‘ਮਹਿਲਾਵਾਂ ਦਾ 48 ਹਜ਼ਾਰ ਬਕਾਇਆ ਵੀ ਦਿੱਤਾ ਜਾਵੇ : ਜਟਾਣਾ
“1000–1500 ਨਹੀਂ, ਔਰਤਾਂ ਦਾ 48 ਹਜ਼ਾਰ ਬਕਾਇਆ ਦਿਓ: ਖੁਸ਼ਬਾਜ ਸਿੰਘ ਜਟਾਣਾ
Publish Date: Sun, 08 Mar 2026 05:47 PM (IST)
Updated Date: Mon, 09 Mar 2026 04:06 AM (IST)

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਉੱਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਔਰਤਾਂ ਨਾਲ ਕੀਤੇ ਵਾਅਦੇ ਅਜੇ ਤਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਮਹੀਨੇ ਔਰਤਾਂ ਨੂੰ ਆਰਥਿਕ ਮਦਦ ਦੇਣ ਦਾ ਵੱਡਾ ਐਲਾਨ ਕੀਤਾ ਗਿਆ ਸੀ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਔਰਤਾਂ ਨੂੰ ਇਸ ਯੋਜਨਾ ਦਾ ਕੋਈ ਲਾਭ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਅਤੇ ਐਸਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੇਣ ਦੀ ਗੱਲ ਕੀਤੀ ਜਾ ਰਹੀ ਹੈ, ਜੋ ਚੋਣਾਂ ਵੇਲੇ ਕੀਤੇ ਵਾਅਦਿਆਂ ਦੇ ਮੁਕਾਬਲੇ ਕਾਫ਼ੀ ਘੱਟ ਹੈ। ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਜੇ ਸਰਕਾਰ ਸੱਚਮੁੱਚ ਔਰਤਾਂ ਦੀ ਭਲਾਈ ਲਈ ਗੰਭੀਰ ਹੈ ਤਾਂ ਪਿਛਲੇ ਚਾਰ ਸਾਲਾਂ ਦਾ ਬਣਦਾ ਲਗਭਗ 48 ਹਜ਼ਾਰ ਰੁਪਏ ਬਕਾਇਆ ਤੁਰੰਤ ਅਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਮੌਜੂਦਾ ਸਰਕਾਰ ਨੂੰ ਚੁਣਿਆ ਸੀ, ਪਰ ਅੱਜ ਆਮ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਇਮਾਨਦਾਰੀ ਨਾਲ ਪੂਰਾ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਲੋਕ ਆਪਣਾ ਫੈਸਲਾ ਸੁਣਾ ਦੇਣਗੇ।