ਗੁਰਦਾਸਪੁਰ ’ਚ ਨੌਜਵਾਨ ਦੀ ਮੌਤ ਸਬੰਧੀ ਮਾਮਲੇ ਦੀ ਹੋਵੇ ਨਿਰਪੱਖ ਜਾਂਚ
ਖੇਤ ਮਜ਼ਦੂਰ ਆਗੂਆਂ ਵੱਲੋਂ ਗੁਰਦਾਸਪੁਰ ਵਿਚ ਨੌਜਵਾਨ ਦੀ ਮੌਤ ਸਬੰਧੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ
Publish Date: Mon, 02 Mar 2026 06:39 PM (IST)
Updated Date: Tue, 03 Mar 2026 04:08 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਆਦੀਆ ਦੇ ਨੌਜਵਾਨ ਰਣਜੀਤ ਸਿੰਘ ਦੀ ਪੁਲਿਸ ਕਾਰਵਾਈ ਦੌਰਾਨ ਹੋਈ ਮੌਤ ਦੀ ਨਿਖੇਧੀ ਕਰਦਿਆਂ ਇਸ ਮਾਮਲੇ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤਾ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਕਿਹਾ ਕਿ ਕਿਸੇ ਵੀ ਜਮਹੂਰੀ ਸਮਾਜ ’ਚ ਦੋਸ਼ੀ ਨੂੰ ਅਦਾਲਤੀ ਪ੍ਰਕਿਰਿਆ ਰਾਹੀਂ ਦੋਸ਼ੀ ਸਾਬਤ ਕਰਨਾ ਲਾਜ਼ਮੀ ਹੁੰਦਾ ਹੈ ਤੇ ਹਰ ਵਿਅਕਤੀ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਨਸ਼ਾ ਤਸਕਰੀ ਤੇ ਗੈਂਗਸਟਰ ਵਿਰੋਧੀ ਮੁਹਿੰਮ ਦੇ ਨਾਂ 'ਤੇ ਨੌਜਵਾਨਾਂ ਖ਼ਿਲਾਫ਼ ਹੋ ਰਹੀਆਂ ਕਾਰਵਾਈਆਂ ਚਿੰਤਾਜਨਕ ਹਨ ਤੇ ਇਸ ਬਾਰੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕਿਸੇ ਵੀ ਮਾਮਲੇ ’ਚ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਹੋਈ ਹੈ, ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਯੂਨੀਅਨ ਨੇ ਦਾਅਵਾ ਕੀਤਾ ਕਿ ਮਜ਼ਦੂਰਾਂ, ਕਿਸਾਨਾਂ ਤੇ ਬੇਰੁਜ਼ਗਾਰ ਨੌਜਵਾਨਾਂ ਦੇ ਸੰਘਰਸ਼ਾਂ ਦੌਰਾਨ ਕਈ ਵਾਰ ਸਖ਼ਤ ਪ੍ਰਸ਼ਾਸਕੀ ਰਵੱਈਆ ਅਪਣਾਇਆ ਗਿਆ ਹੈ। ਉਨ੍ਹਾਂ ਨੇ ਹਾਲ ਹੀ ’ਚ ਬਠਿੰਡਾ ਜ਼ਿਲ੍ਹੇ ਦੇ ਜਿਉਂਦ ਪਿੰਡ ’ਚ ਕਿਸਾਨਾਂ ਨਾਲ ਹੋਈ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਲੋਕਤੰਤਰਿਕ ਹੱਕਾਂ ਦੀ ਰੱਖਿਆ ਯਕੀਨੀ ਬਣਾਈ ਜਾਵੇ। ਆਗੂਆਂ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਹਰ ਮਾਮਲੇ ’ਚ ਇੱਕੋ ਜਿਹਾ ਮਾਪਦੰਡ ਅਪਣਾਉਣਾ ਚਾਹੀਦਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਰਣਜੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ ਅਤੇ ਜੇ ਕਿਸੇ ਵੀ ਪੱਖ ਵੱਲੋਂ ਗ਼ਲਤੀ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨਸਾਫ਼ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨੀ ਤੇ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਚੁੱਕਣ।