ਭਾਰਤ ਅਮਰੀਕਾ ਵਪਾਰਕ ਸਮਝੌਤੇ ਖ਼ਿਲਾਫ ‘ਆਪ’ ਦਾ ਤਿੱਖਾ ਵਿਰੋਧ, ਮੋਦੀ ਦਾ ਪੁਤਲਾ ਫੂਕਿਆ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਇਸ ਸਮਝੌਤੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ਬਠਿੰਡਾ ਵਿੱਚ ਤਿੱਖਾ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਪ੍ਰਦਰਸ਼ਨ ਦੀ ਅਗਵਾਈ ਕਰਦੇ ਹੋਏ ‘ਆਪ’ ਦੇ ਬਠਿੰਡਾ ਸ਼ਹਿਰੀ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਇਹ ਵਪਾਰਕ ਸਮਝੌਤਾ ਦੇਸ਼ ਦੀ ਆਰਥਿਕ ਖੁਦਮੁਖਤਿਆਰੀ ਲਈ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਤਰ੍ਹਾਂ ਦੇ ਸਮਝੌਤਿਆਂ ਨਾਲ ਦੇਸ਼ ਦੇ ਛੋਟੇ ਵਪਾਰੀਆਂ, ਮੱਧ ਵਰਗ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਡੀਆਂ ਕਾਰਪੋਰੇਟ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਲਈ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੀ ਹੈ। ਲੋਕਾਂ ਨੂੰ ਮਹਿੰਗਾਈ, ਬੇਰੁਜ਼ਗਾਰੀ ਅਤੇ ਆਰਥਿਕ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਸਰਕਾਰ ਵਿਦੇਸ਼ੀ ਦਬਾਅ ਹੇਠ ਫੈਸਲੇ ਕਰ ਰਹੀ ਹੈ। ਇਸ ਮੌਕੇ ‘ਆਪ’ ਦੇ ਲੋਕ ਸਭਾ ਦੇ ਇੰਚਾਰਜ ਅਤੇ ਸ਼ੂਗਰਫੈੱਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਵੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਦੇਸ਼ ਦੀ ਉਦਯੋਗਿਕ ਨੀਤੀ ਅਤੇ ਸਥਾਨਕ ਵਪਾਰ ਨੂੰ ਕਮਜ਼ੋਰ ਕਰ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਲੋਕ-ਵਿਰੋਧੀ ਨੀਤੀਆਂ ਰਾਹੀਂ ਦੇਸ਼ ਨੂੰ ਆਰਥਿਕ ਅਸਥਿਰਤਾ ਵੱਲ ਧੱਕ ਰਹੀ ਹੈ।
ਇਸ ਮੌਕੇ ਐਡਵੋਕੇਟ ਜੀਦਾ ਨੇ ਕਿਹਾ ਕਿ ਜਨਤਾ ਨੂੰ ਇਹ ਜਾਣਨ ਦਾ ਹੱਕ ਹੈ ਕਿ ਦੇਸ਼ ਦੇ ਨਾਮ ’ਤੇ ਕਿਹੜੇ ਸਮਝੌਤੇ ਕੀਤੇ ਜਾ ਰਹੇ ਹਨ। ਜੇਕਰ ਇਹ ਸਮਝੌਤਾ ਸੱਚਮੁੱਚ ਦੇਸ਼ ਦੇ ਹਿੱਤਾਂ ਵਿੱਚ ਹੈ ਤਾਂ ਸਰਕਾਰ ਇਸ ਬਾਰੇ ਪੂਰੀ ਪਾਰਦਰਸ਼ਤਾ ਕਿਉਂ ਨਹੀਂ ਦਿਖਾ ਰਹੀ। ਉਨ੍ਹਾਂ ਕਿਹਾ ਕਿ ਅਸਲ ਵਿਚ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਨੂੰ ਅਮਰੀਕਾ ਕੋਲ ਵੇਚਣ ਦੀ ਕੋਸ਼ਿਸ਼ ਕੀਤੀ ਹੈ। ਪ੍ਰਦਰਸ਼ਨ ਵਿੱਚ ਸ਼ਾਮਲ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਰਕੇਸ਼ ਪੁਰੀ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਰਥਿਕ ਅਤੇ ਵਪਾਰਕ ਫੈਸਲਿਆਂ ਵਿੱਚ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਨਾਲ ਜੁੜੇ ਕਿਸੇ ਵੀ ਵੱਡੇ ਸਮਝੌਤੇ ਤੋਂ ਪਹਿਲਾਂ ਜਨਤਾ, ਸੰਸਦ ਅਤੇ ਸਬੰਧਤ ਵਰਗਾਂ ਨਾਲ ਵਿਚਾਰ-ਵਟਾਂਦਰਾ ਲਾਜ਼ਮੀ ਹੈ। ਇਕ ਪੱਖੀ ਫੈਸਲੇ ਲੋਕਤੰਤਰ ਦੀ ਆਤਮਾ ਖ਼ਿਲਾਫ਼ ਹਨ। ਪ੍ਰਦਰਸ਼ਨ ਦੌਰਾਨ ਵਰਕਰਾਂ ਵੱਲੋਂ ‘ਲੋਕ ਵਿਰੋਧੀ ਸਮਝੌਤੇ ਵਾਪਸ ਲਵੋ’, ‘ਦੇਸ਼ ਦੇ ਹਿੱਤਾਂ ਨਾਲ ਖੇਡ ਬੰਦ ਕਰੋ’ ਅਤੇ ‘ਕਿਸਾਨ-ਵਪਾਰੀ ਵਿਰੋਧੀ ਨੀਤੀਆਂ ਨਹੀਂ ਚੱਲਣਗੀਆਂ’ ਵਰਗੇ ਨਾਅਰੇ ਲਗਾਏ ਗਏ। ਪੁਤਲਾ ਫੂਕਣ ਤੋਂ ਬਾਅਦ ‘ਆਪ’ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਆਪਣੀਆਂ ਨੀਤੀਆਂ ’ਤੇ ਪੁਨਰਵਿਚਾਰ ਨਾ ਕੀਤਾ ਤਾਂ ਵਿਰੋਧ ਹੋਰ ਤਿੱਖਾ ਕੀਤਾ ਜਾਵੇਗਾ।