‘ਜੀ ਰਾਮ ਜੀ’ ਕਾਨੂੰਨ ਖ਼ਿਲਾਫ਼ ਮਨਪ੍ਰੀਤ ਬਾਦਲ ਦੇ ਘਰ ਅੱਗੇ 22 ਨੂੰ ਧਰਨਾ
ਨਿੱਜੀਕਰਨ ਅਤੇ ‘ਜੀ ਰਾਮ ਜੀ’ ਕਾਨੂੰਨ ਖਿਲਾਫ ਮਨਪ੍ਰੀਤ ਬਾਦਲ ਦੇ ਘਰ ਮੂਹਰੇ ਧਰਨੇ ਸਬੰਧੀ ਮੀਟਿੰਗ
Publish Date: Sun, 15 Feb 2026 07:04 PM (IST)
Updated Date: Mon, 16 Feb 2026 04:12 AM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਪੰਜਾਬ ਦੀਆਂ ਦਰਜਨਾਂ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਵੱਲੋਂ 22 ਫਰਵਰੀ ਨੂੰ ਪੰਜਾਬ ਭਰ ’ਚ ਭਾਜਪਾ ਤੇ ‘ਆਪ’ ਆਗੂਆਂ ਦੇ ਘਰਾਂ ਮੂਹਰੇ ਧਰਨੇ ਸਬੰਧੀ ਮੀਟਿੰਗ ਕੀਤੀ ਗਈ। ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਘੁੱਦਾ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ ਕੋਟਗੁਰੂ ਤੇ ਘੁੱਦਾ ਦੇ ਸਰਗਰਮ ਮਜ਼ਦੂਰ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ 22 ਫਰਵਰੀ ਨੂੰ ਮਨਪ੍ਰੀਤ ਸਿੰਘ ਬਾਦਲ ਦੇ ਘਰ ਮੂਹਰੇ ਧਰਨਾ ਮਨਰੇਗਾ ਦੀ ਥਾਂ ਲਿਆਂਦੇ ‘ਜੀ ਰਾਮ ਜੀ’ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਬਹਾਲ ਕਰਨ, ਬਿਜਲੀ ਸੋਧ ਬਿੱਲ ਤੇ ਮਜ਼ਦੂਰ ਵਿਰੋਧੀ ਲੇਬਰ ਕੋਡ ਤੇ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਰੱਦ ਕਰਨ ਵਰਗੀਆਂ ਮੰਗਾਂ ਸਬੰਧੀ ਲਗਾਇਆ ਜਾਵੇਗਾ। ਕੇਂਦਰ ਸਰਕਾਰ ਤੇ ਪੰਜਾਬ ਦੀ ‘ਆਪ’ ਸਰਕਾਰ ਲਗਾਤਾਰ ਮਜ਼ਦੂਰ ਕਿਸਾਨ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰਕੇ ਨੀਤੀਆਂ ਦਾ ਵਿਰੋਧ ਕਰਦੇ ਕਿਰਤੀ ਲੋਕਾਂ ’ਤੇ ਜ਼ੁਲਮ ਢਾਹ ਰਹੀਆਂ ਹਨ। ਭਾਜਪਾ ਦੀ ਸਰਕਾਰ ‘ਜੀ ਰਾਮ ਜੀ’ ਕਾਨੂੰਨ ਤਹਿਤ ਮਜ਼ਦੂਰਾਂ ਨੂੰ 125 ਦਿਨ ਕੰਮ ਦੇਣ ਦੇ ਫਰੇਬੀ ਐਲਾਨਾਂ ਰਾਹੀਂ ਮਜ਼ਦੂਰਾਂ ਨੂੰ ਮਨਰੇਗਾ ’ਚ ਮਿਲਦਾ ਨਾਂਮਾਤਰ ਰੁਜ਼ਗਾਰ ਵੀ ਖੋਹਣ ’ਤੇ ਉਤਾਰੂ ਹੈ ਅਤੇ ਬਿਜਲੀ ਦੇ ਮੁਕੰਮਲ ਨਿੱਜੀਕਰਨ ਰਾਹੀਂ ਕਿਰਤੀ ਲੋਕਾਂ ਤੋਂ ਬਿਜਲੀ ਖੋਹ ਕੇ ਉਨ੍ਹਾਂ ਦੇ ਘਰਾਂ ’ਚ ਹਨੇਰਾ ਕਰਨ ਦੀ ਸਾਜ਼ਿਸ਼ ਕਰ ਰਹੀ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਨਿੱਜੀਕਰਨ ਤੇ ਪੰਚਾਇਤੀਕਰਨ ਦੀਆਂ ਨੀਤੀਆਂ ਲਾਗੂ ਕਰਕੇ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਤੇ ਬਿਜਲੀ ਦੇ ਸਮਾਰਟ ਮੀਟਰ ਲਾਉਣ ਵਰਗੇ ਕਦਮ ਚੁੱਕ ਰਹੀ ਹੈ। ਮੀਟਿੰਗ ਨੂੰ ਮਜ਼ਦੂਰ ਆਗੂ ਰਣਦੀਪ ਸਿੰਘ ਰਾਣਾ, ਹਰਵਿੰਦਰ ਸਿੰਘ, ਨਾਨਕ ਸਿੰਘ ਤੇ ਗੁਰਮੀਤ ਸਿੰਘ ਕੋਟਗੁਰੂ ਨੇ ਵੀ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਧਰਨੇ ਦੀ ਸਫਲਤਾ ਲਈ ਇਲਾਕੇ ਦੇ ਪਿੰਡਾਂ ਚ ਵਿਸ਼ਾਲ ਤੇ ਸਾਂਝੀਆਂ ਜਨਤਕ ਇਕੱਤਰਤਾਵਾਂ ਕੀਤੀਆਂ ਜਾਣਗੀਆਂ ਅਤੇ 22 ਦੇ ਬਾਦਲ ਧਰਨੇ ’ਚ ਪਰਿਵਾਰਾਂ ਸਮੇਤ ਖੇਤ ਮਜ਼ਦੂਰਾਂ ਦੀ ਸ਼ਮੂਲੀਅਤ ਕਰਾਈ ਜਾਵੇਗੀ।