ਵਾਇਰਲ ਵੀਡੀਓ ਮਾਮਲਾ : ਪੁਲਿਸ ਨੇ ਪੀੜਤ ਦੀ ਕੀਤੀ ਪਛਾਣ
ਵਾਇਰਲ ਵੀਡੀਓ ਮਾਮਲਾ: ਪੁਲਿਸ ਨੇ ਪੀੜਤ ਵਿਅਕਤੀ ਦੀ ਕੀਤੀ ਪਛਾਣ
Publish Date: Tue, 24 Feb 2026 05:33 PM (IST)
Updated Date: Wed, 25 Feb 2026 04:05 AM (IST)

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਵਿਚ ਸੋਮਵਾਰ ਨੂੰ ਦੋ ਵਿਅਕਤੀਆਂ ਦੀ ਕੁੱਟਮਾਰ ਕਰਕੇ ਪੈਸੇ ਖੋਹਣ ਦੀ ਵੀਡੀਓ ਦੇ ਮਾਮਲੇ ਵਿਚ ਪੁਲਿਸ ਨੇ ਜਾਂਚ ਆਰੰਭ ਦਿੱਤੀ ਹੈ। ਪੁਲਿਸ ਨੇ ਪੀੜਤ ਵਿਅਕਤੀ ਦੀ ਪਛਾਣ ਕਰ ਲਈ ਹੈ। ਐੱਸਐੱਚਓ ਕੋਤਵਾਲੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਵੀਡੀਓ ਵਿਚ ਜਿਸ ਵਿਅਕਤੀਆਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ, ਉਨ੍ਹਾਂ ਵਿੱਚੋਂ ਇਕ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਕ ਹੋਰ ਵੀਡੀਓ ਵਿਚ ਉਕਤ ਪੀੜਤ ਲੁਟੇਰਿਆਂ ਦੇ ਨਾਲ ਫਿਰ ਆਉਂਦਾ ਦਿਖਾਈ ਦੇ ਰਿਹਾ ਹੈ। ਪੀੜਤ ਵਿਅਕਤੀ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ਼ਹਿਰ ’ਚ ਸਵੇਰ ਸਮੇਂ ਵਾਪਰੀ ਗੰਭੀਰ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਹੜਕੰਪ ਮਚਿਆ ਸੀ। ਵਾਇਰਲ ਵੀਡੀਓ ’ਚ ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਚਾਰ ਵਿਅਕਤੀ ਦੋ ਹੋਰ ਵਿਅਕਤੀਆਂ ਨੂੰ ਘੇਰ ਕੇ ਉਨ੍ਹਾਂ ਨਾਲ ਕੁੱਟਮਾਰ ਕਰ ਰਹੇ ਹਨ ਤੇ ਬਾਅਦ ਵਿਚ ਉਨ੍ਹਾਂ ਤੋਂ ਖੋਹ ਕਰਦੇ ਨਜ਼ਰ ਆ ਰਹੇ ਹਨ। ਇਹ ਘਟਨਾ ਬਿਰਲਾ ਮਿਲ ਰੋਡ ’ਤੇ ਸਵੇਰ ਸਮੇਂ ਵਾਪਰੀ ਦੱਸੀ ਜਾ ਰਹੀ ਹੈ। ਇਹ ਗਿਰੋਹ ਸਵੇਰੇ ਦੇ ਸਮੇਂ ਸੁੰਨੇ ਇਲਾਕਿਆਂ ਵਿਚ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਹੈ। ਵਾਇਰਲ ਹੋਈ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਦੋ ਵਿਅਕਤੀ ਰਸਤੇ ‘ਤੇ ਜਾ ਰਹੇ ਹਨ, ਇਸ ਦੌਰਾਨ ਚਾਰ ਨੌਜਵਾਨ ਉਨ੍ਹਾਂ ਨੂੰ ਘੇਰ ਲੈਂਦੇ ਹਨ। ਪਹਿਲਾਂ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਜਾਂਦੀ ਹੈ ਅਤੇ ਫਿਰ ਕੁੱਟਮਾਰ ਕਰਦੇ ਹੋਏ ਉਨ੍ਹਾਂ ਨੂੰ ਇਕ ਪਾਸੇ ਲੈ ਜਾਇਆ ਜਾਂਦਾ ਹੈ। ਕੁੱਟਮਾਰ ਤੋਂ ਬਾਅਦ ਦੋਸ਼ੀ ਉਨ੍ਹਾਂ ਤੋਂ ਕੀਮਤੀ ਸਮਾਨ ਅਤੇ ਨਕਦੀ ਖੋਹ ਕੇ ਮੌਕੇ ਤੋਂ ਫਰਾਰ ਹੋ ਜਾਂਦੇ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਕੋਤਵਾਲੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਵੀਡੀਓ ਦਾ ਗੰਭੀਰਤਾ ਨਾਲ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਪੀੜਤ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੀ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਸਕੇ।