- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਅਰਮੈਨ ਜਤਿੰਦਰ ਭੱਲਾ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਕਈ ਮਸਲੇ ਮੌਕੇ ’ਤੇ ਨਿਪਟਾਏ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਆਮ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਤੇ ਬਹੁਤੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਨੇ ਪਾਣੀ ਸਪਲਾਈ, ਸੜਕਾਂ ਦੀ ਮੁਰੰਮਤ, ਸਿਹਤ ਸਹੂਲਤਾਂ, ਪੈਨਸ਼ਨ ਅਤੇ ਰੋਜ਼ਗਾਰ ਨਾਲ ਸਬੰਧਤ ਮਸਲੇ ਚੇਅਰਮੈਨ ਸਾਹਿਬ ਦੇ ਸਾਹਮਣੇ ਰੱਖੇ।
ਚੇਅਰਮੈਨ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨਾ ਉਨ੍ਹਾਂ ਦਾ ਮੁੱਢਲਾ ਫ਼ਰਜ਼ ਹੈ ਅਤੇ ਉਹ ਹਮੇਸ਼ਾ ਆਮ ਲੋਕਾਂ ਲਈ ਉਪਲੱਬਧ ਰਹਿੰਦੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਸੰਭਵ ਨਹੀਂ, ਉਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਪੂਰਾ ਲਾਭ ਲੈਣ। ਖਾਸ ਤੌਰ ’ਤੇ ਉਨ੍ਹਾਂ ਨੇ “ਮੁੱਖ ਮੰਤਰੀ ਸਿਹਤ ਬੀਮਾ ਯੋਜਨਾ” ਦੇ ਕਾਰਡ ਬਣਵਾਉਣ ’ਤੇ ਜ਼ੋਰ ਦਿੱਤਾ। ਇਹ ਯੋਜਨਾ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਨਾਲ ਮਹਿੰਗੇ ਇਲਾਜ ਦਾ ਬੋਝ ਘੱਟ ਹੁੰਦਾ ਹੈ। ਭੱਲਾ ਨੇ ਕਿਹਾ ਕਿ ਹਰ ਹੱਕਦਾਰ ਪਰਿਵਾਰ ਨੂੰ ਆਪਣਾ ਸਿਹਤ ਬੀਮਾ ਕਾਰਡ ਜ਼ਰੂਰ ਬਣਵਾਉਣਾ ਚਾਹੀਦਾ ਹੈ ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿੱਚ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਆਰਥਿਕ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਚੇਅਰਮੈਨ ਨੇ ਪੰਜਾਬ ਵਿੱਚ ਚੱਲ ਰਹੀ ਗੈਂਗਸਟਰਾਂ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਬਾਰੇ ਵੀ ਗੱਲ ਕੀਤੀ।
ਪੰਜਾਬ ਸਰਕਾਰ ਵੱਲੋਂ ਅਪਰਾਧ ਅਤੇ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਸੁਚੱਜਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਤਦ ਹੀ ਸੰਭਵ ਹੈ ਜਦੋਂ ਲੋਕ ਤੇ ਪ੍ਰਸ਼ਾਸਨ ਇਕੱਠੇ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੀ ਸੇਵਾ ਲਈ ਤੱਤਪਰ ਹਨ ਤੇ ਕਿਸੇ ਨੂੰ ਵੀ ਆਪਣੀ ਸਮੱਸਿਆ ਲਈ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਮੁਲਾਕਾਤ ਦੌਰਾਨ ਕਈ ਲੋਕਾਂ ਨੇ ਆਪਣੇ ਮਸਲੇ ਹੱਲ ਹੋਣ ’ਤੇ ਸੰਤੁਸ਼ਟੀ ਜਤਾਈ ਅਤੇ ਚੇਅਰਮੈਨ ਦਾ ਧੰਨਵਾਦ ਕੀਤਾ। ਇਲਾਕੇ ਦੇ ਸਮਾਜਿਕ ਆਗੂਆਂ ਨੇ ਵੀ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਨਤਾ ਦਰਬਾਰ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਭਰੋਸੇ ਨੂੰ ਮਜ਼ਬੂਤ ਕਰਦੇ ਹਨ। ਚੇਅਰਮੈਨ ਭੱਲਾ ਨੇ ਅੰਤ ’ਚ ਦੁਹਰਾਇਆ ਕਿ ਲੋਕ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਜਨਤਾ ਨਾਲ ਸਿੱਧੀ ਗੱਲਬਾਤ ਜਾਰੀ ਰੱਖਣਗੇ।