ਰਾਜਪਾਲ ਤਖਤ ਸ੍ਰੀ ਦਮਦਮਾ ਸਾਹਿਬ ’ਚ ਹੋਏ ਨਤਮਸਤਕ
ਰਾਜਪਾਲ ਗੁਲਾਬ ਚੰਦ ਕਟਾਰੀਆ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ
Publish Date: Thu, 12 Feb 2026 08:07 PM (IST)
Updated Date: Thu, 12 Feb 2026 08:09 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ
ਤਲਵੰਡੀ ਸਾਬੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰੇ ਲਈ ਅਰਦਾਸ ਕੀਤੀ ਨਾਲ ਹੀ ਉਨ੍ਹਾਂ ਨੇ ਪੰਜਾਬ ਨੂੰ ਨਸ਼ੇ ਦੀ ਬਿਮਾਰੀ ਤੋਂ ਮੁਕਤ ਕਰਨ ਲਈ ਵੀ ਖਾਸ ਅਰਦਾਸ ਕੀਤੀ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਰਾਹ ’ਤੇ ਤੁਰਨ ਦੀ ਬਖ਼ਸ਼ਿਸ਼ ਮੰਗੀ। ਰਾਜਪਾਲ ਦੇ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਸਿੱਖ ਸੰਗਤ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਿੰਘ ਸਾਹਿਬ ਗਿਆਨੀ ਟੇਕ ਸਿੰਘ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਨੇ ਰਾਜਪਾਲ ਨੂੰ ਗੁਰੂ ਘਰ ਦੀ ਪਰੰਪਰਾ ਅਨੁਸਾਰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਅਤੇ ਗੁਰੂਘਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਸਿੱਖ ਇਤਿਹਾਸ ਦਾ ਮਹੱਤਵਪੂਰਨ ਕੇਂਦਰ ਹੈ ਅਤੇ ਇੱਥੇ ਆ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਸਾਨੂੰ ਸੇਵਾ, ਸਚਾਈ ਅਤੇ ਮਨੁੱਖਤਾ ਦੇ ਰਾਹ ’ਤੇ ਤੁਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ੇ ਵਰਗੀ ਸਮਾਜਕ ਬੁਰਾਈ ਨੂੰ ਖਤਮ ਕਰਨ ਲਈ ਸਾਰਿਆਂ ਨੂੰ ਮਿਲਜੁਲ ਕੇ ਯਤਨ ਕਰਨ ਦੀ ਲੋੜ ਹੈ ਅਤੇ ਧਾਰਮਿਕ ਅਦਾਰਿਆਂ ਦੀ ਭੂਮਿਕਾ ਇਸ ਸਬੰਧੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਸੰਗਤ ਨਾਲ ਵੀ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਵਿਕਾਸ ਅਤੇ ਸਮਾਜਿਕ ਭਲਾਈ ਲਈ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਤਖਤ ਸਾਹਿਬ ਦੇ ਪ੍ਰਬੰਧਕ, ਧਾਰਮਿਕ ਆਗੂ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ। ਸਮਾਗਮ ਸ਼ਾਂਤੀਪੂਰਨ ਅਤੇ ਧਾਰਮਿਕ ਮਾਹੌਲ ਵਿਚ ਸੰਪੰਨ ਹੋਇਆ। ਸੰਗਤ ਵੱਲੋਂ ਵੀ ਰਾਜਪਾਲ ਦੀ ਆਮਦ ਨੂੰ ਸਨਮਾਨਯੋਗ ਕਦਮ ਦੱਸਿਆ ਗਿਆ। ਇਸ ਮੌਕੇ ਜ਼ਿਲ੍ਹਾ ਬਠਿੰਡਾ ਦੇ ਡੀਸੀ ਰਾਜੇਸ਼ ਧੀਮਾਨ, ਆਈਜੀ ਹਰਜੀਤ ਸਿੰਘ, ਐੱਸਐੱਸਪੀ ਜੋਤੀ ਯਾਦਵ, ਪੰਕਜ ਬਾਂਸਲ ਐੱਸਡੀਐੱਮ ਤਲਵੰਡੀ ਸਾਬੋ, ਐੱਸਪੀ ਨਰਿੰਦਰ ਸਿੰਘ ਸਿਟੀ ਬਠਿੰਡਾ, ਐੱਸਪੀ ਜਗਦੀਸ਼ ਬਿਸ਼ਨੋਈ, ਡੀਐੱਸਪੀ ਹਰਪ੍ਰੀਤ ਸਿੰਘ ਚਹਿਲ, ਦਵਿੰਦਰ ਸ਼ਰਮਾ ਜੂਨੀਅਰ ਇੰਜੀਨੀਅਰ ਨਗਰ ਕੌਂਸਲ, ਗੋਪਾਲ ਕ੍ਰਿਸ਼ਨ ਸ਼ਰਮਾ/ਯਸਪਾਲ ਡਿੰਪੀ ਦੋਨੋਂ ਸੀਨੀਅਰ ਭਾਜਪਾ ਆਗੂ ਆਦਿ ਹਾਜ਼ਰ ਸਨ l