ਭਾਈ ਰੂਪਾ ਦੀ ਰੈਲੀ ਸੂਬਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ : ਅਕਾਲੀ ਆਗੂ
ਭਾਈ ਰੂਪਾ ਦੀ ਰੈਲੀ ਸੂਬਾ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ: ਅਕਾਲੀ ਆਗੂ
Publish Date: Thu, 26 Feb 2026 04:36 PM (IST)
Updated Date: Thu, 26 Feb 2026 04:40 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਰੈਲੀਆਂ ਦੀ ਕੀਤੀ ਗਈ ਸ਼ੁਰੂਆਤ ਤਹਿਤ 28 ਫਰਵਰੀ ਨੂੰ ਹਲਕਾ ਰਾਮਪੁਰਾ ਫੂਲ ਦੇ ਕਸਬਾ ਭਾਈ ਰੂਪਾ ਵਿਖੇ ਹਲਕਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਿੰਦਰ ਸਿੰਘ ਮਹਿਰਾਜ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਜਗਮੋਹਨ ਲਾਲ ਭਗਤਾ ਸੀਨੀਅਰ ਅਕਾਲੀ ਆਗੂ, ਸੁਖਦੀਪ ਸਿੰਘ ਸਿਰੀਏਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸੁਖਜਿੰਦਰ ਸਿੰਘ ਖਾਨਦਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਰਕਲ ਭਗਤਾ, ਜਸਪਾਲ ਸਿੰਘ ਵੜਿੰਗ ਪ੍ਰਧਾਨ ਯੂਥ ਵਿੰਗ ਸਰਕਲ ਭਗਤਾ ਅਤੇ ਗੁਰਪ੍ਰੀਤ ਸਿੰਘ ਘੰਡਾਬੰਨਾ ਸੀਨੀਅਰ ਯੂਥ ਅਕਾਲੀ ਆਗੂ ਨੇ ਕਿਹਾ ਕਿ ਭਾਈਰੂਪਾ ਦੀ ਰੈਲੀ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸੂਬੇ ਦੀ ਰਾਜਨੀਤੀ ਲਈ ਅਹਿਮ ਸਾਬਤ ਹੋਵੇਗੀ ਅਤੇ ਸੂਬਾ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ।
ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਰੈਲੀ ਨੂੰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ, ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਪੰਜਾਬ ਹਰ ਖੇਤਰ ਵਿੱਚ ਪਿੱਛੇ ਜਾ ਰਿਹਾ ਹੈ। ਕਿਸਾਨਾਂ ਨੂੰ ਫਸਲਾਂ ਦੇ ਸਹੀ ਭਾਅ ਨਹੀਂ ਮਿਲ ਰਹੇ, ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣੀ ਹੋਈ ਹੈ। ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ, ਜਿਸ ਕਾਰਨ ਹਰ ਵਰਗ ਵਿੱਚ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਇਕ ਵੱਡਾ ਮੰਚ ਸਾਬਤ ਹੋਵੇਗੀ। ਉਨ੍ਹਾਂ ਸਮੂਹ ਅਕਾਲੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਪਹੁੰਚ ਕੇ ਇਸ ਰੈਲੀ ਨੂੰ ਕਾਮਯਾਬ ਬਣਾਇਆ ਜਾਵੇ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤੀ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਥ ਅਤੇ ਪੰਜਾਬੀਅਤ ਦੀ ਰੱਖਿਆ ਲਈ ਵਚਨਬੱਧ ਰਹੇਗਾ।