- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 14 ਵਿਅਕਤੀ ਗ੍ਰਿਫਤਾਰ

-90,460 ਕੈਪਸੂਲ, 140 ਪਾਬੰਦੀਸ਼ੁਦਾ ਗੋਲੀਆਂ ਤੇ 25.42 ਗ੍ਰਾਮ ਹੈਰੋਇਨ ਬਰਾਮਦ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 14 ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 90 ਹਜਾਰ, 460 ਪਾਬੰਦੀਸ਼ੁਦਾ ਕੈਪਸੂਲ, 140 ਨਸ਼ੀਲੀਆਂ ਗੋਲੀਆਂ ਅਤੇ 25.42 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਭਾਗੂ ਰੋਡ ਉੱਪਰ ਵਾਟਰ ਵਰਕਸ ਦੇ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਰਵੀ ਸਿੰਘ ਵਾਸੀ ਦੰਗਾ ਪੀੜਿਤ ਕਲੋਨੀ ਬਠਿੰਡਾ ਵਜੋਂ ਹੋਈ ਹੈ। ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਲਾਈਨੋਂ ਪਾਰ ਖੇਤਰ ਵਿੱਚ ਠੰਡੀ ਸੜਕ ਉੱਪਰ ਇੱਕ ਐਕਟਿਵਾ ਨੰਬਰ ਪੀਬੀ 07 ਬੀਕਿਊ 2334 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਐਕਟਿਵਾ ਵਿੱਚੋਂ 90 ਹਜ਼ਾਰ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਸੰਜੀਵ ਕੁਮਾਰ ਵਾਸੀ ਬੀੜ ਰੋਡ ਬਠਿੰਡਾ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇੰਨ੍ਹੀ ਵੱਡੀ ਮਾਤਰਾ ਕੈਪਸੂਲ ਉਹ ਕਿੱਥੋਂ ਖਰੀਦ ਕਰਕੇ ਲਿਆਇਆ ਸੀ। ਇਸ ਤਰ੍ਹਾਂ ਹੀ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਭਾਗੂ ਰੋਡ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਫੜ ਲਿਆ, ਜਿਸ ਦੀ ਪਛਾਣ ਜਗਸੀਰ ਸਿੰਘ ਵਾਸੀ ਪਿੰਡ ਡਿੱਖ ਵਜੋਂ ਹੋਈ ਹੈ। ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਵੀ ਸਰਹਿੰਦ ਨਹਿਰ ਦੇ ਪੁੱਲ ਕੋਲ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 250 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਬੋਹੜ ਸਿੰਘ ਅਤੇ ਰਾਜਦੀਪ ਸਿੰਘ ਵਾਸੀ ਪਿੰਡ ਤਿਓਣਾ ਵਜੋਂ ਹੋਈ ਹੈ। ਥਾਣਾ ਨੇਹੀਆਵਾਲਾ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਗੋਨਿਆਣਾ ਮੰਡੀ ਦੇ ਵਾਟਰ ਵਰਕਸ ਨੇੜੇ ਇਕ ਵਿਅਕਤੀ ਮਨਪ੍ਰੀਤ ਸਿੰਘ ਵਾਸੀ ਨੇਹੀਆਂਵਾਲਾ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਕ ਹੋਰ ਮਾਮਲੇ ਵਿੱਚ ਥਾਣਾ ਭਗਤਾ ਭਾਈਕਾ ਦੀ ਪੁਲਿਸ ਨੇ ਪਿੰਡ ਕਾਂਗੜ ’ਚ ਦੋ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 210 ਨਸ਼ੀਲੇ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਮਹਿਕ ਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਢੈਪਈ ਜ਼ਿਲ੍ਹਾ ਫਰੀਦਕੋਟ ਵੱਲੋਂ ਹੋਈ ਹੈ। ਇਸੇ ਥਾਣੇ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਪਿੰਡ ਸਿਰੀਏਵਾਲਾ ਤੋਂ ਹਰਬੰਸ ਸਿੰਘ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਫੂਲ ਦੀ ਪੁਲਿਸ ਨੇ ਪਿੰਡ ਹਰਨਾਮ ਸਿੰਘ ਵਾਲਾ ਨੇੜੇ ਮਨਦੀਪ ਸਿੰਘ ਵਾਸੀ ਭਾਈ ਰੂਪਾ ਨੂੰ 40 ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਗਿੱਲ ਕਲਾਂ ਤੋਂ ਜੋਨੀ ਕੁਮਾਰ ਵਾਸੀ ਰਾਮਪੁਰਾ ਮੰਡੀ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਸ਼ਹਿਰ ਵਿੱਚ ਘੁੰਮ ਰਹੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5.30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਸਤਨਾਮ ਸਿੰਘ ਵਾਸੀ ਪਿੰਡ ਕੈਲੇ ਬਾਂਦਰ ਵਜੋਂ ਹੋਈ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਮਿਲਣ ’ਤੇ ਛਾਪੇਮਾਰੀ ਕਰਦਿਆਂ ਪਿੰਡ ਮਲਕਾਨਾ ਤੋਂ ਸੋਨੀ ਸਿੰਘ ਨੂੰ 8 ਕਿਲੋ ਪੋਸਤ ਦੇ ਪੌਦਿਆਂ ਸਮੇਤ ਕਾਬੂ ਕੀਤਾ ਹੈ। ਇਸੇ ਥਾਣੇ ਦੀ ਪੁਲਿਸ ਨੇ ਪਿੰਡ ਮਲਕਾਣਾ ਤੋਂ ਦੀਪੂ ਸਿੰਘ ਵਾਸੀ ਰਾਮਾ ਨੂੰ 3.12 ਗ੍ਰਾਮ ਹੈਰਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤੇ ਹਨ।