ਹੈਰੋਇਨ ਤੇ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ 7 ਕਾਬੂ
77.35 ਗ੍ਰਾਮ ਹੈਰੋਇਨ ਅਤੇ 3000 ਨਸ਼ੀਲੀਆਂ ਗੋਲੀਆਂ ਸਮੇਤ ਸੱਤ ਗ੍ਰਿਫਤਾਰ
Publish Date: Fri, 06 Mar 2026 04:35 PM (IST)
Updated Date: Sat, 07 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਸੱਤ ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇੰਨ੍ਹਾਂ ਮੁਲਜ਼ਮਾਂ ਕੋਲੋਂ 77.35 ਗਰਾਮ ਹੈਰੋਇਨ ਅਤੇ ਤਿੰਨ ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਨਸ਼ੇ ਸਮੇਤ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਏ ਹਨ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਦੋ ਦੀ ਟੀਮ ਨੇ ਪੈਰਿਸ ਸਿਟੀ ਮਲੋਟ ਬਾਈਪਾਸ ਰਿੰਗ ਰੋਡ ’ਤੇ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 3000 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਹੋਈਆਂ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਧਰਮ ਸਿੰਘ ਵਾਸੀ ਪਿੰਡ ਮਹਿਮਾ ਸਰਜਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਪਿੰਡ ਮਹਿਮਾ ਭਗਵਾਨਾ ਦੇ ਸੂਏ ਦੇ ਪੁਲ਼ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਗੰਗਾ ਅਬਲੂ ਕੀ ਵਜੋਂ ਹੋਈ ਹੈ। ਥਾਣਾ ਨਥਾਣਾ ਦੀ ਪੁਲਿਸ ਨੇ ਵੀ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਲਹਿਰਾ ਬੇਗਾ ’ਚ ਛਾਪੇਮਾਰੀ ਕਰਦਿਆਂ ਜਗਮੀਤ ਸਿੰਘ ਅਤੇ ਲਵਪ੍ਰੀਤ ਸਿੰਘ ਨੂੰ 35 ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਵੀ ਗੁਪਤ ਸੂਚਨਾ ਦੇ ਆਧਾਰ ਤੇ ਛਾਪੇਮਾਰੀ ਕਰਦਿਆਂ ਜਸਵੀਰ ਕੌਰ ਵਾਸੀ ਪਿੰਡ ਰਾਮਪੁਰਾ ਨੂੰ 9.35 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਚੌਖੇ ਵਿੱਚ ਛਾਪੇਮਾਰੀ ਕਰਦਿਆਂ ਮਨਜੀਤ ਕੌਰ ਵਾਸੀ ਪਿੰਡ ਚਾਉਕੇ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਪਿੰਡ ਗਿਆਨਾ ਤੋਂ ਗੁਰਪ੍ਰੀਤ ਸਿੰਘ ਨੂੰ 45 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ।