- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ’ਤੇ ਲਾਠੀਚਾਰਜ ਦੀ ਵੱਖ-ਵੱਖ ਸੰਗਠਨਾਂ ਵੱਲੋਂ ਤਿੱਖੀ ਨਿੰਦਾ

-ਗ੍ਰਿਫ਼ਤਾਰ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ, ਸਰਕਾਰ ’ਤੇ ਲੋਕਤੰਤਰਿਕ ਆਵਾਜ਼ ਦਬਾਉਣ ਦੇ ਦੋਸ਼
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਜਿਊਂਦ ਸਮੇਤ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ’ਤੇ ਕੀਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲਿਆਂ ਅਤੇ ਕਥਿਤ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਸੂਬੇ ਦੇ ਕਿਸਾਨ, ਮਜ਼ਦੂਰ ਅਤੇ ਕਰਮਚਾਰੀ ਸੰਗਠਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੰਘਰਸ਼ ਦੇ ਹੱਕ ਵਿੱਚ ਕਈ ਜਥੇਬੰਦੀਆਂ ਖੁੱਲ੍ਹ ਕੇ ਮੈਦਾਨ ਵਿੱਚ ਆ ਗਈਆਂ ਹਨ ਤੇ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਗ੍ਰਿਫ਼ਤਾਰ ਕੀਤੇ ਕਿਸਾਨਾਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ ਹੈ। ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਨੇ ਕਿਸਾਨਾਂ ’ਤੇ ਹੋਈ ਪੁਲਿਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੁਲਿਸ ਨੇ ਪਿੰਡਾਂ ਵਿੱਚ ਦਾਖਲ ਹੋ ਕੇ ਜਬਰ ਜ਼ੁਲਮ ਕੀਤਾ। ਸੰਗਠਨ ਦੇ ਪ੍ਰਦੇਸ਼ ਪ੍ਰਧਾਨ ਭਗਵੰਤ ਸਿੰਘ ਸਮਾਓ ਅਤੇ ਪ੍ਰਦੇਸ਼ ਆਗੂ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਨੂੰ ਦਬਾਉਣ ਨਾਲ ਸਰਕਾਰ ਦਾ “ਦੋਹਰਾ ਚਿਹਰਾ” ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਜਨ-ਹਿਤੈਸ਼ੀ ਦਿਖਣ ਵਾਲੀ ਸਰਕਾਰ ਅੱਜ ਲੋਕਤੰਤਰਕ ਅੰਦੋਲਨਾਂ ਨੂੰ ਕੁਚਲਣ ਵਿੱਚ ਲੱਗੀ ਹੋਈ ਹੈ। ਇਸੇ ਤਰ੍ਹਾਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਨੇ ਵੀ ਬੀਕੇਯੂ ਏਕਤਾ ਉਗਰਾਹਾਂ ਦੇ ਕਾਰਕੁਨਾਂ ਦੇ ਘਰਾਂ ’ਤੇ ਛਾਪੇਮਾਰੀ, ਬੇਤਹਾਸ਼ਾ ਗ੍ਰਿਫ਼ਤਾਰੀਆਂ ਅਤੇ ਹਿੰਸਕ ਕਾਰਵਾਈ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਮੋਰਚੇ ਨੇ ਮੰਗ ਕੀਤੀ ਕਿ ਹੱਕੀ ਸੰਘਰਸ਼ ਨੂੰ ਦਬਾਉਣ ਦੀ ਬਜਾਏ ਜੇਲ੍ਹਾਂ ਵਿੱਚ ਬੰਦ ਕਿਸਾਨ ਕਾਰਕੁਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਜੀਐੱਚਟੀਪੀ ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ ਨੇ ਵੀ ਕਿਸਾਨਾਂ ’ਤੇ ਕੀਤੀ ਕਾਰਵਾਈ ਨੂੰ ਲੋਕਤੰਤਰ ਦੇ ਖ਼ਿਲਾਫ਼ ਕਰਾਰ ਦਿੱਤਾ। ਯੂਨੀਅਨ ਨੇ ਕਿਹਾ ਕਿ ਸੰਘਰਸ਼ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ’ਤੇ ਹਿੰਸਾ ਅਤੇ ਗ੍ਰਿਫ਼ਤਾਰੀਆਂ ਕਤਈ ਕਬੂਲਯੋਗ ਨਹੀਂ ਹਨ ਤੇ ਸਰਕਾਰ ਨੂੰ ਤੁਰੰਤ ਦਮਨਕਾਰੀ ਨੀਤੀ ਬੰਦ ਕਰਨੀ ਚਾਹੀਦੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਪ੍ਰਦੇਸ਼ ਕਮੇਟੀ ਨੇ ਵੀ ਪਿੰਡ ਜਿਊਂਦ ਵਿੱਚ ਹੰਝੂ ਗੈਸ ਦੇ ਗੋਲੇ ਛੱਡਣ, ਘਰਾਂ ਦੀਆਂ ਛੱਤਾਂ ’ਤੇ ਚੜ੍ਹ ਕੇ ਗੈਸ ਦਾਗਣ ਅਤੇ ਕਈ ਇਲਾਕਿਆਂ ਵਿੱਚ ਲਾਠੀਚਾਰਜ ਦੀਆਂ ਘਟਨਾਵਾਂ ਦੀ ਤਿੱਖੀ ਨਿੰਦਾ ਕੀਤੀ। ਪ੍ਰਦੇਸ਼ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਉਪ-ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਇਹ ਕਾਰਵਾਈ ਸਰਕਾਰ ਦੀ ਘਬਰਾਹਟ ਦਾ ਸੰਕੇਤ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਕਿਸਾਨ ਲਹਿਰ ਇਸ ਜ਼ੁਲਮ ਦਾ ਜਵਾਬ “ਲੋਕ ਤਾਕਤ” ਦੇ ਜ਼ਰੀਏ ਦੇਵੇਗੀ ਅਤੇ ਉਗਰਾਹਾਂ ਜਥੇਬੰਦੀ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ। ਟੀਐੱਸਯੂ ਨੇ ਐਮਰਜੈਂਸੀ ਆਨਲਾਈਨ ਮੀਟਿੰਗ ਕਰਕੇ ਕਿਸਾਨਾਂ ’ਤੇ ਹੋਏ ਜ਼ੁਲਮ, ਪਿੰਡਾਂ ’ਚ ਨਾਕੇਬੰਦੀ, ਆਗੂਆਂ ਦੇ ਘਰਾਂ ’ਤੇ ਛਾਪੇਮਾਰੀ ਅਤੇ ਲੋਕਤੰਤਰਕ ਧਰਨਿਆਂ ’ਤੇ ਰੋਕ ਲਗਾਉਣ ਦੀ ਤਿੱਖੀ ਆਲੋਚਨਾ ਕੀਤੀ। ਯੂਨੀਅਨ ਨੇ ਪ੍ਰਸ਼ਾਸਨ ਨਾਲ ਗੱਲ ਕਰਕੇ ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਅਤੇ ਬਿਜਲੀ ਕਰਮਚਾਰੀਆਂ ਤੇ ਸੇਵਾਮੁਕਤ ਮੁਲਾਜ਼ਮਾਂ ਨੂੰ ਵੀ ਸਰਕਾਰ ਦੀ ਇਸ ਨੀਤੀ ਦੇ ਵਿਰੋਧ ਵਿੱਚ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।ਬਾਕਸ
