ਦਿ ਸੰਸਕਾਰ ਸਕੂਲ ਦੇ ਬੱਚਿਆਂ ਵੱਲੋਂ ਨੁੱਕੜ ਨਾਟਕ ਪੇਸ਼
ਦ ਸੰਸਕਾਰ ਸਕੂਲ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਕੀਤਾ ਪੇਸ਼
Publish Date: Tue, 17 Feb 2026 05:11 PM (IST)
Updated Date: Wed, 18 Feb 2026 04:06 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਦ ਸੰਸਕਾਰ ਸਕੂਲ ਦੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਵੱਲੋਂ ਅੱਜ ਨਸ਼ਿਆਂ ਦੇ ਵਿਰੋਧ ਵਿਚ ਇਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕਰਕੇ ਸਮਾਜ ਨੂੰ ਜਾਗਰੂਕ ਕਰਨ ਦਾ ਸਫਲ ਯਤਨ ਕੀਤਾ ਗਿਆ। ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੂੰ ਜਾਂਦੇ ਮੁੱਖ ਰਸਤੇ ਦੇ ਗੇਟ ਨੇੜੇ ਕਰਵਾਇਆ ਗਿਆ। ਨਾਟਕ ਦਾ ਮੁੱਖ ਉਦੇਸ਼ ਨਸ਼ਿਆਂ ਦੇ ਘਾਤਕ ਪ੍ਰਭਾਵਾਂ ਬਾਰੇ ਲੋਕਾਂ ਨੂੰ ਸਚੇਤ ਕਰਨਾ ਸੀ। ਇਸ ਮੌਕੇ ਤਲਵੰਡੀ ਸਾਬੋ ਦੇ ਡੀਐੱਸਪੀ ਹਰਪ੍ਰੀਤ ਸਿੰਘ ਚਹਿਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਸ਼ਾਮੁਕਤ ਸਮਾਜ ਦੀ ਸਥਾਪਨਾ ਲਈ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਬਹੁਤ ਜ਼ਰੂਰੀ ਹਨ। ਉਨ੍ਹਾਂ ਨੌਜਵਾਨਾਂ ਨੂੰ ਸਹੀ ਰਾਹ ਚੁਣਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ। ਸਕੂਲ ਦੇ ਚੇਅਰਪਰਸਨ ਨਿਮਰਤ ਕੌਰ ਸਿੱਧੂ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀ ਗਤੀਵਿਧੀਆਂ ਨਾਲ ਬੱਚਿਆਂ ’ਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਹੁੰਦੀ ਹੈ ਤੇ ਸਮਾਜ ਵਿਚ ਸਕਾਰਾਤਮਕ ਸੋਚ ਪੈਦਾ ਹੁੰਦੀ ਹੈ। ਨੁੱਕੜ ਨਾਟਕ ਦੇ ਅੰਤ ਵਿੱਚ ਸਾਰਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਨਸ਼ਾ-ਮੁਕਤ ਸਮਾਜ ਦੀ ਰਚਨਾ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੁਨੇਹਾ ਦਿੱਤਾ ਗਿਆ।