ਰਵਾਇਤੀ ਖਾਲਸਾਈ ਖੇਡਾਂ ਨਾਲ ਮਨਾਇਆ ਹੋਲਾ ਮਹੱਲਾ
ਰਵਾਇਤੀ ਖਾਲਸਾਈ ਖੇਡਾਂ ਨਾਲ ਮਨਾਇਆ ਹੋਲਾ ਮਹੱਲਾ
Publish Date: Sun, 08 Mar 2026 04:54 PM (IST)
Updated Date: Mon, 09 Mar 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਮੱਲਵਾਲਾ ਵਿਚ ਹੋਲਾ ਮਹੱਲਾ ਦੇ ਪਵਿੱਤਰ ਦਿਹਾੜੇ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਪਿੰਡ ਵਾਸੀਆਂ ਦੇ ਸਾਂਝੇ ਉਪਰਾਲੇ ਨਾਲ ਰਵਾਇਤੀ ਖਾਲਸਾਈ ਅਤੇ ਵਿਰਾਸਤੀ ਖੇਡਾਂ ਕਰਵਾਈਆਂ ਗਈਆਂ। ਇਸ ਦੌਰਾਨ ਔਰਤਾਂ ਲਈ ਘੜਾ ਚੁੱਕ ਕੇ ਦੌੜ, ਬੱਚਿਆਂ ਲਈ ਰੱਸਾਕਸੀ ਮੁਕਾਬਲੇ, ਗਤਕਾ ਬਾਜ਼ੀ ਦੇ ਪ੍ਰਦਰਸ਼ਨ, ਬੱਚਿਆਂ ਦੀਆਂ ਦੌੜਾਂ ਅਤੇ ਘੋੜ ਦੌੜ ਵਰਗੀਆਂ ਰੁਚਿਕਰ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਪਿੰਡ ਦੇ ਬੱਚਿਆਂ, ਨੌਜਵਾਨਾਂ ਅਤੇ ਔਰਤਾਂ ਨੇ ਵੱਡੇ ਚਾਉ ਨਾਲ ਹਿੱਸਾ ਲਿਆ। ਇਸ ਮੌਕੇ ਮੌਜੂਦ ਮੋਹਤਬਰ ਸੱਜਣਾਂ ਨੇ ਦੱਸਿਆ ਕਿ ਅਜਿਹੀਆਂ ਵਿਰਾਸਤੀ ਖੇਡਾਂ ਦਾ ਮੁੱਖ ਮਕਸਦ ਬੱਚਿਆਂ ਨੂੰ ਸਾਡੇ ਪੁਰਾਤਨ ਵਿਰਸੇ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਪੰਜਾਬੀ ਸੰਸਕ੍ਰਿਤੀ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਬੱਚੇ ਨਸ਼ਿਆਂ ਵਰਗੀਆਂ ਭੈੜੀਆਂ ਲਾਹਨਤਾਂ ਤੋਂ ਦੂਰ ਰਹਿੰਦੇ ਹਨ ਅਤੇ ਸਿਹਤਮੰਦ ਗਤੀਵਿਧੀਆਂ ਵੱਲ ਪ੍ਰੇਰਿਤ ਹੁੰਦੇ ਹਨ। ਇਸ ਤੋਂ ਇਕ ਦਿਨ ਪਹਿਲਾਂ ਬੱਚਿਆਂ ਲਈ ਦਸਤਾਰ ਸਿਖਲਾਈ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਕਈ ਬੱਚਿਆਂ ਨੇ ਦਸਤਾਰ ਬੰਨ੍ਹਣ ਦੀ ਸਿਖਲਾਈ ਪ੍ਰਾਪਤ ਕੀਤੀ। ਮੁਕਾਬਲਿਆਂ ਵਿਚ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।