ਸੀਐੱਮਓ ਵੱਲੋਂ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਦਾ ਦੌਰਾ
ਸੀਨੀਅਰ ਮੈਡੀਕਲ ਅਫਸਰ ਵੱਲੋਂ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਦਾ ਦੌਰਾ
Publish Date: Wed, 11 Feb 2026 05:20 PM (IST)
Updated Date: Thu, 12 Feb 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਡਾ. ਰਵੀ ਕਾਂਤ ਗੁਪਤਾ ਵੱਲੋਂ ਹੈਲਥ ਐਂਡ ਵੈੱਲਨੈੱਸ ਸੈਂਟਰ ਜੀਵਨ ਸਿੰਘਵਾਲਾ ਅਤੇ ਭਾਗੀ ਬੰਦਰ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਡਾ. ਰਵੀ ਕਾਂਤ ਗੁਪਤਾ ਨੇ ਸੈਂਟਰਾਂ ਵਿਚ ਚੱਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਹਾਜ਼ਰ ਸਟਾਫ ਨਾਲ ਮੀਟਿੰਗ ਕਰਕੇ ਰਿਕਾਰਡ ਦੀ ਜਾਂਚ ਕੀਤੀ ਅਤੇ ਸਾਰੀਆਂ ਸੇਵਾਵਾਂ ਨੂੰ ਸਰਕਾਰ ਦੇ ਮਿਆਰਾਂ ਅਨੁਸਾਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਟਾਫ ਨੂੰ ਹਦਾਇਤ ਕੀਤੀ ਕਿ ਗਰਭਵਤੀ ਮਹਿਲਾਵਾਂ, ਬੱਚਿਆਂ ਤੇ ਬਜ਼ੁਰਗਾਂ ਦੀ ਨਿਯਮਿਤ ਜਾਂਚ ਯਕੀਨੀ ਬਣਾਈ ਜਾਵੇ ਅਤੇ ਟੀਕਾਕਰਨ ਮੁਹਿੰਮ ਨੂੰ ਪੂਰੀ ਤਰ੍ਹਾਂ ਸਫਲ ਬਣਾਇਆ ਜਾਵੇ। ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਮੌਸਮੀ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਲਈ ਵੀ ਪ੍ਰੇਰਿਤ ਕੀਤਾ। ਡਾ. ਗੁਪਤਾ ਨੇ ਕਿਹਾ ਕਿ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਦਾ ਮੁੱਖ ਉਦੇਸ਼ ਪਿੰਡ ਪੱਧਰ ‘ਤੇ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਨੇ ਸਟਾਫ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਸਾਰੇ ਮੁਲਾਜ਼ਮ ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣ। ਇਸ ਮੌਕੇ ਸੈਂਟਰਾਂ ਦਾ ਸਟਾਫ ਅਤੇ ਹੋਰ ਸਿਹਤ ਕਰਮਚਾਰੀ ਵੀ ਹਾਜ਼ਰ ਸਨ।