ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲ੍ਹੇ ’ਚ ਸਫ਼ਾਈ ਮੁਹਿੰਮ ਸ਼ੁਰੂ
ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲ੍ਹੇ 'ਚ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ
Publish Date: Thu, 05 Mar 2026 05:52 PM (IST)
Updated Date: Thu, 05 Mar 2026 05:56 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਬਠਿੰਡਾ : ਡਿਪਟੀ ਕਮਿਸ਼ਨਰ ਰਾਜ਼ੇਸ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੱਛ ਭਾਰਤ ਮਿਸ਼ਨ ਤਹਿਤ 15 ਮਾਰਚ ਤਕ ਮਨਾਏ ਜਾ ਰਹੇ ਸਵੱਛਤਾ ਪਖਵਾੜੇ ਦੌਰਾਨ ਜ਼ਿਲ੍ਹੇ ਦੇ 1392 ਆਂਗਨਵਾੜੀ ਕੇਂਦਰਾਂ ਵਿਚ ਵਿਆਪਕ ਪੱਧਰ ’ਤੇ ਸਫ਼ਾਈ ਅਤੇ ਜਾਗਰੂਕਤਾ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਵਿਚ ਸਫ਼ਾਈ, ਸਿਹਤ ਅਤੇ ਸੁੱਚੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਮਾਜ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਆਂਗਨਵਾੜੀ ਕੇਂਦਰਾਂ, ਸਰਕਾਰੀ ਦਫ਼ਤਰਾਂ ਅਤੇ ਵੱਖ-ਵੱਖ ਜਨਤਕ ਸਥਾਨਾਂ ’ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਕਰਮਚਾਰੀਆਂ ਅਤੇ ਲਾਭਪਾਤਰੀਆਂ ਵੱਲੋਂ ਆਪਣੇ ਆਲੇ-ਦੁਆਲੇ ਦੀ ਸਫ਼ਾਈ ਯਕੀਨੀ ਬਣਾਉਣ ਲਈ ਸਫ਼ਾਈ ਸਹੁੰ ਲਈ ਗਈ ਅਤੇ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਵੀ ਕੀਤਾ ਗਿਆ। ਪੰਦਰਵਾੜੇ ਦੌਰਾਨ ਕੂੜਾ ਪ੍ਰਬੰਧਨ, ਨਿੱਜੀ ਸਫ਼ਾਈ ਅਤੇ ਪਲਾਸਟਿਕ ਦੇ ਘੱਟ ਇਸਤੇਮਾਲ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਬੱਚਿਆਂ ਅਤੇ ਮਾਤਾਵਾਂ ਨੂੰ ਰੋਜ਼ਾਨਾ ਜੀਵਨ ਵਿਚ ਸਫ਼ਾਈ ਦੇ ਅਹਿਮ ਪੱਖਾਂ ਬਾਰੇ ਸਮਝਾਇਆ ਗਿਆ ਤਾਂ ਜੋ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਸੰਭਾਲ ਕਰ ਸਕਣ। ਇਸ ਦੌਰਾਨ ਦੱਸਿਆ ਕਿ ਸਵੱਛਤਾ ਪੰਦਰਵਾੜਾ ਦੇਸ਼-ਪੱਧਰੀ ਮਹੱਤਵਪੂਰਨ ਮੁਹਿੰਮ ਹੈ, ਜਿਸ ਰਾਹੀਂ ਸਾਫ਼-ਸੁਥਰੇ ਅਤੇ ਸਿਹਤਮੰਦ ਸਮਾਜ ਦੀ ਨਿਰਮਾਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਸਥਾਨਕ ਵਾਸੀਆਂ ਨੇ ਸਵੱਛਤਾ ਬਣਾਈ ਰੱਖਣ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਕਰਨ ਲਈ ਸੰਕਲਪ ਲਿਆ।