ਪੰਜਾਬ ਦੀਆਂ ਮਹਿਲਾਵਾਂ ਲਈ ‘ਮਾਨ ਸਰਕਾਰ’ ਦਾ ਇਤਿਹਾਸਕ ਫੈਸਲਾ : ਇੰਦਰਜੀਤ ਸਿੰਘ
ਪੰਜਾਬ ਦੀਆਂ ਮਹਿਲਾਵਾਂ ਲਈ ‘ਮਾਨ ਸਰਕਾਰ’ ਦਾ ਇਤਿਹਾਸਕ ਫੈਸਲਾ : ਇੰਦਰਜੀਤ ਸਿੰਘ ਮਾਨ
Publish Date: Sun, 08 Mar 2026 05:31 PM (IST)
Updated Date: Mon, 09 Mar 2026 04:06 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਸੂਬੇ ਦੀਆਂ ਮਹਿਲਾਵਾਂ ਦੀ ਆਰਥਿਕ ਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇਕ ਅਹਿਮ ਤੇ ਇਤਿਹਾਸਕ ਫੈਸਲਾ ਲਿਆ ਹੈ। ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਹਿਲਾਵਾਂ ਨਾਲ ਕੀਤਾ ਗਿਆ ਇਕ ਮਹੱਤਵਪੂਰਨ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਸਰਕਾਰ ਵੱਲੋਂ ਸਮਾਜਿਕ ਨਿਆਂ ਦੀ ਭਾਵਨਾ ਤੇ ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਨੂੰ ਧਿਆਨ ਵਿੱਚ ਰੱਖਦਿਆਂ ਦਲਿਤ ਵਰਗ ਨਾਲ ਸਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਤੇ ਜਨਰਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਹ ਰਾਸ਼ੀ ਸਿੱਧੀ ਤੌਰ ’ਤੇ ਮਹਿਲਾਵਾਂ ਦੇ ਬੈਂਕ ਖਾਤਿਆਂ ’ਚ ਜਮ੍ਹਾਂ ਕਰਵਾਈ ਜਾਵੇਗੀ, ਜਿਸ ਨਾਲ ਪ੍ਰਕਿਰਿਆ ’ਚ ਪਾਰਦਰਸ਼ਿਤਾ ਆਵੇਗੀ ਤੇ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਹੋਰ ਕਿਹਾ ਕਿ ਸਰਕਾਰ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕਈ ਹੋਰ ਯੋਜਨਾਵਾਂ ’ਤੇ ਵੀ ਕੰਮ ਕਰ ਰਹੀ ਹੈ, ਜਿਨ੍ਹਾਂ ਵਿਚ ਸਿਹਤ ਸੇਵਾਵਾਂ, ਮੁਫ਼ਤ ਸਿੱਖਿਆ, ਰੁਜ਼ਗਾਰ ਦੇ ਮੌਕੇ ਤੇ ਸੁਰੱਖਿਆ ਸਬੰਧੀ ਕਦਮ ਸ਼ਾਮਲ ਹਨ। ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਮਾਜ ਦੇ ਹਰ ਖੇਤਰ ਵਿੱਚ ਅੱਗੇ ਵਧਣ ਲਈ ਸਮਾਨ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ‘ਮਾਨ ਸਰਕਾਰ’ ਵੱਲੋਂ ਲਏ ਜਾ ਰਹੇ ਲੋਕ-ਹਿਤੈਸ਼ੀ ਫੈਸਲੇ ਸੂਬੇ ਦੇ ਹਰ ਵਰਗ ਦੀ ਭਲਾਈ ਨੂੰ ਧਿਆਨ ’ਚ ਰੱਖ ਕੇ ਕੀਤੇ ਜਾ ਰਹੇ ਹਨ। ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਨਾਲ ਨਾ ਸਿਰਫ਼ ਪਰਿਵਾਰਾਂ ਦੀ ਜੀਵਨ ਸ਼ੈਲੀ ਸੁਧਰੇਗੀ, ਸਗੋਂ ਪੰਜਾਬ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਮਿਲੇਗੀ। ਅੰਤ ’ਚ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਲਿਜਾਣ ਲਈ ਲਗਾਤਾਰ ਨਵੇਂ ਉਪਰਾਲੇ ਕਰਦੀ ਰਹੇਗੀ।