- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐਮ ਸ੍ਰੀ ਸਕੂਲ ਰਾਏਕੇ ਕਲਾਂ ਦਾ ਸਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ
ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੀਐਮ ਸ੍ਰੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਏਕੇ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਮਿੱਟ ਯਾਦਾਂ ਛੱਡਦਾ ਯਾਦਗਾਰੀ ਹੋ ਨਿੱਬੜਿਆ। ਸਕੂਲ ਦੇ ਮੀਡੀਆ ਕੌਆਰਡੀਨੇਟਰ ਹਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਹਰ ਸਾਲ ਵਾਂਗ ਸਾਲਾਨਾ ਸਮਾਗਮ ਤੇ ਇਨਾਮ ਵੰਡ ਸਮਾਗਮ ‘ਗੁਲਦਸਤਾ’ ਸਕੂਲ ਦੇ ਵਿਹੜੇ ਵਿੱਚ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਵਿੱਚ ਸਕੂਲ ਵਿਦਿਆਰਥੀਆਂ ਤੋਂ ਇਲਾਵਾ ਉਨ੍ਹਾਂ ਦੇ ਮਾਪਿਆਂ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸਾਲ ਭਰ ਦੀਆਂ ਅਕਾਦਮਿਕ ਅਤੇ ਸਹਿ-ਅਕਾਦਮਿਕ ਪ੍ਰਾਪਤੀਆਂ ਨੂੰ ਸਨਮਾਨਿਤ ਕਰਨਾ ਅਤੇ ਉਨ੍ਹਾਂ ਨੂੰ ਹੋਰ ਉਤਸ਼ਾਹਿਤ ਕਰਨਾ ਸੀ।
ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਸ਼ਮਾ ਰੋਸ਼ਨ ਕਰਕੇ ਕੀਤੀ ਗਈ। ਸ਼ਬਦ ਗਾਇਨ ਤੇ ਸਵਾਗਤੀ ਗੀਤ ਉਪਰੰਤ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਸਵਾਗਤੀ ਭਾਸ਼ਣ ਦਿੱਤਾ ਤੇ ਸਕੂਲ ਦੀਆਂ ਸਲਾਨਾ ਪ੍ਰਾਪਤੀਆਂ, ਨਤੀਜ਼ਿਆਂ ਅਤੇ ਵੱਖ-ਵੱਖ ਸਰਗਰਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਤੇ ਨੈਤਿਕ ਮੁੱਲਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਜਸਵਿੰਦਰ ਸਿੰਘ ਨੰਦਗੜ੍ਹ ਦੀ ਪਤਨੀ ਭੁਪਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ।
ਇਸ ਤੋਂ ਇਲਾਵਾ ਸਮਾਗਮ ਵਿੱਚ ਪ੍ਰਿੰਸੀਪਲ ਸੁਸ਼ੀਲ ਕੁਮਾਰ ਮਹਿਤਾ, ਅੰਮ੍ਰਿਤਪਾਲ ਸਿੰਘ ਭੱਟੀ, ਜਸਵੀਰ ਸਿੰਘ ਅਤੇ ਨਾਲ ਦੇ ਕਲਸਟਰ ਸਕੂਲਾਂ ਦੇ ਮੁਖੀਆਂ ਤੇ ਰਿਟਾਇਰਡ ਅਧਿਆਪਕ ਵੀ ਉਚੇਚੇ ਤੌਰ ’ਤੇ ਸ਼ਾਮਲ ਹੋਏ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਇਸ ਦੌਰਾਨ ਸਕੂਲ ਮੈਗਜ਼ੀਨ ‘ਰਬਾਬੀ ਧੁਨਾਂ ਅੰਕ-3’ ਵੀ ਜਾਰੀ ਕੀਤਾ ਗਿਆ। ਮੈਗਜ਼ੀਨ ਨੂੰ ਮੁੱਖ ਸੰਪਾਦਕ ਹਰਜੀਤ ਸਿੰਘ ਬਰਾੜ ਨੇ ਮਹਿਮਾਨਾਂ ਤੋਂ ਅਨਕਵਰ ਕਰਵਾ ਕੇ ਲੋਕ ਅਰਪਣ ਕੀਤਾ। ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਸਮਾਗਮ ਦੌਰਾਨ ਅਕਾਦਮਿਕ ਖੇਤਰ ਵਿੱਚ ਉੱਚ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ, ਖੇਡਾਂ, ਵਿਗਿਆਨ ਪ੍ਰਦਰਸ਼ਨੀ, ਕਲਾ ਅਤੇ ਸਾਹਿਤਕ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ-ਨਾਲ ਸਰਬੋਤਮ ਵਿਦਿਆਰਥੀ, ਸਰਬੋਤਮ ਖਿਡਾਰੀ ਦੇ ਖ਼ਿਤਾਬ ਦਿੱਤੇ। ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ਼ ਨੂੰ ਵੀ ਉਨ੍ਹਾਂ ਦੀ ਨਿਸ਼ਠਾ ਅਤੇ ਸੇਵਾ ਭਾਵਨਾ ਲਈ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਸਕੂਲ ਪ੍ਰਿੰਸੀਪਲ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।