25 ਲੱਖ ਅਧਿਆਪਕਾਂ ‘ਤੇ ਸੰਕਟ: ਟੈੱਟ ਮਸਲੇ ‘ਤੇ ਸੂਬਾ ਪੱਧਰੀ ਰੈਲੀ ਦਾ ਐਲਾਨ

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਰਾਮਪੁਰਾ ਫੂਲ : ਪਿਛਲੇ ਲੰਬੇ ਸਮੇਂ 25-25 ਸਾਲ ਤੋਂ ਨੌਕਰੀ ਕਰ ਰਹੇ ਅਧਿਆਪਕਾਂ ਉੱਪਰ ਟੈੱਟ ਦਾ ਟੈਸਟ ਪਾਸ ਕਰਨ ਦੇ ਸੁਪਰੀਮ ਕੋਰਟ ਦੇ ਆਏ ਇਕ ਫੈਸਲੇ ਨੇ ਦੇਸ਼ ਭਰ ਦੇ ਲਗਭਗ 25 ਲੱਖ ਅਧਿਆਪਕਾਂ ਦੀ ਨੀਂਦ ਉਡਾ ਦਿੱਤੀ ਹੈ। ਇਸ ਮਸਲੇ ਨੂੰ ਲੈ ਕੇ ਪਿਛਲੇ ਦਿਨੀਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲ੍ਹਾ ਕਮੇਟੀ ਤੇ ਬਲਾਕ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਦੀ ਅਗਵਾਈ ਵਿਚ ਕੀਤੀ ਗਈ। ਇਸ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਸੀਨੀਅਰ ਆਗੂ ਨਵਚਰਨਪ੍ਰੀਤ, ਬਲਾਕ ਪ੍ਰਧਾਨ ਰਾਮਪੁਰਾ ਵਿਕਾਸ ਗਰਗ ਤੇ ਮੀਤ ਪ੍ਰਧਾਨ ਖੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਰਾਮਪੁਰਾ ਤੇ ਜ਼ਿਲ੍ਹਾ ਬਠਿੰਡਾ ਦੇ ਦੂਜੇ ਬਲਾਕਾਂ ਦੀਆਂ ਟੀਮਾਂ ਸਕੂਲ ਤੋਂ ਸਕੂਲ ਜਾ ਕੇ 22 ਫਰਵਰੀ ਦੀ ਅਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੀ ਰੈਲੀ ਲਈ ਲਾਮਬੰਦੀ ਕਰ ਰਹੀਆਂ ਹਨ।
ਇਸ ਮੀਟਿੰਗ ਵਿਚ ਹੋਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ 1 ਸਤੰਬਰ 2025 ਨੂੰ ਸੁਪਰੀਮ ਕੋਰਟ ਦੇ ਆਏ ਫੈਸਲੇ ਵਿੱਚ ਤੱਥਾਂ ਉੱਪਰ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਅੱਜ ਦੇਸ਼ ਭਰ ਦੇ 25 ਲੱਖ ਸਰਕਾਰੀ ਅਧਿਆਪਕ ਅਤੇ ਪੰਜਾਬ ਦੇ ਲਗਭਗ 70000 ਅਧਿਆਪਕਾਂ ਦੀ ਨੌਕਰੀ ’ਤੇ ਤਲਵਾਰ ਲਟਕ ਗਈ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਬਣੇ ਐੱਨਸੀਟੀਈ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਭਰਤੀ ਹੋਏ ਅਧਿਆਪਕਾਂ ਨੂੰ ਬਾਅਦ ਵਿਚ ਲਾਗੂ ਹੋਏ ਆਰਟੀਈ. ਐਕਟ 2009 ਦੀਆਂ ਸ਼ਰਤਾਂ ਅਨੁਸਾਰ ਟੈੱਟ ਦਾ ਟੈਸਟ ਪਾਸ ਕਰਨ ਦੀ ਸ਼ਰਤ ਥੋਪਣਾ ਇੱਕ ਤੁਗਲਕੀ ਫੁਰਮਾਨ ਹੈ। ਆਗੂਆਂ ਨੇ ਸੁਪਰੀਮ ਕੋਰਟ ਨੂੰ ਇਸ ਫੈਸਲੇ ਤੇ ਮੁੜ ਵਿਚਾਰ ਕਰਕੇ ਤੱਥਾਂ ਅਨੁਸਾਰ ਫ਼ੈਸਲਾ ਲੈਣ ਦੀ ਅਪੀਲ ਕੀਤੀ। ਬਲਾਕ ਸਕੱਤਰ ਅਨਿਲ ਭੱਟ ਤੇ ਵਿੱਤ ਸਕੱਤਰ ਕੁਲਦੀਪ ਕੁਮਾਰ ਪਾਂਧੀ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਰੇਸ਼ਮ ਸਿੰਘ ਚਾਉਕੇ, ਅਨੂ ਬਾਲਾ ਤੇ ਸੁਦੇਸ਼ ਸ਼ਰਮਾ ਨੇ ਦੱਸਿਆ ਕਿ ਇਸ ਮਸਲੇ ਤੇ ਪੰਜਾਬ ਦੀਆਂ 15 ਜਥੇਬੰਦੀਆਂ ਨੇ ਇੱਕ ਮੰਚ ’ਤੇ ਆ ਕੇ ਸੰਘਰਸ਼ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਅਧੀਨ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਆਗੂਆਂ ਨੇ ਫ਼ੈਸਲਾ ਕੀਤਾ ਕਿ 15 ਮਾਰਚ ਨੂੰ ਹੋ ਰਹੇ ਟੈਂਟ ਦੇ ਪੇਪਰ ਵਿੱਚ ਸੂਬਾ ਕਮੇਟੀ ਤੇ ਜ਼ਿਲ੍ਹਾ ਕਮੇਟੀ ਦਾ ਕੋਈ ਵੀ ਮੈਂਬਰ ਪੇਪਰ ਨਹੀਂ ਦੇਵੇਗਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਅਧਿਆਪਕਾਂ ਵਿੱਚ ਸੂਬਾ ਸਰਕਾਰ ਖਿਲਾਫ਼ ਭਾਰੀ ਰੋਹ ਪਾਇਆ ਜਾ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖਿਆ ਮੰਤਰੀ ਦੇ ਹਲਕੇ ਅਨੰਦਪੁਰ ਸਾਹਿਬ ਵਿੱਚ ਅਧਿਆਪਕ ਗਰਜਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਨੌਕਰੀ ਕਰ ਰਹੇ ਅਧਿਆਪਕਾਂ ਉੱਪਰ ਜਬਰੀ ਥੋਪੀ ਟੈੱਟ ਦੀ ਸ਼ਰਤ ਰੱਦ ਕਰੇ।