‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਲਾਇਆ ਕੈਂਪ
“ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਕੈਂਪ ਲਾਇਆ
Publish Date: Sat, 21 Feb 2026 05:52 PM (IST)
Updated Date: Sun, 22 Feb 2026 04:07 AM (IST)
-ਬਜ਼ੁਰਗਾਂ ਦੀ ਸਿਹਤ ਸੰਭਾਲ ਤੇ ਸਰਕਾਰੀ ਸਹੂਲਤਾਂ ਬਾਰੇ ਦਿੱਤੀ ਜਾਣਕਾਰੀ
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਸਰਕਾਰ ਵੱਲੋਂ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਤੇ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜ਼ੇਸ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ “ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਅੱਜ ਪੰਚਾਇਤੀ ਧਰਮਸ਼ਾਲਾ, ਗੋਨਿਆਣਾ ਮੰਡੀ ਵਿਖੇ ਮੈਡੀਕਲ ਅਤੇ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਬਜੁਰਗਾਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਇਹ ਜਾਣਕਾਰੀ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਰਸ਼ਦੀਪ ਕੌਰ ਨੇ ਸਾਂਝੀ ਕੀਤੀ। ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਰਸ਼ਦੀਪ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੈਂਪ ਦੌਰਾਨ ਡੀਐਲਐਸਏ ਰਾਹੀਂ ਬਜੁਰਗਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ, ਜਦਕਿ ਬੈਂਕਿੰਗ ਸੇਵਾਵਾਂ ਅਤੇ ਸਾਈਬਰ ਕਰਾਈਮ ਬਰਾਂਚ ਵੱਲੋਂ ਵਿੱਤੀ ਧੋਖਾਧੜੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜੁਰਗਾਂ ਨੂੰ ਸਨਮਾਨਯੋਗ ਅਤੇ ਸੁਰੱਖਿਅਤ ਜੀਵਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਉਨ੍ਹਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਕੋਈ ਪਰੇਸ਼ਾਨੀ ਨਾ ਝੱਲਣੀ ਪਵੇ। ਇਸ ਦੌਰਾਨ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਅਰਸ਼ਦੀਪ ਕੌਰ ਵੱਲੋਂ ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜਨ ਕਾਰਡ ਅਤੇ ਹੋਰ ਸਮਾਜਿਕ ਸੁਰੱਖਿਆ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਬਜੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਰਕਾਰੀ ਸਹਾਇਤਾ ਪ੍ਰਣਾਲੀ ਨਾਲ ਜੋੜਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਤਾਂ ਜੋ ਉਹ ਆਪਣੀ ਜ਼ਿੰਦਗੀ ਆਤਮਨਿਰਭਰ ਅਤੇ ਆਤਮਗੌਰਵ ਨਾਲ ਜੀ ਸਕਣ।
ਇਸ ਕੈਂਪ ਦੌਰਾਨ ਬਜੁਰਗਾਂ ਦੀ ਮੁਫ਼ਤ ਸਿਹਤ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਤੋਂ ਇਲਾਵਾ ਮੋਤੀਆਬਿੰਦ ਆਪ੍ਰੇਸ਼ਨ ਲਈ ਪੂਰਵ ਮੁਲਾਂਕਣ ਵੀ ਕੀਤਾ ਗਿਆ, ਤਾਂ ਜੋ ਯੋਗ ਬਜੁਰਗਾਂ ਵੱਲੋਂ ਆਪਣੇ ਮੁਫ਼ਤ ਆਪ੍ਰੇਸ਼ਨ ਕਰਵਾਏ ਜਾ ਸਕਣ। ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਊਸ਼ਾ ਰਾਣੀ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।
--