ਮਾਪਿਆਂ ਤੇ ਅਧਿਆਪਕਾਂ ਨੇ ਮਿਲ ਕੇ ਚੁੱਕਿਆ ਬੱਚਿਆਂ ਦੇ ਸੁਨਹਿਰੀ ਭਵਿੱਖ ਦਾ ਜ਼ਿੰਮਾ
ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ
Publish Date: Sun, 08 Feb 2026 05:26 PM (IST)
Updated Date: Mon, 09 Feb 2026 04:05 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਪੰਜਾਬ ਸਿੱਖਿਆ ਕ੍ਰਾਂਤੀ: ਮਾਪਿਆਂ ਦੀ ਵਰਕਸ਼ਾਪ 2.0’ ਤਹਿਤ ਜ਼ਿਲ੍ਹਾ ਬਠਿੰਡਾ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਨਿੰਦਰ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਵਿਸ਼ੇਸ਼ ਤੌਰ ’ਤੇ ਸਰਕਾਰੀ ਪ੍ਰਾਇਮਰੀ ਸਕੂਲ ਪਰਸਰਾਮ ਨਗਰ ਵਿਖੇ ਕਰਵਾਈ ਗਈ ਮਾਪਿਆਂ ਦੀ ਵਰਕਸ਼ਾਪ ਦੌਰਾਨ ਮਾਪਿਆਂ ਦੀ ਵੱਡੀ ਤੇ ਉਤਸ਼ਾਹਪੂਰਕ ਸ਼ਮੂਲੀਅਤ ਦੇਖਣ ਨੂੰ ਮਿਲੀ। ਮਾਪਿਆਂ ਦੀ ਭਰਵੀਂ ਹਾਜ਼ਰੀ ਇਸ ਗੱਲ ਦਾ ਸਬੂਤ ਹੈ ਕਿ ਹੁਣ ਸਰਕਾਰੀ ਸਕੂਲਾਂ ਨਾਲ ਜੁੜੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਪ੍ਰਤੀ ਗੰਭੀਰ ਅਤੇ ਸੰਜੀਦੇ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਥਰਮਲ ਕਾਲੋਨੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਟੀਚਰ ਕਲੋਨੀ ਬਠਿੰਡਾ ਦਾ ਵੀ ਦੌਰਾ ਕੀਤਾ ਗਿਆ। ਮੁਹਿੰਮ ਨੂੰ ਸਫਲ ਬਣਾਉਣ ਲਈ ਗੁਰਵੀਰ ਸਿੰਘ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਬਠਿੰਡਾ, ਸਮੂਹ ਬਲਾਕ ਰਿਸੋਰਸ ਕੋਆਰਡੀਨੇਟਰਾਂ ਅਤੇ ਅਕਾਦਮਿਕ ਸਪੋਰਟ ਗਰੁੱਪ ਦੀਆਂ ਟੀਮਾਂ ਵੱਲੋਂ ਵੀ ਸਕੂਲਾਂ ਵਿੱਚ ਜਾ ਕੇ ਮਾਪਿਆਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਟੀਮਾਂ ਨੇ ਮਾਪਿਆਂ ਨੂੰ ਸਕੂਲੀ ਗਤੀਵਿਧੀਆਂ, ਪੜ੍ਹਾਈ ਦੇ ਆਧੁਨਿਕ ਤਰੀਕਿਆਂ ਅਤੇ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਿੰਦਰ ਕੌਰ ਨੇ ਜਾਣਕਾਰੀ ਦਿੱਤੀ ਕਿ ਰਾਸ਼ਟਰੀ ਸਰਵੇਖਣ ਦੌਰਾਨ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿਚ ਸਮਾਰਟ ਕਲਾਸਰੂਮ ਅਤੇ ਡਿਜੀਟਲ ਸਿੱਖਿਆ ਰਾਹੀਂ ਬੱਚਿਆਂ ਨੂੰ ਉੱਚ ਦਰਜੇ ਦੀ ਪੜ੍ਹਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ “ਪ੍ਰੀਖਿਆ ਦੀ ਤਿਆਰੀ, ਸਾਂਝੀ ਜ਼ਿੰਮੇਵਾਰੀ” ਬੱਚਿਆਂ ਦੀ ਸਫਲਤਾ ਦੀ ਕੁੰਜੀ ਹੈ। ਇਸ ਮੌਕੇ ਮਾਪਿਆਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬੱਚਿਆਂ ਨੂੰ ਦੂਰ ਰੱਖਣ ਲਈ ਵੀ ਜਾਗਰੂਕ ਕੀਤਾ।