ਕੋਟਸ਼ਮੀਰ ਹਲਕੇ ਦਾ ਪਟਵਾਰੀ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਕੋਟਸ਼ਮੀਰ ਹਲਕੇ ਦਾ ਪਟਵਾਰੀ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
Publish Date: Fri, 27 Feb 2026 06:41 PM (IST)
Updated Date: Sat, 28 Feb 2026 04:04 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਓਰੋ ਨੇ ਹਲਕਾ ਕੋਟਸ਼ਮੀਰ ਦੇ ਇਕ ਪਟਵਾਰੀ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਗ੍ਰਿਫ਼ਤਾਰ ਕੀਤਾ ਗਿਆ ਪਟਵਾਰੀ ਮਨਜੋਤ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਨੇ ਕਿਸਾਨ ਗਗਨਦੀਪ ਸਿੰਘ ਤੋਂ ਉਸ ਦੀ ਜ਼ਮੀਨ ਦੀ ਇਨਹਾਂਸਮੈਂਟ ਰਕਮ ਜਾਰੀ ਕਰਵਾਉਣ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਜਾਣਕਾਰੀ ਅਨੁਸਾਰ ਕਿਸਾਨ ਗਗਨਦੀਪ ਸਿੰਘ ਦੀ ਜ਼ਮੀਨ ਕੇਂਦਰ ਸਰਕਾਰ ਦੇ ਭਾਰਤਾ ਮਾਲਾ ਪ੍ਰੋਜੈਕਟ ਤਹਿਤ ਐਕਵਾਇਰ ਕੀਤੀ ਗਈ ਸੀ। ਜ਼ਮੀਨ ਐਕਵਾਇਰ ਤੋਂ ਬਾਅਦ ਕਿਸਾਨ ਨੂੰ ਮੁਆਵਜ਼ਾ ਤਾਂ ਮਿਲ ਗਿਆ ਸੀ, ਪਰ ਇਨਹਾਂਸਮੈਂਟ (ਵਾਧੂ ਮੁਆਵਜ਼ਾ ਰਕਮ) ਦੀ ਕਾਰਵਾਈ ਪੈਂਡਿੰਗ ਪਈ ਸੀ। ਦੋਸ਼ ਹੈ ਕਿ ਇਸ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਪਟਵਾਰੀ ਮਨਜੋਤ ਸਿੰਘ ਨੇ ਕਿਸਾਨ ਤੋਂ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਕਿਸਾਨ ਨੇ ਰਿਸ਼ਵਤ ਦੇਣ ਦੀ ਬਜਾਏ ਮਾਮਲੇ ਦੀ ਸੂਚਨਾ ਤੁਰੰਤ ਵਿਜੀਲੈਂਸ ਬਿਊਰੋ ਨੂੰ ਦਿੱਤੀ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਨੇ ਮਾਮਲੇ ਦੀ ਮੁੱਢਲੀ ਜਾਂਚ ਕੀਤੀ ਤੇ ਦੋਸ਼ ਸਹੀ ਪਾਏ ਜਾਣ ’ਤੇ ਟ੍ਰੈਪ ਲਗਾਉਣ ਦੀ ਯੋਜਨਾ ਬਣਾਈ। ਯੋਜਨਾ ਅਨੁਸਾਰ ਕਿਸਾਨ ਨੂੰ ਰੰਗ ਲਗਾ ਕੇ ਨੋਟ ਦੇ ਕੇ ਪਟਵਾਰੀ ਕੋਲ ਭੇਜਿਆ ਗਿਆ। ਵਿਜੀਲੈਂਸ ਦੀ ਟੀਮ ਨੇ ਪਹਿਲਾਂ ਹੀ ਬਠਿੰਡਾ ਦੇ ਪਟਵਾਰਖਾਨੇ ਵਿੱਚ ਜਾਲ ਵਿਛਾਇਆ ਹੋਇਆ ਸੀ। ਜਿਵੇਂ ਹੀ ਪਟਵਾਰੀ ਮਨਜੋਤ ਸਿੰਘ ਨੇ ਕਿਸਾਨ ਤੋਂ 10 ਹਜ਼ਾਰ ਰੁਪਏ ਰਿਸ਼ਵਤ ਵਜੋਂ ਪ੍ਰਾਪਤ ਕੀਤੇ, ਤੁਰੰਤ ਮੌਕੇ ‘ਤੇ ਮੌਜੂਦ ਵਿਜੀਲੈਂਸ ਟੀਮ ਨੇ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਰਕਮ ਵੀ ਬਰਾਮਦ ਕਰ ਲਈ ਗਈ। ਵਿਜੀਲੈਂਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਦੋਸ਼ੀ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਤੇ ਉਹ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਤਾਂ ਨਹੀਂ ਰਿਹਾ। ਜੇਕਰ ਜਾਂਚ ਦੌਰਾਨ ਹੋਰ ਤੱਥ ਸਾਹਮਣੇ ਆਉਂਦੇ ਹਨ ਤਾਂ ਮਾਮਲੇ ਵਿੱਚ ਹੋਰ ਧਾਰਾਵਾਂ ਵੀ ਜੋੜੀਆਂ ਜਾ ਸਕਦੀਆਂ ਹਨ। ਇਸ ਕਾਰਵਾਈ ਤੋਂ ਬਾਅਦ ਰੈਵਿਨਿਊ ਵਿਭਾਗ ਵਿੱਚ ਹਲਚਲ ਮਚ ਗਈ ਹੈ। ਵਿਜੀਲੈਂਸ ਬਿਊਰੋ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ, ਤਾਂ ਜੋ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਫਿਲਹਾਲ ਦੋਸ਼ੀ ਪਟਵਾਰੀ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।