ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਸੈਂਕੜੇ ਉੱਦਮੀ ਔਰਤਾਂ ਦਾ ਕੀਤਾ ਸਨਮਾਨ
ਹਲਕਾ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਸੈਂਕੜੇ ਉਦਮੀ ਔਰਤਾਂ ਦਾ ਕੀਤਾ ਸਨਮਾਨ
Publish Date: Fri, 06 Mar 2026 07:05 PM (IST)
Updated Date: Sat, 07 Mar 2026 04:12 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋਂ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਥਾਨਕ ਸ਼ਹਿਰ ਦੇ ਬੀਡੀਪੀਓ ਦਫ਼ਤਰ ਵਿੱਚ ‘ਆਪਣਾ ਕਾਰੋਬਾਰ ਆਪਣੀ ਪਹਿਚਾਣ’ ਦੇ ਬੈਨਰ ਹੇਠ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਤਲਵੰਡੀ ਸਾਬੋ ਦੇ ਵਿਧਾਇਕ ਅਤੇ ਪਾਰਟੀ ਦੇ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਹਲਕੇ ਦੀਆਂ ਉਨ੍ਹਾਂ ਮਹਿਲਾਵਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਕੇ ਸਮਾਜ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਸਮਾਗਮ ਦੌਰਾਨ ਬੀਪੀਐਮ ਮੋਨਿਕਾ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ ਦੀਆਂ ਮਹਿਲਾਵਾਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ, ਜਿਸ ਰਾਹੀਂ ਉਹ ਆਪਣੇ ਪਰਿਵਾਰ ਦਾ ਖਰਚਾ ਚਲਾ ਰਹੀਆਂ ਹਨ ਅਤੇ ਹੋਰ ਲੋਕਾਂ ਨੂੰ ਵੀ ਲਾਭ ਪਹੁੰਚਾ ਰਹੀਆਂ ਹਨ। ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੀਆਂ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ ਪੀਆਰਐਸਐਲਐਮ ਸਕੀਮ ਤਹਿਤ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਤੋਂ ਬਾਅਦ ਮਹਿਲਾਵਾਂ ਆਪਣਾ ਕਾਰੋਬਾਰ ਸ਼ੁਰੂ ਕਰਕੇ ਆਤਮਨਿਰਭਰ ਬਣ ਰਹੀਆਂ ਹਨ ਅਤੇ ਚੰਗੀ ਆਮਦਨ ਕਮਾ ਰਹੀਆਂ ਹਨ। ਸਮਾਗਮ ਦੌਰਾਨ ਚਰਨਜੀਤ ਕੌਰ ਮਲਕਾਣਾ (ਅਚਾਰ ਤੇ ਮੁਰੱਬਾ ਤਿਆਰ ਕਰਨ), ਦਰਸ਼ਨ ਕੌਰ ਭਾਗੀਵਾਂਦਰ (ਬੇਕਰੀ ਕੰਮ), ਦਲਜੀਤ ਕੌਰ ਬੰਗੀ ਰੁੱਘੂ (ਵੇਰਕਾ ਸਭਾ) ਅਤੇ ਮਨਜੀਤ ਕੌਰ ਤਰਖਾਣਵਾਲਾ (ਬੁਟੀਕ ਕੰਮ) ਸਮੇਤ ਕਈ ਮਹਿਲਾਵਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਡੀਪੀਓ ਹਰਬੰਸ ਸਿੰਘ, ਡੀਐਸਪੀ ਹਰਪ੍ਰੀਤ ਸਿੰਘ, ਗੁਰਪ੍ਰੀਤ ਕੌਰ ਚੇਅਰਮੈਨ ਮਾਰਕੀਟ ਕਮੇਟੀ ਰਾਮਾਂ ਅਤੇ ਸਰਪੰਚ ਜਸਵਿੰਦਰ ਕੌਰ ਨੇ ਵੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ। ਲਾਭਪਾਤਰੀਆਂ ਸਿਮਰਜੀਤ ਕੌਰ ਤਿਓਣਾ ਅਤੇ ਅਨਮੋਲ ਕੌਰ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੀਆਂ ਹਨ, ਜਿਸ ਨੇ ਸਿਖਲਾਈ ਦੇ ਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਕੀਮਾਂ ਹੋਰ ਵੀ ਚਲਾਈਆਂ ਜਾਣ ਤਾਂ ਜੋ ਵੱਧ ਤੋਂ ਵੱਧ ਮਹਿਲਾਵਾਂ ਨੂੰ ਰੁਜ਼ਗਾਰ ਮਿਲ ਸਕੇ। ਇਸ ਮੌਕੇ ਹਲਕਾ ਵਿਧਾਇਕ ਦੇ ਨਿੱਜੀ ਸਹਾਇਕ ਕੇਵਲ ਸਿੰਘ, ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਸਰਾ, ਬਲਾਕ ਸੰਮਤੀ ਮੈਂਬਰ ਮਹਿੰਮਾ ਸਿੰਘ ਕੌਰੇਆਣਾ, ਕੁਲਦੀਪ ਸਿੰਘ ਸਮੇਤ ਆਪ ਆਗੂ ਅਤੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।