ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਦੇ ਵਿਦਿਆਰਥੀਆਂ ਨੇ ਯੂਜੀਸੀ ਵਿੱਚ ਮਾਰੀਆਂ ਮੱਲਾਂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਵਿਦਿਆਰਥੀਆਂ ਨੇ ਯੂਜੀਸੀ ਨੈੱਟ ਦਸੰਬਰ 2025 ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।
ਸਾਲ 1984 ਵਿੱਚ ਸਥਾਪਿਤ ਇਸ ਰਿਜਨਲ ਸੈਂਟਰ ਵੱਲੋਂ ਐਮਏ ਆਨਰਜ਼ (ਪੰਜਾਬੀ, ਅੰਗਰੇਜ਼ੀ ਅਤੇ ਅਰਥਸ਼ਾਸਤਰ) ਦੇ ਕੋਰਸਾਂ ਰਾਹੀਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਰੁਜ਼ਗਾਰ ਯੋਗਤਾ ਲਈ ਤਿਆਰ ਕੀਤਾ ਜਾ ਰਿਹਾ ਹੈ। ਕੈਂਪਸ ਦੇ ਪੁਰਾਤਨ ਵਿਦਿਆਰਥੀ ਵੱਖ-ਵੱਖ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵਿੱਚ ਸਫਲਤਾਪੂਰਵਕ ਸੇਵਾਵਾਂ ਨਿਭਾ ਰਹੇ ਹਨ। ਇਸ ਵਾਰ ਯੂਜੀਸੀ-ਨੈੱਟ ਦੇ ਨਤੀਜਿਆਂ ਵਿੱਚ ਚੈਰੀ ਗਰਗ ਨੇ ਜੇਆਰਐਫ ਅਤੇ ਐਸਿਸਟੈਂਟ ਪ੍ਰੋਫੈਸਰ ਲਈ ਯੋਗਤਾ ਪ੍ਰਾਪਤ ਕੀਤੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ, ਸੁਖਜਿੰਦਰ ਕੌਰ ਅਤੇ ਰਮਨਦੀਪ ਕੌਰ ਨੇ ਐਸਿਸਟੈਂਟ ਪ੍ਰੋਫੈਸਰ ਲਈ ਨੈੱਟ ਕਲੀਅਰ ਕੀਤਾ ਹੈ। ਜੇਆਰਐਫ. ਪ੍ਰਾਪਤ ਕਰਨ ਵਾਲੀ ਵਿਦਿਆਰਥਣ ਚੈਰੀ ਗਰਗ ਨੂੰ ਯੂਜੀਸੀ. ਵੱਲੋਂ ਪੀਐਚਡੀ. ਦੀ ਪੜਾਈ ਲਈ ਸਕਾਲਰਸ਼ਿਪ ਵੀ ਪ੍ਰਦਾਨ ਕੀਤੀ ਜਾਵੇਗੀ, ਜੋ ਸੰਸਥਾ ਲਈ ਮਾਣ ਦੀ ਗੱਲ ਹੈ। ਵਿਭਾਗ ਮੁਖੀ ਡਾ. ਨਵਦੀਪ ਕੌਰ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਨੇ ਸਮੂਹ ਫੈਕਲਟੀ ਮੈਂਬਰਾਂ ਦਾ ਵਿਦਿਆਰਥੀਆਂ ਨੂੰ ਦਿੱਤੇ ਵੱਡਮੁੱਲੇ ਸਹਿਯੋਗ ਅਤੇ ਦਿਸ਼ਾ-ਨਿਰਦੇਸ਼ ਲਈ ਧੰਨਵਾਦ ਕੀਤਾ। ਡਾ. ਨਵਦੀਪ ਨੇ ਕਿਹਾ ਕਿ ਰਿਜਨਲ ਸੈਂਟਰ ਵਿੱਚ ਪੜ੍ਹਾਈ ਲਈ ਉਚਿਤ ਅਤੇ ਪ੍ਰੇਰਕ ਮਾਹੌਲ ਉਪਲਬਧ ਹੈ, ਜੋ ਵਿਦਿਆਰਥੀਆਂ ਨੂੰ ਸਰਕਾਰੀ ਪ੍ਰੀਖਿਆਵਾਂ ਵਿੱਚ ਕਾਮਯਾਬੀ ਲਈ ਤਿਆਰ ਕਰਦਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਦਿਆਰਥੀਆਂ ਨੂੰ ਐਮ.ਏ. ਦੀ ਡਿਗਰੀ ਦੇ ਨਾਲ-ਨਾਲ ਵੱਖ-ਵੱਖ ਮੁਕਾਬਲਤੀ ਅਤੇ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਵਿਸ਼ੇਸ਼ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਰਿਜਨਲ ਸੈਂਟਰ ਦੇ ਡਾਇਰੈਕਟਰ ਡਾ. ਅਮਨਦੀਪ ਸਿੰਘ ਨੇ ਵੀ ਸਫਲ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਸਾਰੇ ਸਟਾਫ ਅਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਦਾ ਪਰਿਣਾਮ ਹੈ। ਉਨ੍ਹਾਂ ਨੇ ਕਿਹਾ ਕਿ ਸੰਸਥਾ ਭਵਿੱਖ ਵਿੱਚ ਵੀ ਅਜਿਹੀਆਂ ਸਫਲਤਾਵਾਂ ਹਾਸਲ ਕਰਦੀ ਰਹੇਗੀ ਅਤੇ ਇਲਾਕੇ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਖੋਜ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੀ ਰਹੇਗੀ। ਯੂਜੀਸੀ ਨੈੱਟ ਦੇ ਨਤੀਜਿਆਂ ਵਿੱਚ ਮਿਲੀ ਇਹ ਕਾਮਯਾਬੀ ਨਿਸ਼ਚਿਤ ਤੌਰ ’ਤੇ ਪੰਜਾਬੀ ਯੂਨੀਵਰਸਿਟੀ ਰਿਜਨਲ ਸੈਂਟਰ ਬਠਿੰਡਾ ਲਈ ਮਾਣਯੋਗ ਉਪਲਬਧੀ ਹੈ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਸਾਬਤ ਹੋਵੇਗੀ।