ਅਰਥੀ ਫੂਕ ਮੁਜ਼ਾਹਰੇ ਕਰ ਕੇ ਸੂਬਾ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ
ਕਿਸਾਨਾਂ ਨੇ ਅਰਥੀ ਫੂਕ ਮੁਜ਼ਾਹਰੇ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ
Publish Date: Sun, 08 Feb 2026 05:08 PM (IST)
Updated Date: Mon, 09 Feb 2026 04:03 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਰਾਮਪੁਰਾ ਵੱਲੋਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਅਰਥੀ ਫੂਕ ਮੁਜ਼ਾਹਰੇ ਕਰਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। ਇਸ ਤਹਿਤ ਪਿੰਡ ਜਿਊਦ ਤੇ ਪਿੰਡ ਚਾਉਕੇ ਵਿਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਬਠਿੰਡਾ ਦੇ ਡੀਸੀ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ ‘ਤੇ ਪ੍ਰਸ਼ਾਸਨ ਵੱਲੋਂ ਬੇਰਹਿਮੀ ਨਾਲ ਲਾਠੀਚਾਰਜ ਤੇ ਹੰਝੂ ਗੈਸ ਦੇ ਗੋਲੇ ਦਾਗੇ ਗਏ, ਜਿਸ ਦੇ ਰੋਸ ਵਜੋਂ ਇਹ ਐਕਸ਼ਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰੀਬ 10 ਮਹੀਨੇ ਪਹਿਲਾਂ ਆਦਰਸ਼ ਸਕੂਲ ਚਾਉਕੇ ਦੀ ਮੈਨੇਜਮੈਂਟ ਦੇ ਭ੍ਰਿਸ਼ਟਾਚਾਰ ਅਤੇ ਦੁਰਵਿਹਾਰ ਦੇ ਮਾਮਲੇ ਨੂੰ ਉਜਾਗਰ ਕਰਨ ਵਾਲੇ ਬਲਦੇਵ ਸਿੰਘ ਚਾਉਕੇ ਅਤੇ ਸਗਨਦੀਪ ਸਿੰਘ ਜਿਊਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਨਾ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾ ਰਹੀ ਹੈ ਤੇ ਨਾ ਹੀ ਕੇਸ ਚਲਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਲੋਕ ਪੱਖੀ ਅਵਾਜ਼ਾਂ ਨੂੰ ਦਬਾਉਣ ਲਈ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ, ਜੋ ਲੋਕਾਂ ਨੂੰ ਮਨਜ਼ੂਰ ਨਹੀਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਭਵਿੱਖ ’ਚ ਹੋਰ ਸਖ਼ਤ ਸੰਘਰਸ਼ ਕੀਤੇ ਜਾਣਗੇ ਤੇ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਤੇ ਕਾਰਪੋਰੇਟ ਪੱਖੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਗੁਲਾਬ ਸਿੰਘ ਜਿਊਦ, ਅਮਨਦੀਪ ਸਿੰਘ ਚਾਉਕੇ, ਹਰਪ੍ਰੀਤ ਕੌਰ ਜੇਠੂਕੇ, ਕਰਮਜੀਤ ਕੌਰ ਜਿਊਦ, ਬੂਟਾ ਸਿੰਘ ਬੱਲ੍ਹੋ, ਭੂਰਾ ਸਿੰਘ ਡਿੱਖ ਸਮੇਤ ਵੱਡੀ ਗਿਣਤੀ ’ਚ ਕਿਸਾਨ ਤੇ ਮਹਿਲਾਵਾਂ ਹਾਜ਼ਰ ਸਨ।