ਸਰਵਾਈਕਲ ਕੈਂਸਰ ਦੀ ਰੋਕ ਲਈ ਐੱਚਪੀਵੀ ਟੀਕਾਕਰਨ ਮੁਹਿੰਮ ਸ਼ੁਰੂ
ਸਰਵਾਇਕਲ ਕੈਂਸਰ ਦੀ ਰੋਕ ਲਈ ਐਚਪੀਵੀ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ
Publish Date: Sat, 07 Mar 2026 05:02 PM (IST)
Updated Date: Sun, 08 Mar 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ’ਤੇ ਐੱਚਪੀਵੀ ਵੈਕਸੀਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਐੱਚਪੀਵੀ ਵਾਇਰਸ ਲੜਕੀਆਂ ਤੇ ਮਹਿਲਾਵਾਂ ਵਿੱਚ ਸਰਵਾਇਕਲ ਕੈਂਸਰ ਦਾ ਮੁੱਖ ਕਾਰਨ ਹੈ ਅਤੇ ਇਸ ਵੈਕਸੀਨ ਰਾਹੀਂ ਇਸ ਗੰਭੀਰ ਬਿਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵੱਲੋਂ ਇਹ ਵੈਕਸੀਨ 14 ਸਾਲ ਦੀ ਉਮਰ ਦੀਆਂ ਬੱਚੀਆਂ ਨੂੰ ਮੁਫ਼ਤ ਲਗਾਈ ਜਾ ਰਹੀ ਹੈ, ਤਾਂ ਜੋ ਭਵਿੱਖ ਵਿੱਚ ਸਰਵਾਇਕਲ ਕੈਂਸਰ ਦੇ ਮਾਮਲਿਆਂ ਵਿੱਚ ਕਮੀ ਲਿਆਂਦੀ ਜਾ ਸਕੇ
ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਨੂੰ ਇਹ ਟੀਕਾ ਜ਼ਰੂਰ ਲਗਵਾਉਣ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਐਚਪੀਵੀ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਵਿਗਿਆਨਕ ਤੌਰ ‘ਤੇ ਪ੍ਰਮਾਣਿਤ ਹੈ ਅਤੇ ਇਸ ਦੇ ਕੋਈ ਗੰਭੀਰ ਸਾਈਡ ਇਫੈਕਟ ਨਹੀਂ ਹਨ। ਹਲਕਾ ਬੁਖਾਰ ਜਾਂ ਟੀਕੇ ਵਾਲੀ ਥਾਂ ‘ਤੇ ਦਰਦ ਜਿਹਾ ਆਮ ਪ੍ਰਭਾਵ ਹੋ ਸਕਦਾ ਹੈ ਜੋ ਕੁਝ ਸਮੇਂ ਵਿੱਚ ਠੀਕ ਹੋ ਜਾਂਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਆਪਣੀਆਂ ਬੱਚੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਸਿੰਗਲਾ ਨੇ ਜਾਣਕਾਰੀ ਦਿੱਤੀ ਕਿ ਇਹ ਟੀਕਾਕਰਨ ਮੁਹਿੰਮ 90 ਦਿਨ ਚੱਲੇਗੀ ਇਹ ਸਾਰੇ ਸਰਕਾਰੀ ਹਸਪਤਾਲਾਂ, ਕਮਿਊਨਟੀ ਹੈਲਥ ਸੈਂਟਰਾਂ ਵਿੱਚ ਰੋਜਾਨਾ ਚਲਾਈ ਜਾਵੇਗੀ। ਇਹ ਇਕ ਟੀਕਾ ਉਮਰ ਭਰ ਲਈ ਬੱਚੀਆਂ ਨੂੰ ਬੱਚੇਦਾਨੀ ਦੇ ਕੈਂਸਰ ਤੋਂ ਸੁਰੱਖਿਅਤ ਕਰਨ ਲਈ ਲਗਾਇਆ ਜਾਵੇਗਾ ਅਤੇ ਨਾਲ ਹੀ ਟੀਕਾਕਰਣ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਇਹ ਮੁਹਿੰਮ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਫਲ ਹੋ ਸਕੇਗੀ। ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਇਸ ਸਬੰਧੀ ਪਹਿਲਾਂ ਹੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਡਾ. ਜੈਦੀਪ, ਡਾ. ਰਾਹੁਲ ਮੈਦਾਨ, ਡਾ. ਰੀਆ, ਡਾ. ਇੰਦਰਜੀਤ ਖੁਰਾਣਾ, ਡਾ. ਮੋਨੀਕਾ, ਡਿਪਟੀ ਮਾਸ ਮੀਡੀਆ ਅਫ਼ਸਰ ਕੇਵਲ ਸਿੰਘ, ਬੀਈਈ ਗਗਨਦੀਪ ਸਿੰਘ ਭੁੱਲਰ ਅਤੇ ਹਰਜਿੰਦਰ ਕੌਰ, ਐਲਐਚਵੀ ਗੁਰਜਿੰਦਰ ਕੌਰ, ਸਟਾਫ ਨਰਸ ਬਲਜੀਤ ਕੌਰ, ਮੈਟਰਨ ਅਨੀਤਾ, ਏਐਨਐਮ ਦਵਿੰਦਰ ਕੌਰ ਤੇ ਗੁਰਪ੍ਰੀਤ ਕੌਰ ਹਾਜ਼ਰ ਸਨ।