ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਪੁਲਿਸ ਨੇ ਚਲਾਈ ਵਿਆਪਕ ਸਰਚ ਮੁਹਿੰਮ
ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਪੁਲਿਸ ਨੇ ਚਲਾਇਆ ਵਿਆਪਕ ਸਰਚ ਅਭਿਆਨ
Publish Date: Thu, 26 Feb 2026 05:39 PM (IST)
Updated Date: Thu, 26 Feb 2026 05:40 PM (IST)
- ਗੈਂਗਸਟਰਾਂ ਤੇ ਨਸ਼ਾ ਸਮੱਗਲਰਾਂ ’ਤੇ ਸਖ਼ਤ ਨਿਗਰਾਨੀ, ਡੀਐੱਸਪੀ ਸਪੈਸ਼ਲ ਕ੍ਰਾਈਮ ਦੀ ਅਗਵਾਈ ਹੇਠ ਕਾਰਵਾਈ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਪੰਜਾਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਵਿੱਚ ਲਗਾਤਾਰ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਰਵੱਈਆ ਅਪਣਾਉਂਦਿਆਂ ਪੁਲਿਸ ਨੇ ਸ਼ਰਾਰਤੀ ਤੱਤਾਂ ਦੀਆਂ ਸਰਗਰਮੀਆਂ ’ਤੇ ਨਿਗਰਾਨੀ ਹੋਰ ਤੇਜ਼ ਕਰ ਦਿੱਤੀ ਹੈ, ਤਾਂ ਜੋ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਡੀਐੱਸਪੀ ਸਪੈਸ਼ਲ ਕ੍ਰਾਈਮ ਕਰਮਜੀਤ ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਹ ਮੁਹਿੰਮ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ਾਲ ਪੱਧਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਪਰਾਧ ਅਤੇ ਨਸ਼ਿਆਂ ਦੇ ਜਾਲ ਨੂੰ ਤੋੜਨ ਲਈ ਪੁਲਿਸ ਹਰ ਪੱਧਰ ’ਤੇ ਚੌਕਸੀ ਵਰਤ ਰਹੀ ਹੈ।
ਸਰਚ ਮੁਹਿੰਮ ਦੌਰਾਨ ਹੋਟਲਾਂ, ਮਾਰਕੀਟਾਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਸਖ਼ਤ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਅਸਮਾਜਿਕ ਤੱਤ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਨੂੰ ਭੰਗ ਨਾ ਕਰ ਸਕੇ। ਡੀਐੱਸਪੀ ਕਰਮਜੀਤ ਸਿੰਘ ਨੇ ਕਿਹਾ ਕਿ ਨਸ਼ਾ ਸਮੱਗਲਿੰਗ ਅਤੇ ਗੈਂਗਸਟਰ ਸਰਗਰਮੀਆਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਸਰਗਰਮੀ ਬਾਰੇ ਤੁਰੰਤ ਜਾਣਕਾਰੀ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਪੁਲਿਸ ਦੀ ਸਰਵੋਚ ਪ੍ਰਾਥਮਿਕਤਾ ਹੈ। ਪੰਜਾਬ ਪੁਲਿਸ ਨਸ਼ਾਮੁਕਤ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ, ਤਾਂ ਜੋ ਆਮ ਨਾਗਰਿਕ ਬਿਨਾਂ ਡਰ ਦੇ ਸੁਰੱਖਿਅਤ ਮਾਹੌਲ ਵਿੱਚ ਆਪਣੀ ਜ਼ਿੰਦਗੀ ਬਤੀਤ ਕਰ ਸਕਣ।