- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ
ਮੌੜ ਮੰਡੀ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੌੜ ਵੱਲੋਂ ਪਿੰਡ ਇਕਾਈ ਮਾੜੀ ਵਿਚ ਜ਼ਖ਼ਮੀ ਕਿਸਾਨ ਚਰਨਜੀਤ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਜਿਉਂਦ ਦੀ ਸੱਥ ਵਿੱਚ ਬਠਿੰਡਾ ਧਰਨੇ ’ਤੇ ਜਾਣ ਲਈ ਇਕੱਠੇ ਹੋਏ ਕਿਸਾਨਾਂ ’ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਧੀਨ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਧੱਕੇਸ਼ਾਹੀ ਕਰਦਿਆਂ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਕੁੱਟਮਾਰ ਕੀਤੀ, ਘਰਾਂ ਵਿਚ ਵੜ ਕੇ ਸਮਾਨ ਤੋੜਿਆ ਅਤੇ ਪਸ਼ੂਆਂ ਦਾ ਨੁਕਸਾਨ ਕੀਤਾ। ਆਗੂਆਂ ਮੁਤਾਬਿਕ ਇਸ ਘਟਨਾ ਦੌਰਾਨ ਕਿਸਾਨ ਚਰਨਜੀਤ ਸਿੰਘ ਮਾੜੀ ਦੀ ਲੱਤ ਪੰਜ ਥਾਵਾਂ ਤੋਂ ਟੁੱਟ ਗਈ ਅਤੇ ਪ੍ਰਨੀਤ ਸਿੰਘ ਜਿਉਂਦ ਦਾ ਹੱਥ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ। ਉਨ੍ਹਾਂ ਦੋਸ਼ ਲਾਇਆ ਗਿਆ ਕਿ ਐੱਸਐੱਸਪੀ ਬਠਿੰਡਾ ਜੋਤੀ ਯਾਦਵ ਦੇ ਕਹਿਣ ’ਤੇ ਪੁਲਿਸ ਨੇ ਚਰਨਜੀਤ ਸਿੰਘ ਨਾਲ ਜ਼ਬਰਦਸਤੀ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਇਕ ਲੱਤ ਟੁੱਟ ਗਈ ਅਤੇ ਸਿਰ ਤੇ ਸਰੀਰ ’ਤੇ ਗੰਭੀਰ ਸੱਟਾਂ ਆਈਆਂ। ਚਰਨਜੀਤ ਸਿੰਘ ਨੂੰ ਪਹਿਲਾਂ ਰਾਮਪੁਰੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਹਾਲਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕੀਤਾ ਗਿਆ। ਕਈ ਦਿਨ ਇਲਾਜ ਮਗਰੋਂ ਹੁਣ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ।
ਇਸ ਮੌਕੇ ਜਥੇਬੰਦੀ ਵੱਲੋਂ ਮਾੜੀ ਪਿੰਡ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੀ ਅਰਥੀ ਫੂਕੀ ਗਈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜਿਉਂਦ ਜ਼ਮੀਨ ਮਸਲੇ ਨਾਲ ਸਬੰਧਿਤ ਲਟਕਦੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ, ਜ਼ਖ਼ਮੀ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਇਲਾਜ ਸਰਕਾਰੀ ਖ਼ਰਚ ’ਤੇ ਕਰਵਾਇਆ ਜਾਵੇ। ਇਸ ਤੋਂ ਇਲਾਵਾ ਸ਼ਾਂਤਮਈ ਬੈਠੇ ਕਿਸਾਨਾਂ ’ਤੇ ਕਾਰਵਾਈ ਕਰਨ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਾਂ ’ਤੇ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਰੋਸ ਮੁਜ਼ਾਹਰੇ ਵਿੱਚ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ, ਜ਼ਿਲ੍ਹਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਸੇਮਾ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਰਾਮਨਗਰ, ਬਲਾਕ ਜਨਰਲ ਸਕੱਤਰ ਗੁਰਮੇਲ ਸਿੰਘ ਭੂੰਦੜ, ਗੁਰਜੀਤ ਸਿੰਘ ਬੰਗੇਹਰ, ਸਿੰਕਦਰ ਸਿੰਘ ਘੁੰਮਣ ਕਲਾਂ, ਗੁਰਦੀਪ ਸਿੰਘ ਮਾਈਸਰਖਾਨਾ, ਅਮ੍ਰਿਤ ਸਿੰਘ ਮੌੜ, ਪਿੰਡ ਇਕਾਈ ਪ੍ਰਧਾਨ ਭੋਲਾ ਸਿੰਘ ਮਾੜੀ, ਮਾਗੀ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਔਰਤਾਂ ਸ਼ਾਮਲ ਸਨ।