ਹਲਕਾ ਵਿਧਾਇਕ ਨੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਹਲਕਾ ਵਿਧਾਇਕ ਨੇ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ
Publish Date: Fri, 06 Mar 2026 07:28 PM (IST)
Updated Date: Sat, 07 Mar 2026 04:12 AM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ
ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੂਰੇ ਸੂਬੇ ਦੇ ਹਲਕਿਆਂ ਵਿਚ ਵੱਡੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕਾ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪੂਰੇ ਹਲਕੇ ਵਿਚ ਵਿਕਾਸ ਕਾਰਜ ਪੂਰੇ ਤੇਜ਼ੀ ਨਾਲ ਸ਼ੁਰੂ ਕਰਵਾਏ ਜਾ ਰਹੇ ਹਨ। ਮੌੜ ਮੰਡੀ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਲਈ ਸੜਕਾਂ ਅਤੇ ਵਾਟਰ ਸਪਲਾਈ ਦੀ ਪਾਈਪ ਲਾਈਨ ਪਾਉਣ ਦਾ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ ਗਿਆ ਅਤੇ ਕੰਮ ਤੇਜ਼ੀ ਨਾਲ ਸ਼ੁਰੂ ਕਰਵਾਏ ਗਏ। ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੌੜ ਮੰਡੀ ਅੰਦਰ 3.23 ਕਰੋੜ ਨਾਲ ਬਣ ਰਹੀ ਸੜਕ ਦੇ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌੜ ਮੰਡੀ ਦੇ 54 ਕਰੋੜ ਦੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ 21 ਕਰੋੜ ਰੁਪਏ ਦੀ ਗਰਾਂਟ ਨਾਲ ਮੌੜ ਮੰਡੀ ਦੀਆਂ ਗਲੀਆਂ ਵਿੱਚ ਸਾਫ ਸੁਥਰੇ ਪਾਣੀ ਲਈ 42 ਕਿਲੋਮੀਟਰ ਦੇ ਲਗਭਗ ਪਾਈਪ ਲਾਈਨ ਵਿਛਾ ਕੇ ਮੌੜ ਮੰਡੀ ਦੇ ਨਿਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸੇ ਦੌਰਾਨ ਹਲਕਾ ਵਿਧਾਇਕ ਮਾਈਸਰਖਾਨਾ ਨੇ ਕਿਹਾ ਕਿ ਹਲਕਾ ਮੌੜ ਦੇ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ, ਜਿਸ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹਲਕਿਆਂ ਵਿਚ ਖੁੱਲੇ ਗੱਫੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ’ਚ ਕਿਸੇ ਵੀ ਕਿਸਮ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕਾ ਮੌੜ ਨੂੰ ਬਹੁਤ ਹੀ ਸੁੰਦਰ ਬਣਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲੋਂ, ਰੋਹਿਤ ਕੁਮਾਰ ਜਿੰਦਲ, ਕਿਰਪਾਲ ਸਿੰਘ ਪਾਲ, ਜਸਵਿੰਦਰ ਸਿੰਘ, ਕੋਆਰਡੀਨੇਟਰ ਹਰਵਿੰਦਰ ਸਿੰਘ ਸੋਨੀ, ਅਵਤਾਰ ਸਿੰਘ ਕਾਲਾ, ਗੁਰਲਾਲ ਸਿੰਘ, ਰਣਜੀਤ ਮਾਨ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਮੌਜੂਦ ਸਨ।