ਗੁਰੂ ਕਾਸ਼ੀ ਯੂਨੀਵਰਸਿਟੀ “ਕਲਚਰ ਵਾਕ-2026’ ਸਮਾਗਮ ਕਰਵਾਇਆ
ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਰੰਗਾਰੰਗ ਸਮਾਰੋਹ “ਕਲਚਰ ਵਾਕ-2026 ਕਰਵਾਇਆ
Publish Date: Wed, 25 Feb 2026 05:26 PM (IST)
Updated Date: Thu, 26 Feb 2026 04:05 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟਰ ਸੱਭਿਆਚਾਰ ਤੇ ਯੁਵਾ ਮਾਮਲਿਆਂ ਵੱਲੋਂ ਭਾਰਤ ਦੀ ਅਨੇਕਤਾ ਵਿਚ ਏਕਤਾ ਨੂੰ ਦਰਸਾਉਂਦਾ ਰੰਗਾਰੰਗ ਪ੍ਰੋਗਰਾਮ “ਕਲਚਰ ਵਾਕ- 2026” ਕਰਵਾਇਆ ਗਿਆ, ਜਿਸ ਦਾ ਆਗਾਜ਼ ਮੁੱਖ ਮਹਿਮਾਨ ਪ੍ਰੋ. ਵਾਈਸ ਚਾਂਸਲਰ ਪ੍ਰੋ.( ਡਾ.) ਜਗਤਾਰ ਸਿੰਘ ਧੀਮਾਨ ਨੇ ਕੀਤਾ। ਇਸ ਮੌਕੇ ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ, ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਵੱਖ-ਵੱਖ ਫੈਕਲਟੀਆਂ ਦੇ ਡੀਨ, ਅਧਿਆਪਕ ਤੇ 350 ਤੋਂ ਵੱਧ ਵਿਦਿਆਰਥੀ ਹਾਜ਼ਰ ਹੋਏ। ਇਸ ਮੌਕੇ ਮੁੱਖ ਮਹਿਮਾਨ ਡਾ. ਧੀਮਾਨ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੇ ਹੁਨਰ ਰਾਹੀਂ ਸਾਰੇ ਭਾਰਤ ਦੇ ਸੱਭਿਆਚਾਰ ਦੀ ਤਸਵੀਰ ਨੂੰ ਮੰਚ ’ਤੇ ਬਾਖੂਬੀ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਇਹ ਮੰਚ ਭਾਰਤ ਦੀ ਅਨੇਕਤਾ ਵਿੱਚ ਏਕਤਾ ਦੀ ਤਸਵੀਰ ਪੇਸ਼ ਕਰਦਾ ਹੈ। ਇਸ ਸਮਾਗਮ ਰਾਹੀਂ ਫੈਸ਼ਨ, ਸੰਗੀਤ, ਡਿਜ਼ਾਇਨਿੰਗ, ਬਰਾਂਡਿੰਗ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਮਿਲਦੀ ਹੈ। ਇਸ ਲਈ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਰਹਿਣਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਵੀ ਮਿਲਦੇ ਹਨ। ਉਨ੍ਹਾਂ ਇਸ ਨਿਵੇਕਲੇ ਪ੍ਰੋਗਰਾਮਾਂ ਨੂੰ ਉਲੀਕਣ ਲਈ ਡਾ. ਕੰਵਲਜੀਤ ਕੌਰ ਤੇ ਟੀਮ ਦੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਭਾਰਤ ਦੇ ਵੱਖ-ਵੱਖ ਪ੍ਰਾਤਾਂ ਦੇ ਰੀਤੀ ਰਿਵਾਜਾਂ ਨੂੰ ਸੱਭਿਆਚਾਰਕ ਵਨੰਗੀਆਂ ਰਾਹੀਂ ਪੇਸ਼ ਕੀਤਾ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਸੱਭਿਆਚਾਰ ਤੇ ਯੁਵਾ ਮਾਮਲੇ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਸਮਾਰੋਹ ਵਿਚ 48 ਟੀਮਾਂ ਨੇ ਹਿੱਸਾ ਲਿਆ, ਜਿਸ ਵਿੱਚ ਉਨ੍ਹਾਂ ਨੇ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਸੱਭਿਆਚਾਰ ਤੇ ਪਹਿਰਾਵੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬ, ਜੰਮੂ ਕਸ਼ਮੀਰ, ਬਿਹਾਰ, ਹਿਮਾਚਲ ਪ੍ਰਦੇਸ਼, ਝਾਰਖੰਡ, ਬੰਗਾਲ, ਉਤਰਾਖੰਡ, ਤੇਲੰਗਾਨਾ, ਮਹਾਰਾਸ਼ਟਰ, ਹਰਿਆਣਾ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਦ੍ਰਿਸ਼ ਨੇ ਦਰਸ਼ਕਾਂ ਦੀਆਂ ਖੂਬ ਤਾੜੀਆਂ ਖੱਟੀਆਂ। ਇਸ ਮੌਕ ਲੋਕ ਗਾਇਕ ਜਿਗਰ ਨੇ ਆਪਣੀ ਗੀਤਾਂ ਰਾਹੀਂ ਦਰਸ਼ਕਾਂ ਦੀ ਵਾਹ-ਵਾਹ ਖੱਟੀ।ਪ੍ਰਬੰਧਕਾਂ ਵੱਲੋਂ ਸਾਰੇ ਪ੍ਰਤੀਯੋਗੀਆਂ ਨੂੰ ਸਰਟੀਫਿਕੇਟ ਅਤੇ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।