਾਂ, ਸ਼ਹੀਦ ਭਗਤ ਸਿੰਘ ਇਨਕਲੇਵ, ਸ਼ਹੀਦ ਕਰਤਾਰ ਸਿੰਘ ਸਰਾਭਾ ਸੈਰਗਹ, ਸਰਕਾਰੀ ਪੈਟਰੋਲ ਪੰਪ ਦੀ ਸਥਾਪਨਾ ਅਤੇ ਨਿਕਾਸੀ ਪ੍ਰਣਾਲੀ ਨੂੰ ਸੁਧਾਰਨ ਵਰਗੇ ਕੰਮ ਸ਼ਾਮਲ ਹਨ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਆਮ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮਿਲ ਸਕਣ। ਉਨ੍ਹਾਂ ਨੇ ਕੁਝ ਅਹਿਮ ਵਿਕਾਸ ਯੋਜਨਾਵਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਤੇ ਤਕਨੀਕੀ ਮਨਜ਼ੂਰੀਆਂ ਦੀ ਲੋੜ ਬਾਰੇ ਵੀ ਜਾਣੂ ਕਰਵਾਇਆ।
ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਝੀਲਾਂ ਦੇ ਸੁੰਦਰੀਕਰਨ ਦਾ ਪ੍ਰੋਜੈਕਟ ਵੀ ਸ਼ੁਰੂ ਕਰਨ ਜਾ ਰਿਹਾ ਹੈ। ਇਸ ਮੌਕੇ ਮੰਤਰੀ ਸੰਜੀਵ ਕੁਮਾਰ ਅਰੋੜਾ ਨੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਵੱਲੋਂ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬਠਿੰਡਾ ਨਾਲ ਸੰਬੰਧਿਤ ਹਰ ਵਾਜਬ ਮੰਗ ’ਤੇ ਸਕਾਰਾਤਮਕ ਤੌਰ ’ਤੇ ਵਿਚਾਰ ਕੀਤਾ ਜਾਵੇਗਾ।