ਸੰਗਤ ਨੇ ਗੁਰੂਘਰ ’ਚ ਲਿਆ ਗੁਰਬਾਣੀ ਕੀਰਤਨ ਦਾ ਲਾਹਾ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ
Publish Date: Sun, 22 Feb 2026 04:52 PM (IST)
Updated Date: Mon, 23 Feb 2026 04:04 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋਂ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਦੂਰੋਂ-ਦੂਰੋਂ ਪੁੱਜੀਆਂ ਸੰਗਤਾਂ ਨੇ ਗੁਰੂਘਰ ਵਿੱਚ ਹਾਜ਼ਰੀ ਭਰ ਕੇ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲਿਆ। ਸਮਾਗਮ ਦੌਰਾਨ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ, ਭਾਈ ਅੰਮ੍ਰਿਤਪਾਲ ਸਿੰਘ ਹਜ਼ੂਰੀ ਰਾਗੀ ਜਥਾ, ਭਾਈ ਅੰਮ੍ਰਿਤਪਾਲ ਸਿੰਘ ਭੀਖੀ ਪ੍ਰਚਾਰਕ ਅਤੇ ਭਾਈ ਹਰਵਿੰਦਰ ਸਿੰਘ ਬੱਗਾ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ, ਗੁਰ ਇਤਿਹਾਸ ਅਤੇ ਧਾਰਮਿਕ ਪ੍ਰੇਰਣਾ ਭਰੇ ਵਿਚਾਰ ਸੁਣਾ ਕੇ ਨਿਹਾਲ ਕੀਤਾ ਗਿਆ। ਰਾਗੀ ਅਤੇ ਢਾਡੀ ਜਥਿਆਂ ਦੀਆਂ ਵਾਣੀਆਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਜੋੜਨ ਅਤੇ ਸਿੱਖੀ ਮੂਲਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿਚ 122 ਪ੍ਰਾਣੀਆਂ ਨੇ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣਨ ਦਾ ਸੌਭਾਗ ਪ੍ਰਾਪਤ ਕੀਤਾ। ਇਸ ਪਵਿੱਤਰ ਮੌਕੇ ’ਤੇ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਅੰਮ੍ਰਿਤ ਛਕਣ ਵਾਲੇ ਸਿੰਘਾਂ-ਕੌਰਾਂ ਨੂੰ ਵਧਾਈ ਦਿੰਦਿਆਂ ਗੁਰਮਤਿ ਮਾਰਗ ’ਤੇ ਡਟ ਕੇ ਚੱਲਣ ਦੀ ਅਪੀਲ ਕੀਤੀ ਗਈ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਬ ਆਫ਼ਿਸ ਇੰਚਾਰਜ ਭੋਲਾ ਸਿੰਘ ਹੀਰੇਵਾਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਰਹੀਆਂ। ਸਮਾਗਮ ਦੌਰਾਨ ਗੁਰੂ ਘਰ ਦਾ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਬਣਿਆ ਰਿਹਾ।