ਫਰਵਰੀ ਮਹੀਨੇ ਦੀ ਅਧਿਆਪਕਾਂ ਨੂੰ ਨਹੀਂ ਮਿਲੀ ਤਨਖਾਹ
ਮਾਰਚ ਮਹੀਨੇ ਦਾ ਪਹਿਲਾ ਹਫ਼ਤਾ ਨਿਕਲਣ ਕਿਨਾਰੇ, ਫਰਵਰੀ ਮਹੀਨੇ ਦੀ ਅਧਿਆਪਕਾਂ ਨੂੰ ਨਹੀਂ ਮਿਲੀ ਤਨਖਾਹ
Publish Date: Thu, 05 Mar 2026 05:10 PM (IST)
Updated Date: Thu, 05 Mar 2026 05:12 PM (IST)

- ਕਰਜ਼ੇ, ਕਿਸ਼ਤਾਂ ਤੇ ਜ਼ੁਰਮਾਨੇ, ਸਰਕਾਰ ਦੀ ਨਾਕਾਮੀ ਦਾ ਭਾਰ ਅਧਿਆਪਕਾਂ ’ਤੇ : ਡੀਟੀਐੱਫ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਮਾਰਚ ਮਹੀਨੇ ਦਾ ਪਹਿਲਾ ਹਫ਼ਤਾ ਵੀ ਨਿਕਲਣ ਵਾਲਾ ਹੈ, ਪਰ ਹਾਲੇ ਤਕ ਅਧਿਆਪਕਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਨਹੀਂ ਮਿਲੀ। ਤਨਖਾਹ ਨਾ ਮਿਲਣ ਕਾਰਨ ਅਧਿਆਪਕਾਂ ਦਾ ਬਜਟ ਡਗਮਗਾ ਗਿਆ ਹੈ। ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਦੀ ਉਡੀਕ ਕਰ ਰਹੇ ਹਨ, ਕਿਉਂਕਿ ਬਹੁਤੇ ਅਧਿਆਪਕਾਂ ਨੇ ਲਏ ਹੋਏ ਕਰਜ਼ੇ ਦੀਆਂ ਕਿਸ਼ਤਾਂ ਤਾਰਨੀਆਂ ਹਨ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਜਨਰਲ ਸਕੱਤਰ ਗੁਰਮੇਲ ਸਿੰਘ ਮਲਕਾਣਾ ਅਤੇ ਸੂਬਾ ਕਮੇਟੀ ਮੈਂਬਰ ਬੇਅੰਤ ਸਿੰਘ ਫੂਲੇਵਾਲਾ ਜ਼ਿਲ੍ਹਾ ਕਮੇਟੀ ਮੈਂਬਰ ਗੁਰਪਾਲ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਬਜਟ ਦੀ ਕਮੀ ਕਾਰਨ ਪੰਜਾਬ ਦੇ ਹਜ਼ਾਰਾਂ ਅਧਿਆਪਕ ਆਪਣੀਆਂ ਤਨਖਾਹਾਂ ਨੂੰ ਉਡੀਕ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਲੱਖਾਂ-ਕਰੋੜਾਂ ਰੁਪਏ ਦਾ ਕਰਜ਼ਾ ਚੁੱਕ ਕੇ ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਸਕੂਲ ਸਿੱਖਿਆ ਵਿਭਾਗ ਦੀਆਂ ਰੂਟੀਨ ਮਾਪੇ-ਅਧਿਆਪਕ ਮੀਟਿੰਗਾਂ ਨੂੰ ਵੱਡੀ ਪ੍ਰਾਪਤੀ ਵਜੋਂ ਪੇਸ਼ ਕਰਦੀ ਹੋਈ ਵੱਡੇ ਪੱਧਰ ’ਤੇ ਇਸ਼ਤਿਹਾਰਬਾਜ਼ੀ ਕਰ ਰਹੀ ਹੈ, ਜਦਕਿ ਦੂਜੇ ਪਾਸੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਡੀਡੀਓਜ਼ (ਡਰਾਇੰਗ ਐਂਡ ਡਿਸਬਰਸਿੰਗ ਔਫੀਸਰਜ਼) ਨੂੰ ਤਨਖਾਹਾਂ ਲਈ ਲੁੜੀਂਦਾ ਬਜਟ ਜਾਰੀ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਸਾਰੇ ਪੰਜਾਬ ਵਿੱਚ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ ਕਿਉਂਕਿ ਮੁੱਖ ਦਫਤਰ ਵੱਲੋਂ ਬਜਟ ਅਲਾਟ ਨਹੀਂ ਹੋਇਆ ਅਤੇ ਜ਼ਿਲ੍ਹਾ ਅਧਿਕਾਰੀਆਂ ਕੋਲ ਹਰ ਵਾਰ ਇੱਕੋ ਜਵਾਬ ਹੁੰਦਾ ਹੈ ਕਿ ਬਜਟ ਹੈੱਡਕੁਆਰਟਰ ਤੋਂ ਨਹੀਂ ਮਿਲਿਆ। ਆਗੂਆਂ ਨੇ ਕਿਹਾ ਕਿ ਤਨਖਾਹਾਂ ਵਿੱਚ ਹੋ ਰਹੀ ਇਸ ਬੇਵਜ੍ਹਾ ਦੇਰੀ ਕਾਰਨ ਅਧਿਆਪਕਾਂ ਨੂੰ ਘਰੇਲੂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵਿੱਚ ਬੈਂਕਾਂ ਤੋਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਕਰ ਕੇ ਉਨ੍ਹਾਂ ’ਤੇ ਜ਼ੁਰਮਾਨੇ ਲੱਗ ਰਹੇ ਹਨ, ਜਿਸ ਨਾਲ ਉਹ ਆਰਥਿਕ ਅਤੇ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਨਾ ਦੇ ਸਕਣਾ ਸਰਕਾਰ ਦੀ ਵਿੱਤੀ ਕਮਜ਼ੋਰੀ ਅਤੇ ਪ੍ਰਸ਼ਾਸਨਿਕ ਅਣਗਹਿਲੀ ਨੂੰ ਬੇਨਕਾਬ ਕਰਦਾ ਹੈ। ਡੀਟੀਐੱਫ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਦੀ ਤਰਜੀਹ ਅਧਿਆਪਕਾਂ ਦੀ ਭਲਾਈ ਨਹੀਂ, ਸਗੋਂ ਸਿਰਫ਼ ਪ੍ਰਚਾਰ ਕਰਨਾ ਹੈ। ਉਨ੍ਹਾਂ ਮੰਗ ਕੀਤੀ ਕਿ ਤੁਰੰਤ ਸਾਰੇ ਬਕਾਇਆ ਬਜਟ ਜਾਰੀ ਕਰ ਕੇ ਅਧਿਆਪਕਾਂ ਦੀਆਂ ਤਨਖਾਹਾਂ ਦਾ ਭੁਗਤਾਨ ਕੀਤਾ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਦੁਬਾਰਾ ਪੈਦਾ ਨਾ ਹੋਵੇ ਇਸ ਲਈ ਪੱਕਾ ਅਤੇ ਯੋਜਨਾਬੱਧ ਬਜਟ ਪ੍ਰਬੰਧ ਕੀਤਾ ਜਾਵੇ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜ਼ਿੰਮੇਵਾਰ ਦਫਤਰੀ ਅਧਿਕਾਰੀਆਂ ਦੀ ਜ਼ਿੰਮੇਵਾਰੀ ਨਿਸ਼ਚਿਤ ਕਰ ਕੇ ਕਾਰਵਾਈ ਕੀਤੀ ਜਾਵੇ ਤਾਂ ਜੋ ਅਧਿਆਪਕ ਵਰਗ ਨੂੰ ਵਾਰ-ਵਾਰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਅੱਜ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਚਮਕੌਰ ਸਿੰਘ ਅਤੇ ਐਲੀਮੈਂਟਰੀ ਦੇ ਸੀਨੀਅਰ ਸਹਾਇਕ ਨਰੇਸ਼ ਕੁਮਾਰ ਨਾਲ ਇਸ ਮਸਲੇ ’ਤੇ ਅਧਿਆਪਕਾਂ ਦੇ ਵਫ਼ਦ ਦੁਆਰਾ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਬਜਟ ਆਉਣ ਦੀ ਸੰਭਾਵਨਾ ਹੈ ਅਤੇ ਜਿਵੇਂ ਹੀ ਬਜਟ ਆਉਦਾ ਹੈ ਸਕੂਲਾਂ ਨੂੰ ਜਾਰੀ ਕਰ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਛੇ ਮਾਰਚ ਤਕ ਬਜਟ ਨਹੀਂ ਆਉਂਦਾ ਤਾਂ 7 ਮਾਰਚ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਸੈਣੇਵਾਲਾ, ਗੋਬਿੰਦ ਸਿੰਘ, ਅਮਰਦੀਪ ਸਿੰਘ, ਸੰਦੀਪ ਕੁਮਾਰ ਅਤੇ ਸਿਕੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।