ਬਜ਼ੁਰਗਾਂ, ਵਿਧਵਾਵਾਂ ਤੇ ਦਿਵਿਆਂਗਾਂ ਨੂੰ ਹਰ ਮਹੀਨੇ ਮਿਲ ਰਹੇ 1500 ਰੁਪਏ
ਬੁਢਾਪਾ, ਵਿਧਵਾ, ਦਿਵਿਆਂਗਜਨਾਂ ਅਤੇ ਆਸ਼ਰਿਤ ਬੱਚਿਆਂ ਨੂੰ ਹਰ ਮਹੀਨੇ ਦਿੱਤੇ ਜਾ ਰਹੇ ਹਨ 1500 ਰੁਪਏ
Publish Date: Sat, 07 Feb 2026 06:50 PM (IST)
Updated Date: Sun, 08 Feb 2026 04:09 AM (IST)
ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ 28.47 ਕਰੋੜ ਰੁਪਏ ਵੱਖ-ਵੱਖ ਪੈਨਸ਼ਨ ਵੱਜੋਂ ਜਾਰੀ-ਡੀਸੀ
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਬਜ਼ੁਰਗਾਂ, ਵਿਧਵਾ ਔਰਤਾਂ, ਦਿਵਿਆਂਗਜਨਾਂ ਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ 28.47 ਕਰੋੜ ਰੁਪਏ ਵੱਖ-ਵੱਖ ਪੈਨਸ਼ਨ ਵੱਜੋਂ ਜਾਰੀ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਇਸ ਸਬੰਧੀ ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਨਵਰੀ 2026 ਦੀ ਪੈਨਸ਼ਨ ਵਜੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਬੁਢਾਪਾ ਪੈਨਸ਼ਨ 1,28,699 ਲਾਭਪਾਤਰੀਆਂ ਨੂੰ 19.30 ਕਰੋੜ ਰੁਪਏ, ਵਿਧਵਾ ਪੈਨਸ਼ਨ 33,759 ਲਾਭਪਾਤਰੀਆਂ ਨੂੰ 5.06 ਕਰੋੜ ਰੁਪਏ, 12,616 ਆਸ਼ਰਿਤ ਬੱਚਿਆਂ ਨੂੰ 1.89 ਕਰੋੜ ਰੁਪਏ ਅਤੇ 14,738 ਦਿਵਿਆਂਗਜਨਾਂ ਨੂੰ 2.21 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਕੁੱਲ 1,89,812 ਲਾਭਪਾਤਰੀਆਂ ਨੂੰ 28.47 ਕਰੋੜ ਰੁਪਏ ਦੀ ਪੈਨਸ਼ਨ ਸਿੱਧੇ ਬੈਂਕ ਖਾਤਿਆਂ ਵਿਚ ਪਹੁੰਚਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ ਔਰਤਾਂ, ਦਿਵਿਆਂਗਜਨਾਂ ਅਤੇ ਆਸ਼ਰਿਤ ਬੱਚਿਆਂ ਨੂੰ ਵਿੱਤੀ ਸਹਾਇਤਾ ਵਜੋਂ ਪ੍ਰਤੀ ਮਹੀਨਾ 1,500 ਰੁਪਏ ਦੀ ਪੈਨਸ਼ਨ ਸਿੱਧੇ ਬੈਂਕ ਖਾਤਿਆਂ ਵਿੱਚ ਪਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਹਰ ਮਹੀਨੇ ਕਰੋੜਾਂ ਰੁਪਏ ਲੋੜਵੰਦਾਂ ਨੂੰ ਪਹੁੰਚਾਏ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਸੁਰੱਖਿਆ ਮਿਲ ਰਹੀ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਰਸ਼ਦੀਪ ਕੌਰ ਨੇ ਦੱਸਿਆ ਕਿ ਪੈਨਸ਼ਨ ਲਈ ਯੋਗ ਵਿਅਕਤੀ ਜ਼ਿਲ੍ਹੇ ਦੇ ਕਿਸੇ ਵੀ ਸੇਵਾ ਕੇਂਦਰ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ 'ਤੇ ਜ਼ਿਲ੍ਹਾ ਪ੍ਰਸ਼ਾਸਨੀਕ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵਿਚ ਸੰਪਰਕ ਕੀਤਾ ਜਾ ਸਕਦਾ ਹੈ।