‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ
‘ਪੰਜਾਬ ਬਚਾਓ ਰੈਲੀ’ ਦੀਆਂ ਤਿਆਰੀਆਂ ਸਬੰਧੀ ਮੀਟਿੰਗ
Publish Date: Thu, 26 Feb 2026 05:14 PM (IST)
Updated Date: Thu, 26 Feb 2026 05:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੋਨਿਆਣਾ : 7 ਮਾਰਚ ਨੂੰ ਗੋਨਿਆਣਾ ਮੰਡੀ ਦੀ ਨਵੀਂ ਅਨਾਜ ਮੰਡੀ ਵਿਚ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਸਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਪਾਰਟੀ ਦਫ਼ਤਰ ਵਿਚ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿਚ ਰੈਲੀ ਨੂੰ ਕਾਮਯਾਬ ਬਣਾਉਣ ਲਈ ਇਸ ਵਿਸ਼ੇਸ਼ ਰਣਨੀਤੀ ’ਤੇ ਚਰਚਾ ਕੀਤੀ ਗਈ। ਮੀਟਿੰਗ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੀਤੀ। ਇਸ ਦੌਰਾਨ ਪਾਰਟੀ ਦੇ ਕਈ ਸੀਨੀਅਰ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਰਹੇ। ਆਗੂਆਂ ਨੇ ਵੱਖ-ਵੱਖ ਇਲਾਕਿਆਂ ਵਿੱਚ ਸੰਪਰਕ ਮੁਹਿੰਮ ਤੇਜ਼ ਕਰਨ, ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣ ਅਤੇ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।
ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਨੂੰ ‘ਤਾਨਾਸ਼ਾਹੀ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬੀਆਂ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਔਰਤਾਂ ਅਤੇ ਨੌਜਵਾਨਾਂ ਸਮੇਤ ਹਰ ਵਰਗ ਨੂੰ ਰੈਲੀ ਵਿੱਚ ਸ਼ਾਮਲ ਕਰ ਕੇ ਇਸ ਨੂੰ ਇਤਿਹਾਸਕ ਬਣਾਇਆ ਜਾਵੇ। ਪਾਰਟੀ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ 7 ਮਾਰਚ ਨੂੰ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਣਗੇ ਅਤੇ ਪਾਰਟੀ ਆਪਣੀ ਤਾਕਤ ਦਾ ਪ੍ਰਦਰਸ਼ਨ ਕਰੇਗੀ।