ਚੋਰੀ ਦੇ ਦੋਸ਼ ’ਚ ਅਣਪਛਾਤਿਆਂ ਖ਼ਿਲਾਫ਼ ਕੇਸ
ਚੋਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Sun, 22 Feb 2026 04:48 PM (IST)
Updated Date: Mon, 23 Feb 2026 04:04 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਦੋ ਥਾਵਾਂ ਤੋਂ ਕਣਕ ’ਤੇ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ’ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਮੌੜ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਅਰਤਿੰਦਰ ਸਿੰਘ ਵਾਸੀ ਪਿੰਡ ਕੱਲੋਂ ਜ਼ਿਲ੍ਹਾ ਮਾਨਸਾ ਨੇ ਦੱਸਿਆ ਕਿ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀ ਉਸ ਦੀ ਬੀਜ ਫੈਕਟਰੀ ’ਚ ਦਾਖ਼ਲ ਹੋਏ ਤੇ ਉਥੋਂ 125 ਗੱਟੇ ਕਣਕ ਦੇ ਚੋਰੀ ਕਰ ਲਏ। ਇਸ ਮਾਮਲੇ ਸਬੰਧੀ ਜਾਣਕਾਰੀ ਪੁਲਿਸ ਕੰਟਰੋਲ ਰੂਮ ਵਿਚ ਦਿੱਤੀ ਗਈ। ਜਿਸ ਤੋਂ ਬਾਅਦ ਥਾਣਾ ਮੌੜ ਪੁਲਿਸ ਨੇ ਉਕਤ ਮਾਮਲੇ ਵਿਚ ਕਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਤਲਵੰਡੀ ਸਾਬੋਂ ਪੁਲਿਸ ਨੇ ਚਾਰ ਮਹੀਨੇ ਪਹਿਲਾਂ ਚੋਰੀ ਹੋਏ ਦੋ ਮੋਟਰਸਾਈਕਲਾਂ ਦੇ ਮਾਮਲੇ ’ਚ ਕੇਸ ਦਰਜ ਕੀਤਾ ਹੈ। ਕਰਮਜੀਤ ਸਿੰਘ ਵਾਸੀ ਪਿੰਡ ਕੋਟਫੱਤਾ ਨੇ 14 ਅਕਤੂਬਰ 2025 ਅਤੇ ਸੁਖਵਿੰਦਰ ਸਿੰਘ ਵਾਸੀ ਪਿੰਡ ਝੀਰੀ, ਜ਼ਿਲ੍ਹਾ ਸਿਰਸਾ ਨੇ 12 ਅਕਤੂਬਰ 2025 ਨੂੰ ਗੁਰੂ ਕਾਸ਼ੀ ’ਵਰਸਿਟੀ ਤਲਵੰਡੀ ਸਾਬੋ ਤੋਂ ਆਪਣੇ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਦਿੱਤੀ ਸੀ। ਉਕਤ ਮਾਮਲੇ ਦਰਜ ਕਰਨ ਵਿੱਚ ਦੇਰੀ ਦੇ ਕਾਰਨਾਂ ਬਾਰੇ ਅਜੇ ਤੱਕ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਪੁਲਿਸ ਵੱਲੋਂ ਮਾਮਲਿਆਂ ਦੀ ਜਾਂਚ ਜਾਰੀ ਹੈ।