- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਮਜੀਠੀਆ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਵਿੱਤਰ ਧਰਤੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਵਿਚ ਮੱਥਾ ਟੇਕਿਆ ਅਤੇ ਪੰਜਾਬ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਤਖ਼ਤ ਸਾਹਿਬ ਤੋਂ ਬਾਅਦ ਮਜੀਠੀਆ ਗੁਰਦੁਆਰਾ ਲਿਖਣਸਰ ਵਿਖੇ ਵੀ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰੰਪਰਾ ਅਨੁਸਾਰ 35 ਅੱਖਰੀ ਲਿਖ ਕੇ ਆਪਣੀ ਸ਼ਰਧਾ ਭੇਟ ਕੀਤੀ। ਇਸ ਦੌਰਾਨ ਤਖ਼ਤ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨਾਲ ਵੀ ਉਨ੍ਹਾਂ ਦੀ ਵਿਸ਼ੇਸ਼ ਮੁਲਾਕਾਤ ਹੋਈ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ, ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਦਲ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਸਮੇਤ ਕਈ ਆਗੂ ਹਾਜ਼ਰ ਸਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਬਠਿੰਡਾ ਜ਼ਿਲ੍ਹੇ ਦੇ ਜਿਉਂਦ ਪਿੰਡ ’ਚ ਕਿਸਾਨ ਨਾਲ ਪੁਲਿਸ ਵੱਲੋਂ ਕੀਤੀ ਕੁੱਟਮਾਰ ਨੂੰ ਨਿੰਦਣਯੋਗ ਘਟਨਾ ਕਰਾਰ ਦਿੱਤਾ। ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਬਹੁਤ ਖਰਾਬ ਹੈ ਅਤੇ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਭ ਕੁਝ ਦਿੱਲੀ ਦੇ ਆਗੂਆਂ ਦੇ ਇਸ਼ਾਰਿਆਂ ‘ਤੇ ਹੋ ਰਿਹਾ ਹੈ ਅਤੇ ਪੰਜਾਬ ਦੀ ਸਰਕਾਰ ਆਪਣੀ ਸੁਤੰਤਰਤਾ ਗੁਆ ਬੈਠੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਸਿਰਫ਼ ਦਿੱਲੀ ਦੀ ਰਾਜਨੀਤੀ ਵਿਚ ਹੀ ਵਿਅਸਤ ਹਨ। ਨਾਲ ਹੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਗੂ ਮਨੀਸ਼ ਸਿਸੋਦੀਆ ’ਤੇ ਵੀ ਤਿੱਖੇ ਹਮਲੇ ਕੀਤੇ। ਪੰਜਾਬ ਨੂੰ ਰਿਮੋਟ ਕੰਟਰੋਲ ਨਾਲ ਚਲਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਕਿਸਾਨਾਂ ਦੇ ਹੱਕਾਂ ਲਈ ਲੜਦੀ ਆਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕ ਵੱਡੀ ਗਿਣਤੀ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਨਾਲ ਜੁੜ ਰਹੇ ਹਨ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗੀ।
ਇਸ ਦੌਰਾਨ ਹਰਤਵਾਲ ਸਿੰਘ ਸੁੱਖੀ (ਨਿੱਜੀ ਸਹਾਇਕ ਸਿੱਧੂ), ਜਸਵਿੰਦਰ ਸਿੰਘ ਜੈਲਦਾਰ ਹਲਕਾ ਪ੍ਰਧਾਨ, ਰਸ਼ਵਿੰਦਰ ਸਿੰਘ ਮਾਨ (ਬਲਾਕ ਮੈਂਬਰ), ਬੂਟਾ ਸਿੰਘ ਸਰਪੰਚ ਲਾਲੇਆਣਾ, ਲਾਲੀ ਧਾਲੀਵਾਲ, ਬਬਲੂ ਸੰਧੂ, ਮਨਜੀਤ ਸਿੰਘ ਭਾਗੀਵਾਂਦਰ, ਅਮਨਦੀਪ ਸਿੰਘ ਟਾਂਡੀਆਂ, ਨਿੰਮਾ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜ਼ਰ ਰਹੇ।