ਪਿਛਲੇ ਚਾਰ ਸਾਲ ਤੋਂ ਲੋਕ ਲਾਭ ਤੋਂ ਵਾਂਝੇ : ਗੋਲਡੀ, ਜੱਗਾ
ਆਪ ਸਰਕਾਰ ਨੇ ਪੰਜਾਬ ਦਾ ਬੇੜਾ ਗਰਕ ਕੀਤਾ: ਗੋਲਡੀ, ਜੱਗਾ
Publish Date: Sat, 21 Feb 2026 06:30 PM (IST)
Updated Date: Sun, 22 Feb 2026 04:10 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਸ਼੍ਰੋਮਣੀ ਅਕਾਲੀ ਦਲ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਅਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਕਈ ਮਹੱਤਵਪੂਰਨ ਸਕੀਮਾਂ ਨੂੰ ਜਾਂ ਤਾਂ ਬੰਦ ਕਰ ਦਿੱਤਾ ਗਿਆ ਹੈ ਜਾਂ ਫਿਰ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਉਨ੍ਹਾਂ ਦਾ ਲਾਭ ਨਹੀਂ ਮਿਲ ਰਿਹਾ। ਗੋਲਡੀ ਨੇ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਸਮੇਂ ’ਤੇ ਨਹੀਂ ਮਿਲ ਰਹੀ ਤੇ ਹਜ਼ਾਰਾਂ ਲਾਭਪਾਤਰੀ ਉਡੀਕ ਕਰ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਗਰੀਬ ਅਤੇ ਲੋੜਵੰਦ ਵਰਗ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ ਸਮੇਤ ਕਈ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਚਲਾਉਣ ਦੀ ਬਜਾਏ ਠੱਪ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਨਵੀਆਂ ਯੋਜਨਾਵਾਂ ਦਾ ਜ਼ਮੀਨੀ ਹਕੀਕਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਲੋਕਾਂ ਨੂੰ ਦਫਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ, ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਹਰੇਕ ਵਰਗ ਕਿਸਾਨ, ਮਜ਼ਦੂਰ, ਵਪਾਰੀ ਅਤੇ ਕਰਮਚਾਰੀ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹੈ ਤੇ ਸਰਕਾਰ ਤੋਂ ਖਹਿੜਾ ਛੁਡਵਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੇ ਸਮੇਂ ਵਿੱਚ ਚਲਾਈਆਂ ਗਈਆਂ ਸਕੀਮਾਂ ਲੋਕਾਂ ਦੀ ਭਲਾਈ ਲਈ ਸਨ ਤੇ ਉਹਨਾਂ ਦਾ ਸਿੱਧਾ ਲਾਭ ਆਮ ਆਦਮੀ ਤਕ ਪਹੁੰਚਦਾ ਸੀ। ਪਰ ਮੌਜੂਦਾ ਹਾਲਾਤ ਵਿੱਚ ਲੋਕ ਆਪਣੇ ਹੱਕਾਂ ਲਈ ਭਟਕਣ ਨੂੰ ਮਜਬੂਰ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਸਰਕਾਰ ਨੂੰ ਇਸ ਦੀ ਨਾਕਾਮੀ ਦਾ ਜਵਾਬ ਦੇਣਗੇ।