ਲੰਮੇ ਸਮੇਂ ਤੋਂ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਕੀਤੇ ਸਾਥੀਆਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਦਾਗਣਾ ਜਮਹੂਰੀਅਤ ਦਾ ਘਾਣ ਹੈ। ਇਸ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਸਭਾ ਦੇ ਪ੍ਰਧਾਨ ਪ੍ਰੋਫੈਸਰ ਜਗਮੋਹਨ ਸਿੰਘ, ਜਰਨਲ ਸਕੱਤਰ ਪ੍ਰਿਤਪਾਲ ਸਿੰਘ, ਸਕੱਤਰੇਤ ਮੈਂਬਰ ਡਾ. ਅਜੀਤਪਾਲ ਸਿੰਘ ਤੇ ਪ੍ਰੈੱਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਡੀਸੀ ਦਫਤਰ ਬਠਿੰਡਾ ਵਿਖੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਕੇ ਲੰਮੇਂ ਸਮੇਂ ਤੋਂ ਜੇਲ੍ਹ ਵਿੱਚ ਬੰਦ ਸਾਥੀਆਂ ਦੀ ਰਿਹਾਈ ਲਈ ਮੰਗ ਨੂੰ ਉਭਾਰਨਾ ਸੀ। ਪਰ ਧਰਨਿਆਂ ਵਿਚੋਂ ਨਿਕਲੀ ‘ਆਪ’ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਨਕਸ਼ੇ-ਕਦਮ ’ਤੇ ਚੱਲਦਿਆਂ ਇਕ ਵਾਰ ਫਿਰ ਪੰਜਾਬ ਦੀਆਂ ਸੜਕਾਂ ਨੂੰ ਪੁਲਿਸ ਜ਼ਬਰ ਦੇ ਰੂਪ ਵਿੱਚ ਬਦਲ ਦਿੱਤਾ। ਇੱਥੋਂ ਤਕ ਰਾਤ ਨੂੰ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰਨ ਤੋਂ ਬਾਅਦ ਵੱਖ ਵੱਖ ਥਾਵਾਂ ਤੇ ਇੱਕਠੇ ਹੋ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਭਾਰੀ ਪੁਲਿਸ ਫੋਰਸ ਦੇ ਜੋਰ ਨਾਲ ਧਰਨਾ ਸਥਾਨ ਤੋਂ ਜਾਣ ਤੋਂ ਰੋਕਿਆ ਗਿਆ। ਸਭਾ ਨੇ ਜਿਊਂਦ ਪਿੰਡ ਵਿਚ ਇਕਠੇ ਹੋਏ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਵਰਾ ਕੇ ਲੋਕਾਂ ਨੂੰ ਜ਼ਖਮੀ ਕਰਨ, ਦਹਿਸ਼ਤ ਦਾ ਮਾਹੌਲ ਸਿਰਜਣ ਦੀ ਨਿਖੇਧੀ ਕੀਤੀ ਹੈ। ਬਹੁਤ ਸਾਰੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਆਪਣੇ ਫਾਸ਼ੀਵਾਦੀ ਚਿਹਰੇ ਨੂੰ ਉਜਾਗਰ ਕੀਤਾ ਹੈ। ਪਿਛਲੀ 6 ਫਰਵਰੀ ਨੂੰ ਵੀ ਕਿਸਾਨਾਂ ਤੇ ਇਸੇ ਤਰ੍ਹਾਂ ਦਾ ਤਸ਼ੱਦਦ ਕੀਤਾ ਸੀ। ਪੁਲਿਸ ਪ੍ਰਸ਼ਾਸਨ ਵੱਲੋਂ 14 ਫਰਵਰੀ ਤਕ ਜੇਲ੍ਹ ਵਿੱਚ ਬੰਦ ਸਾਥੀਆਂ ਨੂੰ ਰਿਹਾਅ ਕਰਨ ਲਈ ਕੋਈ ਢੁਕਵਾਂ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਪਰ ਭਰੋਸਾ ਤੋੜ ਕੇ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਪੁਲਿਸ ਜ਼ਬਰ ਦਾ ਸਹਾਰਾ ਲਿਆ ਜਾ ਰਿਹਾ ਹੈ।