ਕੌਂਸਲਰ ਦੇ ਪਿਤਾ ’ਤੇ ਕਿਰਪਾਨ ਨਾਲ ਹਮਲਾ
ਕੌਂਸਲਰ ਦੇ ਪਿਤਾ ’ਤੇ ਕਿਰਪਾਨ ਨਾਲ ਹਮਲਾ
Publish Date: Tue, 03 Mar 2026 05:57 PM (IST)
Updated Date: Wed, 04 Mar 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਤਲਵੰਡੀ ਸਾਬੋ ਸ਼ਹਿਰ ਦੇ ਰਾਮਾ-ਰੋਡ ਸਥਿਤ ਗੁਰੂ ਕਾਸ਼ੀ ਕੈਂਪਸ ਨੇੜੇ ਵਾਰਡ ਨੰਬਰ 11 ਤੋਂ ਕੌਂਸਲਰ ਭਰਪੂਰ ਸਿੰਘ ਦੇ ਪਿਤਾ ਬਲਦੇਵ ਸਿੰਘ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ ਬਲਦੇਵ ਸਿੰਘ ਰਾਤ ਸਮੇਂ ਆਪਣੇ ਕੁੱਤੇ ਨਾਲ ਸੈਰ ਕਰ ਰਹੇ ਸਨ। ਇਸ ਦੌਰਾਨ ਇਕ ਗੱਡੀ ਉਨ੍ਹਾਂ ਕੋਲ ਆ ਕੇ ਰੁਕੀ। ਗੱਡੀ ਵਿੱਚ ਸਵਾਰ ਵਿਅਕਤੀਆਂ ਨੇ ਪਹਿਲਾਂ ਉਨ੍ਹਾਂ ਨਾਲ ਕੁੱਤੇ ਬਾਰੇ ਗੱਲਬਾਤ ਸ਼ੁਰੂ ਕੀਤੀ ਅਤੇ ਉਸਦੀ ਤਾਰੀਫ਼ ਕਰਦੇ ਹੋਏ ਪੁੱਛਿਆ ਕਿ ਇਹ ਕਿੱਥੋਂ ਲਿਆ ਹੈ। ਦੱਸਿਆ ਜਾਂਦਾ ਹੈ ਕਿ ਗੱਲਾਂ ਵਿੱਚ ਲਗਾ ਕੇ ਉਨ੍ਹਾਂ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਬਲਦੇਵ ਸਿੰਘ ਨੇ ਮੋਬਾਇਲ ਦੇਣ ਤੋਂ ਇਨਕਾਰ ਕੀਤਾ ਤਾਂ ਹਮਲਾਵਰਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਤਿੱਖੀ ਕਿਰਪਾਨ ਦੀ ਵਰਤੋਂ ਕੀਤੀ ਗਈ। ਜਖਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਸਥਾਨਕ ਲੋਕਾਂ ਦੇ ਮੁਤਾਬਿਕ ਉਸ ਰੋਡ ‘ਤੇ ਲੱਗੀਆਂ ਸਟਰੀਟ ਲਾਈਟਾਂ ਕਾਫੀ ਸਮੇਂ ਤੋਂ ਬੰਦ ਰਹਿੰਦੀਆਂ ਹਨ। ਹਨੇਰਾ ਹੋਣ ਕਰਕੇ ਹਮਲਾਵਰਾਂ ਨੇ ਪੂਰਾ ਫਾਇਦਾ ਚੁੱਕਿਆ ਤੇ ਗੱਡੀ ’ਤੇ ਵਿਅਕਤੀਆਂ ਦੀ ਪਛਾਣ ਕਰਨਾ ਮੁਸ਼ਕਲ ਹੋ ਗਿਆ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਰਾਤ ਸਮੇਂ ਪੁਲਿਸ ਪਹਿਰਾ ਵਧਾਉਣ ਅਤੇ ਲਾਈਟਾਂ ਨੂੰ ਤੁਰੰਤ ਠੀਕ ਕਰਵਾਉਣ ਦੀ ਮੰਗ ਕੀਤੀ ਹੈ। ਇਸ ਘਟਨਾ ‘ਤੇ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਨਾਜ਼ੁਕ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਕਾਸ ਦੇ ਦਾਅਵੇ ਕਰ ਰਹੇ ਹਨ ਪਰ ਜਮੀਨੀ ਹਕੀਕਤ ਵੱਖਰੀ ਹੈ। ਜਟਾਣਾ ਨੇ ਕਿਹਾ ਕਿ ਸੂਬੇ ਵਿੱਚ ਸ਼ਰੇਆਮ ਗੁੰਡਾਗਰਦੀ ਵਧ ਰਹੀ ਹੈ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਖ਼ਤ ਕਾਰਵਾਈ ਨਾ ਹੋਈ ਤਾਂ ਕਾਂਗਰਸ ਪਾਰਟੀ ਸੜਕਾਂ ‘ਤੇ ਉਤਰ ਕੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ ਕਰੇਗੀ।